World News
Published: 04 Apr 2026
ਰਹਿਮ ਦੀ ਅਪੀਲ ਬਾਰੇ ਰਾਜੋਆਣਾ ਦੀਆਂ ਭਾਵਨਾਵਾਂ ਜਾਇਜ਼: ਗੜਗੱਜ
ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਜੇਲ੍ਹ ’ਚੋਂ ਅਕਾਲ ਤਖ਼ਤ ਨੂੰ ਪੱਤਰ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਬਾਰੇ ਕਿਹਾ ਗਿਆ ਹੈ ਜਿਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਥੇਦਾਰ ਗੜਗੱਜ ਸਮਰਾਲਾ ਵਿੱਚ ਗੁਰੂ ਮਾਨਿਓ ਚੇਤਨਾ ਸਮਾਗਮ ਤਹਿਤ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਕਰਵਾਏ ਗਏ ਸਮਾਗਮ ’ਚ ਪੁੱਜੇ ਸਨ। ਜਥੇਦਾਰ ਗੜਗੱਜ ਨੇ ਕਿਹਾ ਕਿ 2019 ਵਿਚ ਜਦੋਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਸੀ ਤਾਂ ਉਸ ਸਮੇਂ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲੀ ਜਾਵੇਗੀ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਗੱਲ ਵੀ ਚੱਲੀ ਸੀ। ਉਨ੍ਹਾਂ ਕਿਹਾ ਕਿ ਅੱਜ 7 ਸਾਲ ਹੋ ਗਏ ਪਰ ਵਾਅਦੇ ਵਫ਼ਾ ਨਹੀਂ ਹੋਏ। ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਜੋ ਲਿਖਿਆ ਹੈ, ਉਸ ਉਤੇ ਉਹ ਗੌਰ ਕਰਨਗੇ। ਧਰਮ ਪਰਿਵਰਤਨ ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਸੱਚਾ ਸਿੱਖ ਕਦੇ ਵੀ ਆਪਣਾ ਧਰਮ ਨਹੀਂ ਬਦਲਦਾ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਅਕਾਲ ਤਖਤ ਦੇ ਜਥੇਦਾਰ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਦੋਹਰਾ ਮਾਪਦੰਡ ਹੈ ਕਿ ਇੱਕ ਪਾਸੇ ਤਾਂ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ ਜਦਕਿ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਮੇਂ ਦੀ ਜ਼ਰੂਰਤ ਹੈ ਕਿ ਸਿੱਖੀ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਇਸ ਮੌਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਵੱਲੋਂ ਸਮਰਾਲਾ ਪਹੁੰਚਣ ’ਤੇ ਜਥੇਦਾਰ ਗੜਗੱਜ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਪਵਾਤ, ਜਥੇਦਾਰ ਜਸਮੇਲ ਸਿੰਘ ਬੌਂਦਲੀ ਵੀ ਮੌਜੂਦ ਸਨ।
← Back to News