ਕੇਂਦਰ ਮੁਜ਼ਾਹਰਾਕਾਰੀ ਵਿਦਿਆਰਥੀਆਂ ਦੇ ਮਸਲੇ ਹੱਲ ਕਰੇ: ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ, ਜਿਨ੍ਹਾਂ ਦੀ ਕੱਲ੍ਹ ਸੰਸਦ ਤੱਕ ਮਾਰਚ ਦੌਰਾਨ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਦੇ ਮਸਲੇ ਛੇਤੀ ਹੱਲ ਕਰਨ। ਉਨ੍ਹਾਂ ਅੱਜ ਇਥੇ ਵੱਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਅਤੇ ਹਸਪਤਾਲ ਦੇ ਮੀਟਿੰਗ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਇਹ ਗੱਲ ਧਿਆਨ ਵਿਚ ਰੱਖਣੀ ਚਾਹੀਦੀ ਹੈ ਕਿ ਇਹ ਸਾਡੇ ਬੱਚੇ ਹਨ। ਬਜਾਏ ਵਿਦਿਆਰਥੀਆਂ ਨਾਲ ਟਕਰਾਅ ਦੀ ਨੀਤੀ ਅਪਣਾਉਣ ਦੇ ਸਰਕਾਰ ਨੂੰ ਉਨ੍ਹਾਂ ਪ੍ਰਤੀ ਆਪਣੇਪਨ ਦੀ ਨੀਤੀ ਅਪਣਾਉਣੀ ਚਾਹੀਦੀ ਹੈ। ਇਸ ਨਾਲ ਮਸਲਾ ਤੁਰੰਤ ਹੱਲ ਹੋ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਖਿਲਾਫ ਦੋਗਲੀ ਨੀਤੀ ਅਪਣਾਉਣ ਦਾ ਦੋਸ਼ ਲਗਾਉਂਦੇ ਕਿਹਾ ਕਿ ਇਸ ਨਾਲੋਂ ਵੱਡਾ ਧੋਖਾ ਤੇ ਜਾਅਲਸਾਜ਼ੀ ਹੋਰ ਕੋਈ ਨਹੀਂ ਹੋ ਸਕਦਾ। ਇਕ ਪਾਸੇ ਤਾਂ ਉਹ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟ ਕਰ ਰਹੇ ਹਨ ਜਦੋਂ ਕਿ ਪੰਜਾਬ ਵਿਚ ਭਰਤੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਸਮੇਤ ਹੋਰ ਬੇਨਿਯਮੀਆਂ ਦੇ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰ ਰਹੇ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਪ੍ਰਦਰਸ਼ਨਕਾਰੀਆਂ ਭਾਵੇਂ ਉਹ ਬਿਜਲੀ ਬੋਰਡ ਮੁਲਾਜ਼ਮ ਹੋਣ ਜਾਂ ਫਿਰ ਮਨਰੇਗਾ ਵਰਕਰ ਸਭ ’ਤੇ ਤਸ਼ੱਦਦ ਢਾਹੁਣ ਸਮੇਤ ਬੇਰੁਖੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
← Back to News