World News
Published: 11 Aug 2026
ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਨ ਸਭਾ ਅੱਗੇ ਮੁਜ਼ਾਹਰਾ
ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਛੇਵੇਂ ਦਿਨ ਵਿਰੋਧੀ ਧਿਰ ਕਾਂਗਰਸ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਵੱਖ-ਵੱਖ ਮੁੱਦਿਆਂ ’ਤੇ ਸਰਕਾਰ ਦੀ ਘੇਰਾਬੰਦੀ ਕੀਤੀ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਵੱਲੋਂ ਕਈ ਦਿਨਾਂ ਸੈਸ਼ਨ ਵਿੱਚ ਕੁਝ ਨਾ ਕਰਦਿਆਂ ਇੱਕੋ ਦਿਨ ਵਿੱਚ 9 ਬਿੱਲ ਪਾਸ ਕਰ ਦਿੱਤੇ ਗਏ। ਇਸ ਤਰ੍ਹਾਂ ਬਿੱਲਾਂ ’ਤੇ ਚਰਚਾ ਕਰਨਾ ਬਹੁਤ ਔਖਾ ਹੈ। ਬਾਜਵਾ ਨੇ ਪੰਜਾਬ ਵਿੱਚ 65000 ਨੌਕਰੀਆਂ ’ਤੇ ਮੁੜ ਤੋਂ ਸਵਾਲ ਚੁੱਕਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ 70 ਫੀਸਦ ਨੌਕਰੀਆਂ ਬਾਹਰੀ ਸੂਬਿਆਂ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਹਨ ਜਿਸ ਬਾਰੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ। ਉਨ੍ਹਾਂ ਸਿਹਤ ਵਿਭਾਗ ਦੀਆਂ 13 ਅਸਾਮੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਨ੍ਹਾਂ 13 ਅਸਾਮੀਆਂ ’ਚੋਂ ਹਰਿਆਣਾ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਓ ਪੀ ਐੱਸ ਤੇ ਡੀ ਏ ਸਣੇ ਹੋਰ ਕਈ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਉਹ ਪੂਰੇ ਨਹੀਂ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਮੁਲਾਜ਼ਮਾਂ ਦੇ ਡੀ ਏ ਦਾ ਭੁਗਤਾਨ ਕਰੇ। ਇਸ ਤੋਂ ਇਲਾਵਾ ਓ ਪੀ ਐੱਸ ਲਾਗੂ ਕਰੇ ਅਤੇ ਨੰਬਰਦਾਰਾਂ ਨੂੰ ਤਿੰਨ ਹਜ਼ਾਰ ਰੁਪਏ ਭੱਤਾ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇ।
← Back to News