ਸਿੱਖਾਂ 'ਤੇ ਹੋਏ ਸਰਕਾਰੀ ਅਤਿਆਚਾਰ ਦੀ ਸਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਵੱਡਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਅਤੇ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਵਧੀਕੀਆਂ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿੱਚ 'ਜੀ ਨੈਟਵਰਕ' (Zee Network) ਤੋਂ ਹਟਾਏ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਪੁਲੀਸ ਨੇ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਨੂੰ ਅੰਨ੍ਹੇ ਤਸੀਹੇ ਦੇ ਕੇ ਸ਼ਹੀਦ ਕੀਤਾ ਅਤੇ ਬਾਅਦ ਵਿੱਚ ਲਾਵਾਰਸ ਕਹਿ ਕੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਸਾੜ ਦਿੱਤਾ। ਭਾਈ ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ ਉਸ ਦਰਦਨਾਕ ਦੌਰ ਦੀ ਸੱਚਾਈ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੱਤਾ ਸੀ। ਉਨ੍ਹਾਂ ਵੱਲੋਂ ਕੀਤੇ ਗਏ ਯਤਨਾਂ ਸਦਕਾ ਹੀ ਉਨ੍ਹਾਂ ਹਜ਼ਾਰਾਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ ਸੀ, ਜਿਨ੍ਹਾਂ ਦੇ ਨੌਜਵਾਨ ਪੁੱਤਰਾਂ ਨੂੰ ਜ਼ਬਰਦਸਤੀ ਲਾਪਤਾ ਕਰ ਦਿੱਤਾ ਗਿਆ ਸੀ। ਪਰ ਦੁਖਦਾਈ ਪਹਿਲੂ ਇਹ ਹੈ ਕਿ ਲੋਕਾਂ ਦੀ ਉਮੀਦ ਬਣੇ ਭਾਈ ਖਾਲੜਾ ਨੂੰ ਵੀ ਪੁਲੀਸ ਨੇ ਸ਼ਹੀਦ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਭਾਈ ਖਾਲੜਾ ਦੇ ਜੀਵਨ 'ਤੇ ਬਣੀ ਇਸ ਫ਼ਿਲਮ ਵਿੱਚ ਇਤਿਹਾਸ ਦੇ ਤੱਥਾਂ, ਮਨੁੱਖੀ ਅਧਿਕਾਰਾਂ ਅਤੇ ਸਮਾਜਿਕ ਸੱਚਾਈ ਨੂੰ ਬਹੁਤ ਇਮਾਨਦਾਰੀ ਨਾਲ ਸਾਹਮਣੇ ਲਿਆਂਦਾ ਗਿਆ ਹੈ। ਅਜਿਹੀ ਫ਼ਿਲਮ ਨੂੰ ਰੋਕਣ ਦੀ ਬਜਾਏ ਖੁੱਲ੍ਹੇ ਮਨ ਨਾਲ ਦੇਖਿਆ ਅਤੇ ਇਸ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਫ਼ ਕਿਹਾ ਕਿ ਸਿੱਖਾਂ 'ਤੇ ਹੋਏ ਸਰਕਾਰੀ ਅਤਿਆਚਾਰ ਨੂੰ ਲੁਕਾਉਣ ਦੀਆਂ ਕੋਸ਼ਿਸ਼ਾਂ ਕਦੇ ਵੀ ਕਾਮਯਾਬ ਨਹੀਂ ਹੋ ਸਕਦੀਆਂ। ਜਿਨ੍ਹਾਂ ਨੌਜਵਾਨਾਂ ਨੂੰ ਸ਼ਹੀਦ ਕਰਨ ਮਗਰੋਂ ਲਾਵਾਰਸ ਕਹਿ ਕੇ ਸਾੜ ਦਿੱਤਾ ਗਿਆ ਸੀ, ਉਨ੍ਹਾਂ ਕੇਸਾਂ ਵਿੱਚ ਅੱਜ ਮਾਨਯੋਗ ਅਦਾਲਤਾਂ ਵੱਲੋਂ ਉਸ ਵੇਲੇ ਦੇ ਦੋਸ਼ੀ ਪੁਲੀਸ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ। ਅਦਾਲਤਾਂ ਦੇ ਇਨ੍ਹਾਂ ਇਤਿਹਾਸਕ ਫੈਸਲਿਆਂ ਤੋਂ ਕੋਈ ਕਿਵੇਂ ਮੂੰਹ ਮੋੜ ਸਕਦਾ ਹੈ ? ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਾ ਤਾਂ ਇਤਿਹਾਸ ਦੇ ਇਨ੍ਹਾਂ ਪੰਨਿਆਂ ਨੂੰ ਮਿਟਾਇਆ ਜਾ ਸਕਦਾ ਹੈ ਅਤੇ ਨਾ ਹੀ ਕਿਸੇ ਪਾਬੰਦੀ ਰਾਹੀਂ ਸੱਚ ਨੂੰ ਦਬਾਇਆ ਜਾ ਸਕਦਾ ਹੈ। ਪੰਜਾਬ ਸਮੇਤ ਦੁਨੀਆ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਆਪਣੇ ਇਤਿਹਾਸ ਨੂੰ ਜਾਣਨ, ਸਮਝਣ ਅਤੇ ਉਸ ਤੋਂ ਸਿੱਖਣ ਦਾ ਪੂਰਾ ਹੱਕ ਹੈ। ਲੋਕਤੰਤਰ ਵਿੱਚ ਵੱਖ-ਵੱਖ ਵਿਚਾਰਾਂ ਅਤੇ ਇਤਿਹਾਸਕ ਸੱਚਾਈ ਨੂੰ ਸਾਹਮਣੇ ਰੱਖਣ ਵਾਲੀਆਂ ਰਚਨਾਵਾਂ (ਫ਼ਿਲਮਾਂ) 'ਤੇ ਰੋਕ ਲਗਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਇਹ ਕਦਮ ਸੱਚਾਈ ਦੀ ਆਵਾਜ਼ ਨੂੰ ਚੁੱਪ ਕਰਵਾਉਣ ਦੀ ਇੱਕ ਘਿਨਾਉਣੀ ਹਰਕਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਰਕਾਰ ਅਤੇ ਸਬੰਧਿਤ ਅਦਾਰੇ ਤੋਂ ਮੰਗ ਕੀਤੀ ਹੈ ਕਿ ਫ਼ਿਲਮ 'ਸਤਲੁਜ' 'ਤੇ ਲਗਾਈ ਗਈ ਹਰ ਕਿਸਮ ਦੀ ਰੋਕ ਨੂੰ ਤੁਰੰਤ ਹਟਾਇਆ ਜਾਵੇ, ਤਾਂ ਜੋ ਆਮ ਲੋਕ ਖੁਦ ਇਤਿਹਾਸ ਦੇ ਇਸ ਮਹੱਤਵਪੂਰਨ ਅਧਿਆਇ ਨੂੰ ਦੇਖ ਅਤੇ ਸਮਝ ਸਕਣ।

← Back to News