ਗੁਰਬਾਣੀ ਪ੍ਰਤੀ ਸ਼ਰਧਾ ਸਿੱਖ ਦੀ ਸਭ ਤੋਂ ਵੱਡੀ ਤਾਕਤ: ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਦੇ ਸਿੱਖ ਦੀ ਸਭ ਤੋਂ ਵੱਡੀ ਤਾਕਤ ਗੁਰਬਾਣੀ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਹੈ। ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਵੀ ਗੁਰੂ ਦੇ ਸਿੱਖ ਉੱਤੇ ਕੋਈ ਔਖੀ ਘੜੀ ਆਈ, ਉਸ ਨੇ ਗੁਰਬਾਣੀ ਨੂੰ ਆਪਣਾ ਆਸਰਾ ਬਣਾਇਆ ਅਤੇ ਗੁਰੂ ਦੇ ਸਨਮੁਖ ਹੋ ਕੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਭਾਈ ਮੱਖਣ ਸ਼ਾਹ ਲੁਬਾਣਾ ਦਾ ਇਤਿਹਾਸ ਵੀ ਸਿੱਖ ਦੀ ਗੁਰੂ ’ਤੇ ਸੱਚੀ ਨਿਸ਼ਠਾ ਅਤੇ ਭਰੋਸੇ ਦਾ ਪ੍ਰਤੀਕ ਹੈ। ਇਸੇ ਤਰ੍ਹਾਂ ਭਾਈ ਲੱਖੀ ਸ਼ਾਹ ਵਣਜਾਰਾ ਦਾ ਜੀਵਨ ਵੀ ਗੁਰੂ ਪ੍ਰਤੀ ਸਮਰਪਣ ਦੀ ਅਦੁੱਤੀ ਮਿਸਾਲ ਹੈ। ਗੁਰੂ ਤੇਗ ਬਹਾਦਰ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਆਪਣੇ ਘਰ ਨੂੰ ਅੱਗ ਲਗਾ ਕੇ ਗੁਰੂ ਸਾਹਿਬ ਦੇ ਪਾਵਨ ਸਰੀਰ ਦਾ ਸਸਕਾਰ ਕੀਤਾ। ਸਮਾਗਮ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਕੇਵਲ ਸਿੰਘ ਤੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸੰਬੋਧਨ ਕੀਤਾ।
← Back to News