World News
Published: 19 Aug 2026
SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਾਰੇ ਅਦਾਰੇ 21 ਅਗਸਤ ਨੂੰ ਬੰਦ ਰਹਿਣਗੇ। ਪੰਜਾਬ ਬੰਦ ਦੇ ਸੱਦੇ ਕਾਰਨ, ਸ਼੍ਰੋਮਣੀ ਕਮੇਟੀ ਦੀ ਪਹਿਲਾਂ ਤੋਂ ਤੈਅ ਕੀਤੀ ਗਈ ਅੰਤਰਿੰਗ ਕਮੇਟੀ ਦੀ ਮੀਟਿੰਗ ਹੁਣ 21 ਅਗਸਤ ਦੀ ਬਜਾਏ 22 ਅਗਸਤ ਨੂੰ ਹੋਵੇਗੀ। ਇਹ ਮੀਟਿੰਗ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ, ਅੰਮ੍ਰਿਤਸਰ ਵਿਖੇ ਹੋਵੇਗੀ।
ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਸੰਘਰਸ਼ ਦਾ ਸਮਰਥਨ
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ ਅਤੇ ਇਸ ਮੰਤਵ ਲਈ ਕੀਤੇ ਜਾਣ ਵਾਲੇ ਹਰ ਸੰਘਰਸ਼ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕਾਂ ਦੀਆਂ ਭਾਵਨਾਵਾਂ ਸਮਝਣ ਦੀ ਬਜਾਏ ਸੰਘਰਸ਼ ਕਰਨ ਵਾਲਿਆਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ, ਜਿਸ ਦਾ ਹਰ ਇਨਸਾਫ਼ਪਸੰਦ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ।
ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਵਿੱਚ 21 ਅਗਸਤ ਦੇ ‘ਪੰਜਾਬ ਬੰਦ’ ਦੀ ਮਾਨ ਦਲ ਵੱਲੋਂ ਹਮਾਇਤ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਦੇ ਹੱਕ ਵਿੱਚ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਕਿਹਾ ਕਿ ਇਸ ਦੌਰਾਨ ਸਕੂਲ, ਕਾਲਜ, ਦੁਕਾਨਾਂ ਅਤੇ ਰੇਲ ਸੇਵਾਵਾਂ ਬੰਦ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਹ ਬੰਦ ਸਿਰਫ਼ ਪੰਜਾਬ ਤੱਕ ਸੀਮਿਤ ਨਾ ਰਹਿ ਕੇ ਪੰਜਾਬੀ ਵਸੋਂ ਵਾਲੇ ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਆਦਿ ਖੇਤਰਾਂ ਵਿੱਚ ਵੀ ਕੀਤਾ ਜਾਵੇਗਾ। ਅੱਜ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਕੇਂਦਰ ਸਰਕਾਰ ਵੱਲੋਂ ਲਗਾਈਆਂ ਜਾ ਰਹੀਆਂ ਪਾਬੰਦੀਆਂ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੁਰੱਖਿਆ ਦਾ ਦਿੱਤਾ ਜਾ ਰਿਹਾ ਤਰਕ ਤਸੱਲੀਬਖਸ਼ ਨਹੀਂ ਹੈ। ਉਨ੍ਹਾਂ ਨੇ ਅਮਰਨਾਥ ਯਾਤਰਾ ਦਾ ਹਵਾਲਾ ਦਿੰਦਿਆਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਸਿੱਖਾਂ ਅਤੇ ਹਿੰਦੂਆਂ ਨਾਲ ਵੱਖ-ਵੱਖ ਮਾਪਦੰਡ ਅਪਣਾਏ ਜਾ ਰਹੇ ਹਨ, ਜਿਸ ਨਾਲ ਦੋਵਾਂ ਭਾਈਚਾਰਿਆਂ ਵਿੱਚ ਵਖਰੇਵੇਂ ਦੀ ਭਾਵਨਾ ਪੈਦਾ ਹੋ ਸਕਦੀ ਹੈ। ਉਨ੍ਹਾਂ ਸਰਕਾਰ ਤੋਂ ਧਾਰਮਿਕ ਯਾਤਰਾਵਾਂ ਅਤੇ ਗੁਰਧਾਮਾਂ ਦੇ ਦਰਸ਼ਨਾਂ ਸਬੰਧੀ ਇਕਸਾਰ ਨੀਤੀ ਅਪਣਾਉਣ ਦੀ ਮੰਗ ਕੀਤੀ।
← Back to News