World News
Published: 13 Jul 2026
ਸਿੱਖ ਜਥੇਬੰਦੀਆਂ ਵੱਲੋਂ ਲਾਡੋਵਾਲ ਟੌਲ ਪਲਾਜ਼ਾ ’ਤੇ ਧਰਨਾ
ਸਿੱਖ ਧਰਮ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਰੋਸ ਵਜੋਂ ਸ਼ਿਵ ਸੈਨਾ ਕਾਰਕੁਨ ਚੇਤਨ ਸ਼ਰਮਾ ਦੀ ਗ੍ਰਿਫ਼ਤਾਰੀ ਲਈ ਅੱਜ ਸਿੱਖ ਜਥੇਬੰਦੀਆਂ, ਨਿਹੰਗ ਸਿੰਘਾਂ ਅਤੇ ਹੋਰ ਸੰਗਠਨਾਂ ਵੱਲੋਂ ਲਾਡੋਵਾਲ ਟੌਲ ਪਲਾਜ਼ਾ ’ਤੇ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ ਗਈ ਅਤੇ ਪੰਜ ਘੰਟੇ ਤੱਕ ਟੌਲ ਨੂੰ ਪਰਚੀ ਮੁਕਤ ਰੱਖਿਆ। ਜਾਣਕਾਰੀ ਅਨੁਸਾਰ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਆਗੂਆਂ ਅਤੇ ਵਰਕਰਾਂ ਨੇ ਸਵੇਰੇ 10 ਵਜੇ ਟੌਲ ਪਲਾਜ਼ਾ ਦਾ ਘਿਰਾਓ ਕਰ ਕੇ ਆਵਾਜਾਈ ਮੁਕੰਮਲ ਤੌਰ ’ਤੇ ਬੰਦ ਕਰ ਦਿੱਤੀ। ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਧਰਨੇ ਦੀ ਸੂਚਨਾ ਮਿਲਦਿਆਂ ਹੀ ਏ ਡੀ ਸੀ ਪੀ ਰਮਨਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਭਾਰੀ ਪੁਲੀਸ ਫੋਰਸ ਮੌਕੇ ’ਤੇ ਪਹੁੰਚੀ। ਪੁਲੀਸ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਜਥੇਬੰਦੀਆਂ ਨੇ ਟੌਲ ਪਲਾਜ਼ਾ ਦਾ ਇੱਕ ਪਾਸਾ ਖੋਲ੍ਹ ਦਿੱਤਾ, ਪਰ ਇਸ ਦੇ ਬਾਵਜੂਦ ਵਾਹਨਾਂ ਦੀਆਂ ਕਤਾਰਾਂ ਲੱਗੀਆਂ ਰਹੀਆਂ ਕਿਉਂਕਿ ਧਰਨੇ ਕਾਰਨ ਆਵਾਜਾਈ ਬਹੁਤ ਹੌਲੀ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਪੁਲੀਸ ਪ੍ਰਸ਼ਾਸਨ ਨੇ ਜਥੇਬੰਦੀਆਂ ਦੀ ਮੰਗ ’ਤੇ ਸ਼ਿਵ ਸੈਨਾ ਕਾਰਕੁਨ ਦੇ ਸਾਥੀਆਂ ਭਾਨੂ ਪ੍ਰਤਾਪ ਸਿੰਘ, ਰਾਜੀਵ ਟੰਡਨ ਅਤੇ ਪਵਨ ਮਾਨ ਖ਼ਿਲਾਫ਼ ਵੀ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਤਹਿਤ ਕੇਸ ਦਰਜ ਕਰ ਲਿਆ ਹੈ ਜਿਸ ਤੋਂ ਬਾਅਦ ਜਥੇਬੰਦੀਆਂ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਸਾਬਕਾ ਬੰਦੀ ਸਿੰਘ ਅਤੇ ਸ਼੍ੋਮਣੀ ਅਕਾਲੀ ਦਲ ਹਲਕਾ ਦਾਖਾ ਦੇ ਸੀਨੀਅਰ ਆਗੂ ਭਵਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਿੱਖ ਜਥੇਬੰਦੀਆਂ ਦੀ ਮੰਗ ’ਤੇ ਪੁਲੀਸ ਵੱਲੋਂ ਸ਼ਿਵ ਸੈਨਾ ਕਾਰਕੁਨ ਦੇ ਸਾਥੀਆਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ, ਕਿਉਂਕਿ ਉਹ ਵੀ ਸਿੱਖ ਗੁਰੂਆਂ, ਸਿੱਖ ਜਥੇਬੰਦੀਆਂ ਅਤੇ ਨਿਹੰਗ ਸਿੱਖਾਂ ਬਾਰੇ ਗਲਤ ਸ਼ਬਦਾਵਲੀ ਵਰਤ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਸਿੱਧੂ ਨੇ ਦੱਸਿਆ ਕਿ ਪੁਲੀਸ ਅਧਿਕਾਰੀਆਂ ਨੇ ਜਥੇਬੰਦੀਆਂ ਦੀ ਭਲਕੇ 13 ਜੁਲਾਈ ਨੂੰ ਪੁਲੀਸ ਕਮਿਸ਼ਨਰ ਨਾਲ ਮੀਟਿੰਗ ਤੈਅ ਕਰਵਾਈ ਹੈ। ਉਸ ਤੋਂ ਬਾਅਦ ਹੀ ਅਗਲਾ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੇਤਨ ਸ਼ਰਮਾ ਖ਼ਿਲਾਫ਼ ਲਗਪਗ 25 ਦਿਨ ਪਹਿਲਾਂ ਕੇਸ ਦਰਜ ਕੀਤਾ ਗਿਆ ਸੀ, ਪਰ ਹਾਲੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
← Back to News