World News
Published: 06 Aug 2026
ਆਰਮੀ ਸਕੂਲਾਂ ਵਿੱਚ ਪਹਿਲਾਂ ਵਾਂਗ ਪੜ੍ਹਾਈ ਜਾਵੇਗੀ ਪੰਜਾਬੀ
ਆਰਮੀ ਪਬਲਿਕ ਸਕੂਲ ਵਿੱਚ ਪੰਜਾਬੀ ਭਾਸ਼ਾ ਪਹਿਲਾਂ ਵਾਂਗ ਹੀ ਪੜ੍ਹਾਈ ਜਾਵੇਗੀ। ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਜਲੰਧਰ ਵੱਲੋਂ ਕੀਤੇ ਫ਼ੈਸਲੇ ਅਨੁਸਾਰ ਹੁਣ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਭਾਸ਼ਾ ਪੜ੍ਹਾਉਣ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਇਸ ਦੀ ਥਾਂ ਪੰਜਾਬੀ ਮਾਂ ਬੋਲੀ ਨੂੰ ਪਹਿਲਾਂ ਵਾਂਗ ਹੀ ਛੇਵੀਂ ਤੋਂ ਅੱਠਵੀਂ ਤੱਕ ਬੱਚਿਆਂ ਨੂੰ ਪੜ੍ਹਨ ਦੀ ਖੁੱਲ੍ਹ ਦੇ ਦਿੱਤੀ ਗਈ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਚੇਤਨਾ ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਅਤੇ ਜਥੇਬੰਦਕ ਸਕੱਤਰ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਦੱਸਿਆ ਕਿ ਨਵੇਂ ਨਿਯਮਾਂ ਅਨੁਸਾਰ ਹੁਣ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਬੱਚੇ ਅੰਗਰੇਜ਼ੀ ਅਤੇ ਹਿੰਦੀ ਦੋ ਭਾਸ਼ਾਵਾਂ ਦੇ ਨਾਲ ਸੰਸਕ੍ਰਿਤ ਅਤੇ ਪੰਜਾਬੀ ਵਿੱਚੋਂ ਕੋਈ ਵੀ ਭਾਸ਼ਾ ਪੜ੍ਹ ਸਕਣਗੇ, ਜਦੋਂ ਕਿ ਨੌਵੀਂ ਜਮਾਤ ਦੇ ਬੱਚੇ ਜਾਂ ਤਾਂ ਅੰਗਰੇਜ਼ੀ, ਹਿੰਦੀ ਅਤੇ ਸੰਸਕ੍ਰਿਤ ਪੜ੍ਹਨਗੇ। ਦਸਵੀਂ ਦਾ ਪੈਟਰਨ ਪਹਿਲਾਂ ਵਾਂਗ ਹੀ ਚੱਲਦਾ ਰਹੇਗਾ। ਡਾ. ਲਖਵਿੰਦਰ ਸਿੰਘ ਜੌਹਲ ਨੇ ਉਨ੍ਹਾਂ ਸਾਰੀਆਂ ਸੰਸਥਾਵਾਂ, ਸ਼ਖ਼ਸੀਅਤਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਪੰਜਾਬੀ ਭਾਸ਼ਾ ਪ੍ਰਤੀ ਫਿਕਰਮੰਦੀ ਜ਼ਾਹਿਰ ਕਰਦਿਆਂ ਇਸ ਸੰਘਰਸ਼ ਵਿੱਚ ਉਨ੍ਹਾਂ ਦਾ ਸਾਥ ਦਿੱਤਾ। ਉਨ੍ਹਾਂ ਨੇ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖ ਕੇ ਇਸ ਮਸਲੇ ਵੱਲ ਧਿਆਨ ਦੇਣ ਲਈ ਕਿਹਾ। ਡਾ. ਜੌਹਲ ਨੇ ‘ਪੰਜਾਬੀ ਭਾਸ਼ਾ ਸਾਰ ਭਾਈਚਾਰਾ’ ਦੇ ਆਗੂ ਮਹਿੰਦਰ ਸਿੰਘ ਸੇਖੋਂ ਲੁਧਿਆਣਾ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਸਮੇਂ ਸਮੇਂ ਸਿਰ ਸਕੂਲ ਪ੍ਰਬੰਧਕਾਂ ਨੂੰ ਵਿਸ਼ੇ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ। ਪੰਜਾਬੀ ਭਾਸ਼ਾ ਪਸਾਰ ਜਥੇਬੰਦੀ ਦੇ ਆਗੂ ਐਡਵੋਕੇਟ ਮਿੱਤਰ ਸੇਨ ਮੀਤ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਇਸ ਮਸਲੇ ਦੇ ਕਾਨੂੰਨੀ ਨੁਕਤੇ ਉਜਾਗਰ ਕੀਤੇ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਦੀ ਅਗਵਾਈ ਵਿੱਚ ਇਸ ਸਬੰਧੀ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਵੀ ਕੀਤੇ ਗਏ ਸਨ। ਪੰਜਾਬ ਚੇਤਨਾ ਮੰਚ ਨੇ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਨੂੰ ਇਸ ਸਬੰਧੀ ਪੱਤਰ ਵੀ ਲਿਖੇ ਸਨ।
← Back to News