World News
Published: 02 Jul 2026
ਭਾਰਤ-ਅਮਰੀਕਾ ਵਪਾਰ ਸਮਝੌਤੇ ਖਿਲਾਫ 21 ਜੁਲਾਈ ਨੂੰ ਦਿੱਲੀ ਕਿਸਾਨ ਘਾਟ ਉੱਤੇ ਗਰਜਨਗੇ ਕਿਸਾਨ
ਦੇਸ਼ ਦੀਆਂ ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਲੋਕ ਹਿੱਤ ਵਿੱਚ ਕੰਮ ਕਰਨ ਵਾਲੀ ਜਥੇਬੰਦੀਆਂ ਨੇ ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਖਿਲਾਫ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ ਹੈ। ਅੱਜ ਦੇਸ਼ ਭਰ ਤੋਂ 80 ਦੇ ਕਰੀਬ ਕਿਸਾਨ ਜਥੇਬੰਦੀਆਂ ਅਤੇ ਮੋਰਚਿਆਂ ਨੇ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਮੀਟਿੰਗ ਕੀਤੀ। ਜਿਨ੍ਹਾਂ ਨੇ ਭਾਰਤ ਅਮਰੀਕਾ ਵਪਾਰਕ ਸਮਝੌਤੇ ਅਤੇ ਹੋਰਨਾ ਦੇਸ਼ ਨੂੰ ਬਚਾਉਣ ਲਈ ਆਵਾਜ਼ ਬੁਲੰਦ ਕਰਨ ਲਈ ਦੇਸ਼ ਬਚਾਓ ਮੋਰਚੇ ਦਾ ਗਠਨ ਕੀਤਾ। ਇਸ ਦੇ ਨਾਲ ਹੀ 21 ਜੁਲਾਈ ਨੂੰ ਦਿੱਲੀ ਸਥਿਤ ਕਿਸਾਨ ਘਾਟ ਉੱਤੇ ਰੋਸ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ। ਦੇਸ਼ ਬਚਾਓ ਮੋਰਚਾ ਦੇ ਆਗੂ ਗੁਰਨਾਮ ਸਿੰਘ ਚੜੂਨੀ, ਸਰਵਣ ਸਿੰਘ ਪੰਧੇਰ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ 21 ਜੁਲਾਈ ਤੋਂ ਸੰਸਦ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ, ਇਸੇ ਦੇ ਮੱਦੇ ਨਜ਼ਰ 21 ਜੁਲਾਈ ਨੂੰ ਦਿੱਲੀ ਵਿਖੇ ਕਿਸਾਨਾਂ ਵੱਲੋਂ ਆਵਾਜ਼ ਬੁਲੰਦ ਕੀਤੀ ਜਾਵੇਗੀ। ਮੋਰਚਾ ਦੇ ਆਗੂਆਂ ਨੇ ਕਿਹਾ ਕਿ 15 ਜੁਲਾਈ ਨੂੰ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਉੱਤੇ ਮੋਟਰਸਾਈਕਲ ਮਾਰਚ ਕੱਢੇ ਜਾਣਗੇ ਅਤੇ ਕਿਸਾਨਾਂ ਮਜ਼ਦੂਰਾਂ ਸਣੇ ਲੋਕ ਹਿੱਤ ਦੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਸੌਂਪੇ ਜਾਣਗੇ। ਮੋਰਚਾ ਦੇ ਆਗੂਆਂ ਨੇ ਮੰਗ ਕੀਤੀ ਕਿ ਭਾਰਤ ਅਮਰੀਕਾ ਵਪਾਰਕ ਸਮਝੌਤੇ ਰੱਦ ਕੀਤੇ ਜਾਣ। ਕਿਸਾਨਾਂ ਨੂੰ ਸਾਰੀਆਂ ਫਸਲਾਂ ਉੱਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ। ਕਿਸਾਨਾਂ ਦੀ ਕਰਜ਼ਾ ਮੁਆਫੀ ਕੀਤੀ ਜਾਵੇ। ਇਸ ਤੋਂ ਇਲਾਵਾ ਹੋਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ।
← Back to News