World News
Published: 19 Jun 2026
ਵਿਵਾਦਤ ਵੀਡੀਓ ਮਾਮਲੇ ’ਤੇ ਸਿਆਸਤ ਭਖ਼ੀ: ਅਕਾਲੀ ਦਲ ਵੱਲੋਂ ਧਰਮ ਯੁੱਧ ਮੋਰਚਾ ਸ਼ੁਰੂ ਕਰਨ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਦੇ ਹੁਕਮਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਅਕਾਲੀ ਦਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ 19 ਜੁਲਾਈ ਤੋਂ ਅਕਾਲ ਤਖ਼ਤ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਸਾਰੀਆਂ ਧਾਰਮਿਕ ਜਥੇਬੰਦੀਆਂ, ਸੰਤ ਸਮਾਜ, ਸਿੱਖ ਬੁੱਧੀਜੀਵੀਆਂ ਅਤੇ ਰਾਜਸੀ ਪਾਰਟੀਆਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਭਗਵੰਤ ਮਾਨ ’ਤੇ ਝੂਠ ਬੋਲਣ ਅਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਦੋਸ਼ ਲਾਉਂਦਿਆਂ ‘ਲਾਈ ਡਿਟੈਕਟਰ ਟੈਸਟ’ ਕਰਵਾਉਣ ਦੀ ਖੁੱਲ੍ਹੀ ਚੁਣੌਤੀ ਦਿੱਤੀ। ਸ੍ਰੀ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ ਪਹਿਲਾਂ 21 ਅਕਤੂਬਰ 2025 ਨੂੰ ਮੁਹਾਲੀ ਵਿੱਚ ਕੇਸ ਦਰਜ ਕਰਵਾਇਆ ਅਤੇ ਫਿਰ ਬੀਤੀ 15 ਜਨਵਰੀ ਨੂੰ ਅਕਾਲ ਤਖ਼ਤ ’ਤੇ ਪੇਸ਼ ਹੋ ਕੇ ਇਸ ਵੀਡੀਓ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਰਾਹੀਂ ਬਣੀ ਫ਼ਰਜ਼ੀ ਵੀਡੀਓ ਦੱਸਿਆ ਸੀ ਪਰ ਜਦੋਂ ਜਥੇਦਾਰ ਸਾਹਿਬ ਦੀ ਜਾਂਚ ਵਿੱਚ ਇਹ ਵੀਡੀਓ ਸਹੀ ਪਾਈ ਗਈ, ਤਾਂ ਹੁਣ ‘ਆਪ’ ਸਰਕਾਰ ਲੈਬਾਰਟਰੀ ਰਿਪੋਰਟ ਦਾ ਬਹਾਨਾ ਬਣਾ ਰਹੀ ਹੈ। ਅਕਾਲੀ ਦਲ ਨੇ ਦੋ ਦਿਨਾਂ ਵਿੱਚ ਜਾਂਚ ਕਰਨ ਵਾਲੀ ਲੈਬਾਰਟਰੀ ਦੀ ਰਿਪੋਰਟ ’ਤੇ ਵੀ ਸਵਾਲ ਖੜ੍ਹੇ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪੰਜ ਮੈਂਬਰੀ ਤਾਲਮੇਲ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਮਹੇਸ਼ ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਤੇ ਅਮਰਜੀਤ ਸਿੰਘ ਚਾਵਲਾ ਨੂੰ ਸ਼ਾਮਲ ਕੀਤਾ ਗਿਆ। ਇਹ ਕਮੇਟੀ ਸਾਂਝੇ ਧਰਮ ਯੁੱਧ ਮੋਰਚੇ ਵਿੱਚ ਸਾਰਿਆਂ ਨੂੰ ਸ਼ਾਮਲ ਹੋਣ ਲਈ ਮੁਲਾਕਾਤ ਕਰੇਗੀ। ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਜਦੋਂ ਤੱਕ ਮੁੱਖ ਮੰਤਰੀ ਨੂੰ ਅਹੁਦੇ ਤੋਂ ਹਟਾਇਆ ਨਹੀਂ ਜਾਂਦਾ, ਉਦੋਂ ਤੱਕ ਪਾਰਟੀ ਦਾ ਕੋਈ ਵੀ ਵਿਧਾਇਕ ਵਿਧਾਨ ਸਭਾ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲਵੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਵੀਡੀਓ ਦੀ ਜਾਂਚ ਸੀ ਬੀ ਆਈ ਤੋਂ ਕਰਵਾਈ ਜਾਵੇ। ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ‘ਆਪ’ ਸਰਕਾਰ ਆਉਣ ਤੋਂ ਬਾਅਦ ਬੇਅਦਬੀ ਦੀਆਂ ਘਟਨਾਵਾਂ ਵਧੀਆਂ ਹਨ।
← Back to News