World News
Published: 31 Aug 2026
ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ
ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਕਿਸਾਨਾਂ ਦੀਆਂ ਮੰਗਾਂ ਮੰਨਵਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਉਗਰਾਹਾਂ ਯੂਨੀਅਨ ਨੇ ਪੰਜਾਬ ਦੇ ਦਰਜਨਾਂ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਮੂਹਰੇ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਲਾ ਦਿੱਤੇ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨ, ਲੈਂਡ ਪੂਲਿੰਗ ਨੀਤੀ ਰੱਦ ਕਰਨ, ਕਰਜ਼ਾ ਮੁਕਤੀ, ਕਾਰਪੋਰੇਟ ਘਰਾਣਿਆਂ ਵੱਲੋਂ ਲੋਕਾਂ ਦੀ ਲੁੱਟ ਬੰਦ ਕਰਵਾਉਣ, ਜ਼ਮੀਨਾਂ ਦੀ ਮਾਲਕੀ ਸਮੇਤ ਹੋਰ ਕਈ ਮੰਗਾਂ ਨੂੰ ਜ਼ੋਰ-ਸ਼ੋਰ ਨਾਲ ਚੁੱਕਿਆ ਗਿਆ। ਪਹਿਲੇ ਦਿਨ ਪੱਕੇ ਮੋਰਚਿਆਂ ’ਚ ਵੱਡੀ ਗਿਣਤੀ ਕਿਸਾਨ, ਨੌਜਵਾਨ, ਬਜ਼ੁਰਗਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਸਕੱਤਰ ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਬਿੰਦੂ, ਕੁਲਦੀਪ ਕੌਰ ਕੁੱਸਾ ਅਤੇ ਕਮਲ ਬਰਨਾਲਾ ਸਣੇ ਹੋਰ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਅਣਗੌਲਿਆਂ ਕਰ ਕੇ ਸਾਮਰਾਜ ਮੁਲਕਾਂ ਦੇ ਦਬਾਅ ਹੇਠ ਉਨ੍ਹਾਂ ਦੀਆਂ ਨੀਤੀਆਂ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਇਸ ਨਾਲ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ, ਸਿਹਤ ਸਿੱਖਿਆ, ਰੇਲਵੇ ਤੇ ਹੋਰ ਆਵਾਜਾਈ ਦੇ ਜਨਤਕ ਅਦਾਰਿਆਂ ’ਤੇ ਵੀ ਕਾਰਪੋਰੇਟਾਂ ਦਾ ਕਬਜ਼ਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਰੋਜ਼ਾਨਾ ਵਰਤੋਂ ਦੀਆਂ ਵਸਤਾਂ ’ਤੇ ਟੈਕਸ ਲਾ ਕੇ ਮਹਿੰਗਾਈ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਸਿਰ ਕਰਜ਼ਾ ਵਧ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਸੋਧੀ ਹੋਈ ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ, ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ, ਕਰਜ਼ਾ ਮੁਆਫ਼ ਕੀਤਾ ਜਾਵੇ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ, ਖੇਤੀ ਨੀਤੀ ਲਾਗੂ ਕੀਤੀ ਜਾਵੇ, ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ ਤੇ ਵਰਕਰਾਂ ’ਤੇ ਪਾਏ ਸਾਰੇ ਝੂਠੇ ਕੇਸ ਅਤੇ ਪਰਾਲੀ ਸਾੜਨ ਦੇ ਦਰਜ ਕੀਤੇ ਕੇਸ ਰੱਦ ਕੀਤੇ ਜਾਣ। ਇਸ ਤੋਂ ਇਲਾਵਾ ਸੂਬੇ ਵਿੱਚ ਸੰਘਰਸ਼ ਕਰਦੇ ਲੋਕਾਂ ’ਤੇ ਜਬਰ ਢਾਹੁਣਾ ਬੰਦ ਕੀਤਾ ਜਾਵੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਬਿਜਲੀ ਬਿੱਲ, ਬੀਜ ਬਿੱਲ, ਕਿਰਤ ਕੋਡ ਤੇ ਜੀ ਰਾਮ ਜੀ ਵਰਗੇ ਕਾਨੂੰਨ ਰੱਦ ਕੀਤੇ ਜਾਣ ਅਤੇ ਤੇਲ, ਗੈਸ, ਖੰਡ ਤੇ ਖਾਦਾਂ ਦੀਆਂ ਕੀਮਤਾਂ ’ਚ ਵਾਧਾ ਵਾਪਸ ਲਿਆ ਜਾਵੇ ਅਤੇ ਸਾਰੀਆਂ ਫ਼ਸਲਾਂ ’ਤੇ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਫਤਿਹ) ਦੇ ਸੂਬਾ ਪ੍ਰਧਾਨ ਪ੍ਰਭਜੋਤ ਸਿੰਘ ਨੇ ਕਿਸਾਨਾਂ ਦੇ ਕਾਫਲੇ ਸਮੇਤ ਮੋਰਚੇ ਵਿੱਚ ਸ਼ਾਮਲ ਹੋ ਕੇ ਮੋਰਚੇ ਦੀਆਂ ਮੰਗਾਂ ਦਾ ਸਮਰਥਨ ਕੀਤਾ।
← Back to News