World News
Published: 17 Jul 2026
ਗਿਆਨੀ ਹਰਪ੍ਰੀਤ ਸਿੰਘ ਨੇ ਪਿਛਲੀਆਂ ਸਰਕਾਰਾਂ ਸਮੇਤ ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਕਦੋਂ ਮਿਲੇਗੀ ਸਜ਼ਾ
ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਕਦੋਂ ਮਿਲੇਗੀ ਜਾਂ ਹਰ ਵਾਰ ਨਵੀਂ ਐੱਸਆਈਟੀ ਬਣਾ ਕੇ ਸਿਰਫ਼ ਸੰਮਨ ਹੀ ਜਾਰੀ ਹੁੰਦੇ ਰਹਿਣਗੇ। ਲਿਖਤੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਅਤੇ ਬਾਅਦ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੌਰਾਨ ਲੋਕਾਂ ਨੇ ਕੁਝ ਵਿਅਕਤੀਆਂ ਦੇ ਨਾਮ ਲਏ ਸਨ, ਪਰ ਉਨ੍ਹਾਂ ਤੋਂ ਪੁੱਛਗਿੱਛ ਤੱਕ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਉਸ ਸਮੇਂ ਗ੍ਰੰਥੀ ਦੇ ਪਰਿਵਾਰ ਅਤੇ ਕੁਝ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ, ਜਦਕਿ ਅਸਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਹੋਈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਮੌਜੂਦਾ 'ਆਪ' ਸਰਕਾਰ ਨੇ ਇਨਸਾਫ ਦੇ ਵਾਅਦੇ ਕੀਤੇ, ਪਰ ਅਜੇ ਤੱਕ ਕਿਸੇ ਨੂੰ ਸਜ਼ਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਜਦੋਂ ਪਹਿਲਾਂ ਬਣੀਆਂ ਐੱਸਆਈਟੀਜ਼ ਆਪਣੀਆਂ ਰਿਪੋਰਟਾਂ ਦੇ ਚੁੱਕੀਆਂ ਹਨ ਤਾਂ ਨਵੀਂ ਐੱਸਆਈਟੀ ਵੱਲੋਂ ਮੁੜ ਸੰਮਨ ਜਾਰੀ ਕਰਨਾ ਇਨਸਾਫ ਵਿੱਚ ਦੇਰੀ ਕਰਨ ਵਰਗਾ ਲੱਗਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਪਹਿਲਾਂ ਤੋਂ ਮੌਜੂਦ ਜਾਂਚ ਰਿਪੋਰਟਾਂ ਦੇ ਆਧਾਰ 'ਤੇ ਤੁਰੰਤ ਕਾਨੂੰਨੀ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਨੂੰ ਇਸ ਮਾਮਲੇ ਵਿੱਚ ਹੋਰ ਦੇਰੀ ਤੋਂ ਬਚਣਾ ਚਾਹੀਦਾ ਹੈ।
← Back to News