World News
Published: 18 Jun 2026
ਅਕਾਲ ਤਖ਼ਤ ਵੱਲੋਂ CM ਨੂੰ ‘ਗੁਰੂ ਦੋਖੀ’ ਐਲਾਨਣ ਤੋਂ ਬਾਅਦ ਮਾਨ ਖ਼ਿਲਾਫ਼ ਬੇਅਦਬੀ ਦੇ ਨਵੇਂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਜਾਵੇ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਇਸੇ ਸਾਲ ਮਈ ਵਿੱਚ ਆਮ ਆਦਮੀ ਪਾਰਟੀ (AAP) ਦੀ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਵਿਰੋਧੀ ਨਵੇਂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਜਾਵੇ। ਸੁਖਬੀਰ ਬਾਦਲ ਨੇ ਅੱਜ ਪਾਰਟੀ ਦਫ਼ਤਰ ਵਿਖੇ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਬੁਲਾਈ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਥਿਤ ਬੇਅਦਬੀ ਤੋਂ ਇਲਾਵਾ ਮਾਨ ਨੇ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਚੁਣੌਤੀ ਦੇ ਕੇ ਇੱਕ ਬਹੁਤ ਹੀ ਅਪਮਾਨਜਨਕ ਕੰਮ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ, “ਇਹ ਬਹੁਤ ਗੰਭੀਰ ਮੁੱਦਾ ਹੈ। ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਮੰਨਣ ਲਈ ਪਾਬੰਦ ਹੈ। ਅਸੀਂ ਬਦਲਦੇ ਹਾਲਾਤ 'ਤੇ ਚਰਚਾ ਕਰਨ ਲਈ ਹੰਗਾਮੀ ਮੀਟਿੰਗ ਬੁਲਾਈ ਹੈ। ਜੋ ਕੁਝ ਵਾਪਰਿਆ ਹੈ, ਉਸ ਤੋਂ ਬਾਅਦ ਮਾਨ ਕੋਲ ਮੁੱਖ ਮੰਤਰੀ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਬਚਿਆ। ਮਾਨ 'ਤੇ ਉਨ੍ਹਾਂ ਦੀ ਆਪਣੀ ਹੀ ਸਰਕਾਰ ਵੱਲੋਂ ਬੇਅਦਬੀ ਲਈ ਲਿਆਂਦੇ ਗਏ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।'' ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ “ਗੁਰੂ ਦੋਖੀ” ਅਤੇ “ਪੰਥ ਵਿਰੋਧੀ” ਐਲਾਨੇ ਜਾਣ ਤੋਂ ਬਾਅਦ, ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਵਿਵਾਦਤ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਸੀ। ਮਾਨ ਨੇ ਇੱਕ ਵੀਡੀਓ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਦਾ ਦਿਲੋਂ ਸਤਿਕਾਰ ਕਰਦੇ ਹਨ, ਪਰ ਮੌਜੂਦਾ ਅਹੁਦੇਦਾਰ, ਜੋ ਕਿ ਸਿਆਸੀ ਤੌਰ ’ਤੇ ਨਿਯੁਕਤ ਕੀਤੇ ਗਏ ਹਨ, ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਉਨ੍ਹਾਂ ਖ਼ਿਲਾਫ਼ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ, “ਮੈਨੂੰ ਬਦਨਾਮ ਕਰਨ ਲਈ ਮੇਰੇ ਖ਼ਿਲਾਫ਼ ਇੱਕ ਝੂਠਾ ਬਿਰਤਾਂਤ (False Narrative) ਘੜਿਆ ਜਾ ਰਿਹਾ ਹੈ।”
← Back to News