ਅਕਾਲ ਤਖ਼ਤ ਨਾਲ ਟਕਰਾਅ ਖ਼ਤਮ ਕਰਨ ਲਈ ਮੁੱਖ ਮੰਤਰੀ ਪਹਿਲ ਕਰਨ: ਹਰਪ੍ਰੀਤ ਸਿੰਘ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵਿਵਾਦਤ ਵੀਡੀਓ ਮਾਮਲੇ ਵਿੱਚ ਅਕਾਲ ਤਖ਼ਤ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਟਕਰਾਅ ਬਾਰੇ ਆਖਿਆ ਕਿ ਇਸ ਟਕਰਾਅ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਨੂੰ ਪਹਿਲ ਕਰਨੀ ਚਾਹੀਦੀ ਹੈ। ਅੱਜ ਇੱਥੇ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਮੁਖੀ ਨੂੰ ਆਦੇਸ਼ ਦਿੱਤੇ ਹਨ ਕਿ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਹੈ ਕਿ ਅਨੁਸ਼ਾਸਨ ਭੰਗ ਕਰਨ ਵਾਲਿਆਂ ਖ਼ਿਲਾਫ਼ ਅਨੁਸ਼ਾਸਨੀ ਕਮੇਟੀ ਸਖ਼ਤੀ ਨਾਲ ਫ਼ੈਸਲਾ ਲਵੇ। ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਓ ਟੀ ਟੀ ਪਲੇਟਫਾਰਮ ’ਤੇ ਰਿਲੀਜ਼ ਕਰਨ ਤੋਂ ਇੱਕ ਦਿਨ ਬਾਅਦ ਹਟਾਏ ਜਾਣ ਦਾ ਨਿਖੇਧੀ ਮਤਾ ਵੀ ਪਾਸ ਕੀਤਾ ਗਿਆ। ਜਥੇਬੰਦੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਫ਼ਿਲਮ ਨੂੰ ਬਿਨਾਂ ਸੈਂਸਰ ਤੋਂ ਤੁਰੰਤ ਸਿਨੇਮਾ ਘਰਾਂ ਵਿੱਚ ਰਿਲੀਜ਼ ਕੀਤਾ ਜਾਵੇ। ਮੀਟਿੰਗ ਵਿੱਚ ਪਾਰਟੀ ਦੀਆਂ ਹਲਕਾਵਾਰ ਮੀਟਿੰਗਾਂ ਜਲਦੀ ਸ਼ੁਰੂ ਕਰਨ ਬਾਰੇ ਵੀ ਫ਼ੈਸਲਾ ਕੀਤਾ ਗਿਆ, ਜਿਸ ਦੀਆਂ ਤਰੀਕਾਂ ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾਵੇਗਾ। ਜਲਦੀ ਹੀ ਪਾਰਟੀ ਵੱਲੋਂ ਇੱਕ ਮੈਨੀਫੈਸਟੋ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਤੇਜਾ ਸਿੰਘ ਸਮੁੰਦਰੀ ਦੀ ਸ਼ਤਾਬਦੀ ਬਰਸੀ 17 ਜੁਲਾਈ ਨੂੰ ਵੱਡੇ ਪੱਧਰ ’ਤੇ ਮਸਤੂਆਣਾ ਸਾਹਿਬ ਵਿੱਚ ਮਨਾਈ ਜਾਵੇਗੀ। ਸਾਬਕਾ ਜਥੇਦਾਰ ਨੇ ਕਿਹਾ ਕਿ ਉਹ ਪੰਥਕ ਏਕਤਾ ਦੇ ਪੁਰਜ਼ੋਰ ਹਾਮੀ ਹਨ, ਜਿਸ ਲਈ ਇੱਕ ਤਾਲਮੇਲ ਕਮੇਟੀ ਵੀ ਬਣਾਈ ਗਈ ਹੈ। ਮੀਟਿੰਗ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਅਜੈਪਾਲ ਸਿੰਘ ਮੀਰਾਂਕੋਟ, ਜਸਵੰਤ ਸਿੰਘ ਪੁੜੈਣ, ਭੁਪਿੰਦਰ ਸਿੰਘ ਸ਼ੇਖੂਪੁਰ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸਿਮਰਜੀਤ ਕੌਰ ਸਿੱਧੂ, ਮਲਕੀਤ ਸਿੰਘ ਚੰਗਾਲ, ਰਾਮਪਾਲ ਸਿੰਘ ਬਹਿਣੀਵਾਲ, ਮਨਜੀਤ ਸਿੰਘ ਬੱਪੀਆਣਾ, ਮਲਕੀਤ ਸਿੰਘ ਸਮਾਓਂ, ਬਾਬਾ ਹਰਦੀਪ ਸਿੰਘ, ਪਰਮਪਾਲ ਸਿੰਘ ਸਭਰਾਅ, ਬੇਅੰਤ ਸਿੰਘ, ਜਰਨੈਲ ਸਿੰਘ ਗੜ੍ਹਦੀਵਾਲਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ, ਵਰਕਿੰਗ ਕਮੇਟੀ ਮੈਂਬਰ ਅਤੇ ਤਜਿੰਦਰ ਸਿੰਘ ਪੰਨੂ ਤੇ ਜਗਜੀਤ ਸਿੰਘ ਕੋਹਲੀ ਹਾਜ਼ਰ ਸਨ।
← Back to News