World News
Published: 10 Jul 2026
ਕਾਲੇ ਦੌਰ ਦੀਆਂ ਘਟਨਾਵਾਂ ਦੀ ਜਾਂਚ ਲਈ ਕਮਿਸ਼ਨ ਬਣੇ: ਹਰਪ੍ਰੀਤ ਸਿੰਘ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਕਾਲੇ ਦੌਰ ਦੌਰਾਨ ਵਾਪਰੀਆਂ ਘਟਨਾਵਾਂ ਦੀ ਸੱਚਾਈ ਨੂੰ ਸਾਹਮਣੇ ਲਿਆਉਣ ਲਈ ਟਰੁੱਥ ਕਮਿਸ਼ਨ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਵੱਲੋਂ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੂੰ ਇੱਕ ਪੱਤਰ ਵੀ ਭੇਜਿਆ ਜਾ ਰਿਹਾ। ਇਹ ਖੁਲਾਸਾ ਉਨ੍ਹਾਂ ਇੱਕ ਵੀਡੀਓ ਬਿਆਨ ਰਾਹੀਂ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜੇਕਰ ਕੇਂਦਰ ਸਰਕਾਰ ਸਿੱਖ ਮਾਮਲਿਆਂ ਬਾਰੇ ਸੁਹਿਰਦ ਹੈ ਤਾਂ ਉਸ ਨੂੰ ਇਹ ਟਰੁੱਥ ਕਮਿਸ਼ਨ ਬਣਾ ਕੇ ਸੱਚਾਈ ਸਭ ਦੇ ਸਾਹਮਣੇ ਲਿਆਉਣੀ ਚਾਹੀਦੀ ਹੈ। ਇਸ ਸਬੰਧ ਵਿੱਚ ਉਹ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਵੀ ਭੇਜ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਟਰੁੱਥ ਕਮਿਸ਼ਨ ਸੂਬੇ ਦੀ ‘ਆਪ’ ਸਰਕਾਰ ਵੀ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ 1997 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲੋਕਾਂ ਨਾਲ ਇਹ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਕਿ ਪੰਜਾਬ ਵਿੱਚ ਸਿੱਖਾਂ ਨਾਲ ਹੋਈਆਂ ਵਧੀਕੀਆਂ ਦੇ ਮਾਮਲੇ ਵਿੱਚ ਟਰੁੱਥ ਕਮਿਸ਼ਨ ਬਣਾਇਆ ਜਾਵੇਗਾ ਪਰ ਅਜਿਹਾ ਕੁਝ ਵੀ ਨਹੀਂ ਹੋਇਆ ਸਗੋਂ ਵਧੀਕੀਆਂ ਕਰਨ ਵਾਲੇ ਪੁਲੀਸ ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਗਈਆਂ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿੱਚ ਦੋਹਰਾ ਸੰਵਿਧਾਨ ਹੈ, ਘੱਟ ਗਿਣਤੀਆਂ ਵਾਸਤੇ ਕੁਝ ਹੋਰ ਅਤੇ ਬਹੁਗਿਣਤੀ ਵਾਸਤੇ ਕੁਝ ਹੋਰ। ਉਨ੍ਹਾਂ ਆਖਿਆ ਕਿ ਫਿਲਮ ਸਤਲੁਜ ’ਤੇ ਰੋਕ ਲਾਉਣਾ ਕਿਸੇ ਵੀ ਤਰ੍ਹਾਂ ਉਚਿਤ ਨਹੀਂ ਹੈ।
← Back to News