ਸਤਲੁਜ ’ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ: ਧਾਮੀ

ਮਨੁੱਖੀ ਹੱਕਾਂ ਬਾਰੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਸਤਲੁਜ’ ਬਾਰੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਬਿਆਨਬਾਜ਼ੀ ’ਤੇ ਪ੍ਰਤੀਕਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਕਿਹਾ ਕਿ ਇਹ ਫਿਲਮ ਜਸਵੰਤ ਸਿੰਘ ਖਾਲੜਾ ਦੇ ਪਰਿਵਾਰ ਦੀ ਸਹਿਮਤੀ ਨਾਲ ਬਣੀ ਹੈ ਤੇ ਇਸ ਲਈ ਕਿਸੇ ਨੂੰ ਵੀ ਇਸ ’ਤੇ ਇਤਰਾਜ਼ ਨਹੀਂ ਹੋਣਾ ਚਾਹੀਦਾ। ਧਾਮੀ ਤਖ਼ਤ ਦਮਦਮਾ ਸਾਹਿਬ ਵਿੱਚ ਪ੍ਰਚਾਰਕਾਂ ਦੀ ਇਕੱਤਰਤਾ ’ਚ ਸ਼ਾਮਲ ਹੋਣ ਪੁੱਜੇ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਫਿਲਮ ਬਾਰੇ ਬੇਲੋੜਾ ਵਿਵਾਦ ਪੈਦਾ ਕੀਤਾ ਜਾ ਰਿਹੈ ਕਿਉਂਕਿ ਭਾਈ ਖਾਲੜਾ ਨਾਲ ਜੋ ਵਾਪਰਿਆ ਸਿਰਫ ਉਹੀ ਫਿਲਮ ’ਚ ਦਿਖਾਇਆ ਗਿਆ ਹੈ। ਜੇਕਰ ਬਿੱਟੂ ਕਿਸੇ ਹੋਰ ਵਿਸ਼ੇ ’ਤੇ ਫਿਲਮ ਬਣਵਾਉਣ ਦੇ ਇਛੁੱਕ ਹਨ ਤਾਂ ਬਣਵਾ ਸਕਦੇ ਹਨ। ਇਸ ਮੌਕੇ ਜਥੇਦਾਰ ਬਾਬਾ ਟੇਕ ਸਿੰਘ ਅਤੇ ਅੰਤ੍ਰਿਗ ਮੈਂਬਰ ਮੇਜਰ ਸਿੰਘ ਢਿੱਲੋਂ ਮੌਜੂਦ ਸਨ।
← Back to News