World News
Published: 01 Jun 2026
ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕਰਦੇ ਮੁਲਾਜ਼ਮਾਂ ’ਤੇ ਪਾਣੀ ਦੀਆਂ ਬੁਛਾੜਾਂ
ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਦੀ ਮੰਗ ਲਈ ਅੱਜ ਮੁਹਾਲੀ ਵਿੱਚ ਰੈਲੀ ਕੀਤੀ ਗਈ। ਫੇਜ਼ ਅੱਠ ਦੇ ਗੁਰਦੁਆਰਾ ਅੰਬ ਸਾਹਿਬ ਨੇੜੇ ਰੈਲੀ ਕਰਦਿਆਂ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ। ਇਸ ਮਗਰੋਂ ਜਦੋਂ ਮੁਲਾਜ਼ਮ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਚੰਡੀਗੜ੍ਹ ਕੂਚ ਕਰਨ ਲੱਗੇ ਤਾਂ ਉਨ੍ਹਾਂ ’ਤੇ ਚੰਡੀਗੜ੍ਹ ਪੁਲੀਸ ਨੇ ਵਾਟਰ ਕੈਨਨ ਦੀ ਵਰਤੋਂ ਕਰਦਿਆਂ ਪਾਣੀ ਦੀਆਂ ਬੁਛਾੜਾਂ ਮਾਰੀਆਂ, ਜਿਸ ਨਾਲ ਅਨੇਕਾਂ ਮੁਲਾਜ਼ਮ ਫੱਟੜ ਹੋ ਗਏ ਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਕਈ ਮੁਲਾਜ਼ਮਾਂ ਦੀਆਂ ਦਸਤਾਰਾਂ ਲੱਥ ਗਈਆਂ, ਕਈਆਂ ਦੇ ਮੋਬਾਈਲ ਅਤੇ ਹੋਰ ਵਸਤਾਂ ਵੀ ਖਰਾਬ ਹੋ ਗਈਆਂ। ਇਸ ਮੌਕੇ ਪੁਲੀਸ ਅਤੇ ਮੁਲਾਜ਼ਮਾਂ ਵਿਚਕਾਰ ਖਿੱਚ-ਧੂਹ ਵੀ ਹੋਈ। ਜਾਣਕਾਰੀ ਅਨੁਸਾਰ ਮੁਲਾਜ਼ਮ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਲਾਗੂ ਕੇਂਦਰੀ ਪੈਟਰਨ ਆਧਾਰਿਤ ਨਵੇਂ ਤਨਖ਼ਾਹ ਸਕੇਲ ਰੱਦ ਕਰਨ, ਕੱਚੇ ਮੁਲਾਜ਼ਮਾਂ ਸਮੇਤ ਐਸੋਸੀਏਟ ਟੀਚਰਜ਼ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਤਹਿਤ ਲਿਆ ਕੇ ਰੈਗੂਲਰ ਕਰਨ, ਸਮਗਰਾ ਤੋਂ ਸਿੱਖਿਆ ਵਿਭਾਗ ’ਚ ਰੈਗੂਲਰ ਕੀਤੇ 1007 ਐੱਸ ਐੱਸ ਏ ਤੇ ਮਿੱਡ ਡੇਅ ਮੀਲ ਮੁਲਾਜ਼ਮਾਂ ਨੂੰ ਵਿੱਤ ਵਿਭਾਗ ਦੇ ਪੱਤਰ ਅਨੁਸਾਰ ਸਾਲ 2018 ਤੋਂ ਸਾਰੇ ਵਿੱਤੀ ਲਾਭ ਦੇਣ, ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕਰ ਰਹੇ ਸਨ। ਇਸ ਤੋਂ ਇਲਾਵਾ ਧਰਨਾਕਾਰੀਆਂ ਨੇ ਮੁਲਾਜ਼ਮਾਂ ਦਾ 18 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ, ਰੀਕਾਸਟ ਲਿਸਟਾਂ ਦੇ ਨਾਂ ਹੇਠ 4161 ਮਾਸਟਰ, 6635 ਈ ਟੀ ਟੀ ਤੇ ਬਾਕੀ ਭਰਤੀਆਂ ਦੇ ਸੈਂਕੜੇ ਅਧਿਆਪਕਾਂ ਨੂੰ ਟਰਮੀਨੇਸ਼ਨ ਦੇ ਨੋਟਿਸ ਰੱਦ ਕਰਨ ਦੀ ਮੰਗ ਕੀਤੀ। ਰੈਲੀ ਨੂੰ ਮੋਰਚੇ ਦੇ ਕਨਵੀਨਰਾਂ ਵਿਕਰਮ ਦੇਵ ਸਿੰਘ, ਗੁਰਦੀਪ ਸਿੰਘ ਬਾਸੀ, ਸ਼ਲਿੰਦਰ ਕੰਬੋਜ, ਸੰਦੀਪ ਗਿੱਲ, ਅਤਿੰਦਰਪਾਲ ਸਿੰਘ ਘੱਗਾ, ਕੁਲਦੀਪ ਸਿੰਘ ਸੰਗਰੂਰ, ਬਲਕੌਰ ਸਿੰਘ ਮਾਨ, ਸੁਰਿੰਦਰਪਾਲ ਸੋਨੀ, ਬਲਿਹਾਰ ਸਿੰਘ ਬੱਲੀ, ਦੀਪਕ ਧਾਲੀਵਾਲ, ਮਹਿੰਦਰ ਕੌੜਿਆਂਵਾਲੀ, ਇੰਦਰ ਸੁਖਦੀਪ ਸਿੰਘ, ਗੁਰਜੰਟ ਸਿੰਘ ਹਰਿਆਊ, ਰਾਜਿੰਦਰ ਸਿੰਘ ਸੰਧਾ, ਕੁਲਦੀਪ ਖੋਖਰ, ਬੱਗਾ ਖੁਡਾਲ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ ਫ਼ਰੀਦਕੋਟ ਆਦਿ ਆਗੂਆਂ ਨੇ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਨੂੰ ਮੁਲਾਜ਼ਮ ਵ ਿਰੋਧੀ ਦੱਸਦਿਆਂ ਸਵਾ ਚਾਰ ਸਾਲ ਵਿਚ ਇੱਕ ਵੀ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਲਾਇਆ। ਕਾਬਿਲੇਗੌਰ ਹੈ ਕਿ ਚੰਡੀਗੜ੍ਹ ਪੁਲੀਸ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਮੁਲਾਜ਼ਮਾਂ ਨੂੰ ਰਾਹ ’ਚ ਬੈਰੀਕੇਡ ਲਾ ਕੇ ਰੋਕਣ ’ਤੇ ਧਰਨਾਕਾਰੀਆਂ ਨੇ ਛੇਤੀ ਹੀ ਅਗਲਾ ਪ੍ਰੋਗਰਾਮ ਵਿੱਢਣ ਦਾ ਐਲਾਨ ਕੀਤਾ ਹੈ।
← Back to News