World News
Published: 03 Jun 2026
ਅਧਿਆਪਕ ਕਤਲ ਮਾਮਲੇ ’ਚ ਪੁਲੀਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ: ਜਥੇਦਾਰ
ਜੰਡਿਆਲਾ ਗੁਰੂ ਇਲਾਕੇ ਵਿੱਚ ਤਲਵੰਡੀ ਮਾਣਕ ਪਿੰਡ ਦੇ ਵਾਸੀ ਅਧਿਆਪਕ ਜਗਦੀਪ ਸਿੰਘ ਦੇ ਦਿਨ ਦਿਹਾੜੇ ਕਤਲ ਦੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿੰਦਾ ਕੀਤੀ ਤੇ ਆਖਿਆ ਕਿ ਪੰਜਾਬ ਪੁਲੀਸ ਬਿਨਾਂ ਦੇਰ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਜਗਦੀਪ ਸਿੰਘ ਹੋਣਹਾਰ ਗੁਰਸਿੱਖ ਸੀ, ਜੋ ਸਰਕਾਰੀ ਸਕੂਲ ਵਿੱਚ ਅਧਿਆਪਕ ਦੀਆਂ ਸੇਵਾਵਾਂ ਨਿਭਾਅ ਰਿਹਾ ਸੀ। ਉਹ ਸਕੂਲ ਵਿੱਚ ਉਨ੍ਹਾਂ ਦੇ ਨਾਲ ਪੜ੍ਹਦਾ ਰਿਹਾ ਹੈ ਅਤੇ ਉਹ ਬਹੁਤ ਹੀ ਲਿਆਕਤ ਵਾਲੀ ਸਖ਼ਸ਼ੀਅਤ ਸੀ। ਅਜਿਹੇ ਨੌਜਵਾਨਾਂ ਦਾ ਇਸ ਤਰ੍ਹਾਂ ਜਾਣਾ ਪੰਜਾਬ ਅਤੇ ਪੰਥ ਲਈ ਵੱਡਾ ਘਾਟਾ ਹੈ। ਇਹ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਇਸ ਤਰ੍ਹਾਂ ਪੰਜਾਬ ਦੇ ਹੋਣਹਾਰ ਨੌਜਵਾਨ ਸੂਬੇ ਅੰਦਰ ਅਪਰਾਧ ਦਾ ਸ਼ਿਕਾਰ ਹੋ ਰਹੇ ਹਨ। ਪੰਜਾਬ ਪੁਲੀਸ ਬਿਨਾਂ ਦੇਰ ਜਗਦੀਪ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨਾਲ ਇਨਸਾਫ਼ ਕਰੇ। ਇਹ ਜਾਣਕਾਰੀ ਮਿਲ ਰਹੀ ਹੈ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਜਾਂਚ ਵਿੱਚ ਬਹੁਤ ਢਿੱਲਾਪਣ ਵਰਤਿਆ ਜਾ ਰਿਹਾ ਹੈ, ਜਿਸ ਕਰਕੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪੁਲੀਸ ਤੁਰੰਤ ਇਲਾਕੇ ਵਿੱਚ ਵਿਚਰ ਰਹੇ ਅਪਰਾਧਿਕ ਅਨਸਰਾਂ ਨੂੰ ਨੱਥ ਪਾਵੇ ਅਤੇ ਆਮ ਲੋਕਾਂ ਦੀ ਜਾਨ ਮਾਲ ਨੂੰ ਯਕੀਨੀ ਬਣਾਵੇ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
← Back to News