ਹਰਿਆਣਾ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਅੰਬਾਲਾ ਵਿੱਚ ਪੁਲੀਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਟਕਰਾਅ ਤੋਂ ਕੁਝ ਦਿਨ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੇ ਇੱਕ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਅਤੇ ਮਸਲੇ ਦੱਸੇ। ਇਹ ਮਾਮਲਾ ਗੁਰਦੁਆਰਾ ਪੰਜੋਖਰਾ ਸਾਹਿਬ ਵਿਚ ਗੁਰਸਿਮਰਨ ਮੰਡ ਵੱਲੋਂ ਕਾਰ ਦੀ ਫੇਟ ਮਾਰਨ ਤੇ ਗੁਰਸਿਮਰਨ ਦੀ ਕੁੱਟਮਾਰ ਨਾਲ ਸਬੰਧਤ ਹੈ। ਜਾਣਕਾਰੀ ਅਨੁਸਾਰ ਹਰਿਆਣਾ ਕਮੇਟੀ ਦੀ ਕਾਰਜਕਾਰਨੀ ਦਾ ਪੰਜ ਮੈਂਬਰੀ ਵਫ਼ਦ ਚੰਡੀਗੜ੍ਹ ਵਿਚ ਮੁੱਖ ਮੰਤਰੀ ਨੂੰ ਮਿਲਿਆ। ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਬਹੁਤ ਸਕਾਰਾਤਮਕ ਮਾਹੌਲ ਵਿੱਚ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅੰਬਾਲਾ ਵਿੱਚ ਵਾਪਰੀਆਂ ਘਟਨਾਵਾਂ 'ਤੇ ਆਪਣਾ ਰੋਸ ਪ੍ਰਗਟ ਕਰਦਿਆਂ ਮੰਡ ਖ਼ਿਲਾਫ਼ ਕਾਰਵਾਈ ਕਰਨ, ਸਿੱਖ ਭਾਈਚਾਰੇ ਦੇ ਮੈਂਬਰਾਂ ਵਿਰੁੱਧ ਦਰਜ ਐੱਫ.ਆਈ.ਆਰ. ਰੱਦ ਕਰਨ ਅਤੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਮਸਲੇ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ 25 ਅਗਸਤ ਨੂੰ ਇਕੱਠ ਦਾ ਸੱਦਾ ਦਿੱਤਾ ਗਿਆ ਹੈ ਪਰ ਕਮੇਟੀ ਪ੍ਰਸ਼ਾਸਨ ਅਤੇ ਸਰਕਾਰ ਨਾਲ ਗੱਲਬਾਤ ਕਰ ਰਹੀ ਹੈ ਤਾਂ ਜੋ ਮਾਮਲਾ ਸ਼ਾਂਤੀਪੂਰਵਕ ਢੰਗ ਨਾਲ ਹੱਲ ਹੋ ਸਕੇ।

← Back to News