World News
Published: 31 Aug 2026
ਖਾਲੜਾ ਨੂੰ ਸਮਰਪਿਤ ਸਮਾਗਮ ਛੇ ਨੂੰ ਹੋਵੇਗਾ: ਗੜਗੱਜ
ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ 6 ਸਤੰਬਰ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਸਬੰਧੀ ਸਮਾਗਮ ਹਰ ਸਾਲ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ’ਤੇ 4 ਸਤੰਬਰ ਨੂੰ ਅਖੰਡ ਪਾਠ ਆਰੰਭ ਕੀਤੇ ਜਾਣਗੇ ਅਤੇ 6 ਸਤੰਬਰ ਨੂੰ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਨੇ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹਾਦਤ ਦਿੱਤੀ ਸੀ। ਅੱਜ ਜਦੋਂ ਅਸੀਂ ਉਨ੍ਹਾਂ ਦੇ ਪਾਵਨ ਅਸਥਾਨ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਅ ਦੀ ਆਰੰਭਤਾ ਕਰ ਰਹੇ ਹਾਂ ਤਾਂ ਉੱਥੇ ਹੀ ਸਾਡੇ ਲਈ ਇਹ ਵੀ ਜ਼ਰੂਰੀ ਹੈ ਕਿ 6 ਸਤੰਬਰ ਨੂੰ ਮਨੁੱਖੀ ਅਧਿਕਾਰਾਂ ਦੇ ਰਾਖੇ ਅਤੇ ਪੰਜਾਬ ਵਿੱਚ ਸਰਕਾਰੀ ਜਬਰ ਤਹਿਤ ਮਾਰੇ ਨੌਜਵਾਨਾਂ ਦੀਆਂ ਲਾਸ਼ਾਂ ਦੇ ਵਾਰਿਸ ਸ੍ਰੀ ਖਾਲੜਾ ਨੂੰ ਵੀ ਯਾਦ ਕਰੀਏ। ਇਸੇ ਤਹਿਤ ਹੀ ਇਸ ਵਾਰ ਸ੍ਰੀ ਖਾਲੜਾ ਦੀ ਯਾਦ ਵਿੱਚ ਅਕਾਲ ਤਖ਼ਤ ’ਤੇ ਸਮਾਗਮ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ। ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸ੍ਰੀ ਖਾਲੜਾ ਦੀ ਯਾਦ ਵਿੱਚ ਹੁਣ ਹਰ ਸਾਲ ਅਕਾਲ ਤਖ਼ਤ ’ਤੇ 6 ਸਤੰਬਰ ਨੂੰ ਸਮਾਗਮ ਕਰਵਾਇਆ ਜਾਵੇਗਾ।
← Back to News