World News
Published: 11 May 2026
AAP ਵੱਲੋਂ BJP ਦਫ਼ਤਰਾਂ ਅੱਗੇ ਮੁਜ਼ਾਹਰੇ
ਆਮ ਆਦਮੀ ਪਾਰਟੀ (ਆਪ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਐੱਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਪੰਜਾਬ ਵਿੱਚ ਭਾਜਪਾ ਵਿਰੁੱਧ ਮੋਰਚਾ ਖੋਲ੍ਹ ਦਿੱਤਾ। ‘ਆਪ’ ਵਰਕਰਾਂ ਨੇ ਸੂਬੇ ਭਰ ਵਿੱਚ ਭਾਜਪਾ ਦੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਦਾ ਘਿਰਾਓ ਕੀਤਾ। ਉਨ੍ਹਾਂ ਭਾਜਪਾ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ’ਤੇ ਚੋਣਾਂ ਤੋਂ ਪਹਿਲਾਂ ਈ ਡੀ ਅਤੇ ਸੀ ਬੀ ਆਈ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ। ਦੂਜੇ ਪਾਸੇ ਪੰਜਾਬ ਵਿੱਚ ਕਈ ਥਾਵਾਂ ’ਤੇ ਭਾਜਪਾ ਵਰਕਰਾਂ ਨੇ ‘ਆਪ’ ਦੇ ਮੁਜ਼ਾਹਰਿਆਂ ਦਾ ਵਿਰੋਧ ਕੀਤਾ, ਜਿਸ ਕਰ ਕੇ ਸੂਬੇ ਵਿੱਚ ਤਿੰਨ ਥਾਵਾਂ ’ਤੇ ਦੋਵਾਂ ਧਿਰਾਂ ਵਿਚਾਲੇ ਟਕਰਾਅ ਵਾਲਾ ਮਾਹੌਲ ਬਣ ਗਿਆ। ਪੁਲੀਸ ਨੇ ਉਕਤ ਥਾਵਾਂ ’ਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੀ ਅਗਵਾਈ ਹੇਠ ਬਲਾਚੌਰ ਵਿੱਚ ਵੱਡੀ ਗਿਣਤੀ ‘ਆਪ’ ਵਰਕਰ ਭਾਜਪਾ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕਰ ਰਹੇ ਸਨ। ਇਸ ਦੌਰਾਨ ਡਾ. ਸੁੱਖੀ ਅਤੇ ਹੋਰ ‘ਆਪ’ ਆਗੂ ਭਾਜਪਾ ਦਫ਼ਤਰ ਵਿੱਚ ਦਾਖ਼ਲ ਹੋ ਗਏ, ਜਿਸ ਕਾਰਨ ਟਕਰਾਅ ਵਾਲਾ ਮਾਹੌਲ ਬਣ ਗਿਆ। ਇਸੇ ਤਰ੍ਹਾਂ ਬਠਿੰਡਾ ਅਤੇ ਲੁਧਿਆਣਾ ਵਿੱਚ ‘ਆਪ’ ਵਰਕਰਾਂ ਵੱਲੋਂ ਭਾਜਪਾ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਦਾ ਭਾਜਪਾ ਵਰਕਰਾਂ ਨੇ ਵਿਰੋਧ ਕੀਤਾ। ਇਸ ਦੌਰਾਨ ਦੋਵਾਂ ਥਾਵਾਂ ’ਤੇ ‘ਆਪ’ ਤੇ ਭਾਜਪਾ ਵਰਕਰ ਆਹਮੋ-ਸਾਹਮਣੇ ਖੜ੍ਹੇ ਦਿਖਾਈ ਦਿੱਤੇ, ਜਿਸ ਕਰ ਕੇ ਟਕਰਾਅ ਵਾਲਾ ਮਾਹੌਲ ਬਣ ਗਿਆ। ਤਿੰਨਾਂ ਥਾਵਾਂ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਵੱਖ-ਵੱਖ ਕਰ ਕੇ ਮਾਮਲਾ ਸ਼ਾਂਤ ਕਰਵਾਇਆ। ‘ਆਪ’ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਵੱਲੋਂ ਹਮੇਸ਼ਾ ਚੋਣਾਂ ਤੋਂ ਪਹਿਲਾਂ ਸੂਬਿਆਂ ਵਿੱਚ ਈ ਡੀ, ਸੀ ਬੀ ਆਈ ਅਤੇ ਆਮਦਨ ਕਰ ਵਿਭਾਗ ਨੂੰ ਸਿਆਸੀ ਹਥਿਆਰ ਵਜੋਂ ਵਰਤਿਆ ਜਾਂਦਾ ਹੈ। ਭਾਜਪਾ ਨੇ ਪਹਿਲਾਂ ਬੰਗਾਲ ਨੂੰ ਨਿਸ਼ਾਨਾ ਬਣਾਇਆ ਅਤੇ ਹੁਣ ਪੰਜਾਬ ’ਚ ਹਮਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਨੂੰ ਡਰਾ-ਧਮਕਾ ਕੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਕਿਉਂਕਿ ਉਹ ਉਨ੍ਹਾਂ ਨੂੰ ਸਿਆਸੀ ਤੌਰ ’ਤੇ ਹਰਾ ਨਹੀਂ ਸਕੀ। ਪੰਜਾਬ ਦੇ ਲੋਕ ਬਦਲਾਖ਼ੋਰੀ ਦੀ ਰਾਜਨੀਤੀ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਨੂੰ ਦੇਖ ਰਹੇ ਹਨ। ਪਟਿਆਲਾ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਰਾਜਨੀਤੀ ਧਮਕੀਆਂ, ਛਾਪਿਆਂ ਅਤੇ ਜ਼ਬਰਦਸਤੀ ਦੇ ਦੁਆਲੇ ਘੁੰਮਦੀ ਹੈ। ਜਦੋਂ ‘ਆਪ’ ਨੇ ਕੇਂਦਰ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੇ ਪਹਿਲਾਂ ਪੰਜਾਬ ਦੇ ਰਾਜ ਸਭਾ ਮੈਂਬਰਾਂ ’ਤੇ ਦਬਾਅ ਪਾਇਆ ਅਤੇ ਬਾਅਦ ਵਿੱਚ ਕੈਬਨਿਟ ਮੰਤਰੀਆਂ ਨੂੰ ਨਿਸ਼ਾਨਾ ਬਣਾਇਆ। ਪੰਜਾਬ ਨੂੰ ਈ ਡੀ, ਸੀ ਬੀ ਆਈ ਅਤੇ ਇਨਕਮ ਟੈਕਸ ਦੇ ਛਾਪਿਆਂ ਰਾਹੀਂ ਡਰਾਇਆ ਜਾ ਰਿਹਾ ਹੈ, ਪਰ ਪੰਜਾਬੀਆਂ ਵੱਲੋਂ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਵਿਰੁੱਧ ਛਾਪੇਮਾਰੀ ਕਿਉਂ ਬੰਦ ਹੋ ਗਈ? ਇਹ ਭਾਜਪਾ ਦਾ ਅਸਲੀ ਚਿਹਰਾ ਨੰਗਾ ਕਰਦਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਬਦਲਾਖ਼ੋਰੀ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਡਰਾਉਣ-ਧਮਕਾਉਣ ਅਤੇ ਬਦਲਾਖ਼ੋਰੀ ਦੀ ਰਾਜਨੀਤੀ ਰਾਹੀਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਨਾਕਾਮ ਹੋਣਗੀਆਂ।
← Back to News