World News
Published: 01 Sep 2026
ਪੰਥ ਦੋਖੀ ਸਰਕਾਰ ਨਸ਼ਾ ਰੋਕਣ ਵਿੱਚ ਨਾਕਾਮ: ਗੜਗੱਜ
ਤਖ਼ਤ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਦੇ ਅੱਜ ਮੰਡੀ ਗੋਬਿੰਦਗੜ੍ਹ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਅਤੇ ਪਾਰਟੀ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਖ਼ਾਲਸਾ ਮਾਰਚ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਿਰਕਤ ਕੀਤੀ। ਜਥੇਦਾਰ ਗੜਗੱਜ ਨੇ ਸਿੱਖ ਕੌਮ ਨੂੰ ਆਪਣੇ ਮਹਾਨ ਵਿਰਸੇ ਨਾਲ ਜੁੜਨ ਅਤੇ ਸਿੱਖੀ ਸਰੂਪ ਧਾਰਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੇ ਖ਼ਾਤਮੇ ਦੇ ਦਾਅਵੇ ਕਰਨ ਵਾਲੀ ਪੰਥ ਦੋਖੀ ਆਪ ਸਰਕਾਰ ਅਤੇ ਪ੍ਰਸ਼ਾਸਨ ਇਸ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਅਸਫਲ ਹੋਏ ਹਨ, ਜਿਸ ਕਾਰਨ ਨਸ਼ਾ ਘਰ-ਘਰ ਪਹੁੰਚ ਰਿਹਾ ਹੈ ਅਤੇ ਨੌਜਵਾਨ ਇਸ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਮਾਪਿਆਂ ਅਤੇ ਸੰਗਤਾਂ ਨੂੰ ਇਕਜੁੱਟ ਹੋ ਕੇ ਇਸ ਦੇ ਖਿਲਾਫ਼ ਲੜਾਈ ਲੜਨ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਹਰ ਪਰਿਵਾਰ ਨੂੰ ਸਮਾਜਿਕ ਕੁਰੀਤੀਆਂ ਛੱਡ ਕੇ ਗੁਰੂ ਦੇ ਲੜ ਲੱਗ ਕੇ ਆਪਣੇ ਬੱਚਿਆਂ ਨੂੰ ਗੁਰੂਆਂ ਦੀਆਂ ਕੁਰਬਾਨੀਆਂ ਤੋਂ ਜਾਣੂੰ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਸੰਗਤਾਂ ਵੱਲੋਂ ਗੁਰੂ ਜੀ ਦੇ ਸ਼ਸਤਰਾਂ ਦੇ ਦਰਸ਼ਨ ਵੀ ਕੀਤੇ। ਮਾਰਚ ਸਮੇਂ ਮੈਨੇਜਰ ਗੁਰਦੁਆਰਾ ਸਾਹਿਬ ਰਾਜਵਿੰਦਰ ਸਿੰਘ ਰਾਜੂ, ਹੈੱਡ ਗ੍ਰੰਥੀ ਕੁਲਵਿੰਦਰ ਸਿੰਘ, ਮੈਨੇਜਰ ਗੁਰਦੁਆਰਾ ਮੰਜੀ ਸਾਹਿਬ ਇਕਬਾਲ ਸਿੰਘ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਜ਼ਿਲ੍ਹਾ ਪ੍ਰਧਾਨ ਪਟਿਆਲਾ ਅਮਿਤ ਸਿੰਘ ਰਾਠੀ, ਕੈਪਟਨ ਜਸਵੰਤ ਸਿੰਘ ਬਾਜਵਾ, ਕਰਮਜੀਤ ਸਿੰਘ ਭਗੜਾਣਾ, ਬੀਬੀ ਕਿਰਨਦੀਪ ਕੌਰ ਖੰਨਾ, ਜੋਗਿੰਦਰ ਸਿੰਘ ਮੈਣੀ, ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਰਨੈਲ ਸਿੰਘ ਮਾਜਰੀ, ਕੁਲਦੀਪ ਸਿੰਘ ਮੁੱਢੜੀਆ, ਹਰਿੰਦਰ ਸਿੰਘ ਦੀਵਾ, ਜਥੇਦਾਰ ਹਰਬੰਸ ਸਿੰਘ ਬਡਾਲੀ, ਕੰਵਲਜੀਤ ਸਿੰਘ ਗਿਲ ਅਤੇ ਕਾਲਾ ਅਰੋੜਾ ਸ਼ਾਮਲ ਸਨ।
← Back to News