World News
Published: 09 Jun 2026
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਦਾ ਫੈ਼ਸਲਾ
ਬਿਨਾਂ ਕੇਸਾਂ ਦੇ ਸਾਲਾਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਵੱਲੋਂ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਭਲਕੇ ਲਾਡੋਵਾਲ ਟੌਲ ਪਲਾਜ਼ਾ ਪਰਚੀ ਮੁਕਤ ਕਰਨ, 4 ਜੁਲਾਈ ਨੂੰ ਰੇਲ ਆਵਾਜਾਈ ਰੋਕਣ ਅਤੇ 15 ਅਗਸਤ ਨੂੰ ਪੰਜਾਬ ਦੇ ਰਾਜਪਾਲ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅੱਜ ਇੱਥੇ ਕੌਮੀ ਇਨਸਾਫ਼ ਮੋਰਚਾ ਦੀ ਹੋਈ ਮੀਟਿੰਗ ਵਿੱਚ ਕਿਸਾਨਾਂ, ਮਜ਼ਦੂਰਾਂ, ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ, ਬੁੱਧੀਜੀਵੀਆਂ, ਸਮਾਜ ਪ੍ਰਤੀ ਦਰਦ ਰੱਖਣ ਵਾਲੀਆਂ ਸ਼ਖਸੀਅਤਾਂ ਅਤੇ ਸੰਤ ਮਹਾਂਪੁਰਸ਼ ਸ਼ਾਮਲ ਹੋਏ। ਮੀਟਿੰਗ ਉਪਰੰਤ ਮੁੱਖ ਬੁਲਾਰੇ ਗੁਰਦੀਪ ਸਿੰਘ ਬਠਿੰਡਾ, ਕੋ ਕਨਵੀਨਰ ਗੁਰਿੰਦਰ ਸਿੰਘ ਭੰਗੂ ਅਤੇ ਜਥੇਦਾਰ ਜਸਵੰਤ ਸਿੰਘ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਕੌਮੀ ਇਨਸਾਫ਼ ਮੋਰਚਾ ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਿਹਾ ਹੈ ਪਰ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਸਰਕਾਰ ਦੀ ਇਸ ਸਬੰਧੀ ਗੈਰ ਜ਼ਿੰਮੇਵਾਰਾਨਾ ਨੀਤੀ ਨੂੰ ਵੇਖਦਿਆਂ ਮੋਰਚੇ ਵੱਲੋਂ ਹੁਣ ਮੁਹਾਲੀ ਦੀ ਥਾਂ ਪੰਜਾਬ ਭਰ ਵਿੱਚ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੋਰਚਾ ਹੁਣ ਆਰ-ਪਾਰ ਦੀ ਲੜਾਈ ਲਈ ਤਿਆਰ ਹੈ। ਪੰਜਾਬ ਦੇ ਰਾਜਪਾਲ ਦਾ ਘਿਰਾਓ ਕਰਨ ਸਮੇਂ ਵੱਖ ਵੱਖ ਵਰਗਾਂ ਦੇ ਪ੍ਰਤੀਨਿਧਾਂ ਤੋਂ ਇਲਾਵਾ ਹਰਿਆਣਾ, ਦਿੱਲੀ, ਰਾਜਸਥਾਨ ਅਤੇ ਜੰਮੂ ਕਸ਼ਮੀਰ ਦੇ ਸਿੱਖਾਂ ਨੂੰ ਵੀ ਇਸ ਵਿੱਚ ਸ਼ਾਮਲ ਕਰਨ ਲਈ ਯਤਨ ਕੀਤੇ ਜਾਣਗੇ। ਇਸ ਤੋਂ ਇਲਾਵਾ ਸਿੱਖ ਪੰਥ ਦੀਆਂ ਵੱਖ ਵੱਖ ਜਥੇਬੰਦੀਆਂ ਨੂੰ ਵੀ ਇਸ ਮੌਕੇ ਇਕ ਕਰਨ ਦਾ ਕਾਰਜ ਆਰੰਭ ਹੋਵੇਗਾ। ਲੱਖਾਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਜ਼ੁਲਮ ਅਤੇ ਹੰਕਾਰ ਨੂੰ ਤੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਾਰਵਾਈ ਨਾ ਕੀਤੀ ਤਾਂ ਕੌਮੀ ਇਨਸਾਫ਼ ਮੋਰਚਾ ਵੱਲੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਦੌਰਾਨ ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ ਕੋ ਕਨਵੀਨਰ, ਪਾਲ ਸਿੰਘ ਘੜੂੰਆਂ ਕੋ ਸਰਪਰਸਤ, ਡਾ: ਦਰਸ਼ਨ ਪਾਲ, ਹਰਕੀਰਤ ਸਿੰਘ ਰਾਣਾ, ਜਤਿੰਦਰ ਸਿੰਘ ਈਸੜੂ, ਜਸਪਾਲ ਸਿੰਘ ਪ੍ਰਿੰਸ ਅਤੇ ਤਰੁਣ ਬਾਵਾ ਜੈਨ ਸਮੇਤ ਕਈ ਆਗੂ ਹਾਜ਼ਰ ਸਨ।
← Back to News