World News
Published: 04 Sep 2026
ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ
ਅੰਮ੍ਰਿਤਸਰ ਪੁਲੀਸ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਬੇਅਦਬੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਕਥਿਤ ਤੌਰ ’ਤੇ ਗੁਟਕਾ ਸਾਹਿਬ ਦੇ ‘ਅੰਗ’ ਪਾੜ ਦਿੱਤੇ ਅਤੇ ਬਾਅਦ ਵਿੱਚ ਇੱਕ ਔਰਤ ਸ਼ਰਧਾਲੂ ਦੇ ਸੂਟ ਨਾਲ ਬੰਨ੍ਹ ਦਿੱਤੇ। ਜਦੋਂ ਉਸ ਨੂੰ ਇਸ ਬਾਰੇ ਪਤਾ ਲੱਗਾ, ਤਾਂ ਉਸ ਨੇ ਤੁਰੰਤ ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਨਾਲ ਸੰਪਰਕ ਕੀਤਾ। ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲਣ (ਸਕੈਨ ਕਰਨ) ਦੌਰਾਨ, ਮੁਲਜ਼ਮ ਦੀ ਪਛਾਣ ਸ਼ਹੀਦ ਊਧਮ ਸਿੰਘ ਨਗਰ ਇਲਾਕੇ ਦੇ ਰਹਿਣ ਵਾਲੇ ਮਨਦੀਪ ਸਿੰਘ ਵਜੋਂ ਹੋਈ। ਸਹਾਇਕ ਪੁਲੀਸ ਕਮਿਸ਼ਨਰ ਸੁਰਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੋਤਵਾਲੀ ਪੁਲੀਸ ਨੂੰ ਪਰਿਕਰਮਾ ਵਿੱਚ ਤਾਇਨਾਤ ਸ਼੍ਰੋਮਣੀ ਕਮੇਟੀ ਕਰਮਚਾਰੀ ਸਿਮਰਨਜੀਤ ਸਿੰਘ ਵੱਲੋਂ ਇਸ ਘਟਨਾ ਬਾਰੇ ਸ਼ਿਕਾਇਤ ਮਿਲੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਮਾਮਲੇ ਵਿੱਚ ਨਾਮਜ਼ਦ ਕਰਨ ਮਗਰੋਂ ਕਾਬੂ ਕਰ ਲਿਆ ਗਿਆ ਹੈ ਅਤੇ ਘਟਨਾ ਦੇ ਪਿੱਛੇ ਦੇ ਮਕਸਦ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਔਰਤ ਅਤੇ ਉਸ ਦਾ ਪਰਿਵਾਰ, ਜੋ ਕਿ ਸ਼ਹੀਦ ਊਧਮ ਸਿੰਘ ਨਗਰ ਨਾਲ ਸਬੰਧਤ ਹਨ, ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਵਾਸਤੇ ਗਏ ਸਨ। ਇਸ ਦੌਰਾਨ ਜਦੋਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਉੱਥੇ ਬੈਠੇ ਹੋਏ ਸਨ, ਤਾਂ ਮੁਲਜ਼ਮ ਨੇ ਗੁਟਕਾ ਸਾਹਿਬ ਦੇ ਫ਼ਟੇ ਹੋਏ ‘ਅੰਗਾਂ’ ਨੂੰ ਉਸ ਦੇ ਸੂਟ ਨਾਲ ਬੰਨ੍ਹ ਦਿੱਤਾ। ਉਸ ਨੂੰ ਬਾਅਦ ਵਿੱਚ ਇਸ ਬਾਰੇ ਪਤਾ ਲੱਗਾ। ਉਸ ਨੇ ਤੁਰੰਤ ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਸਟਾਫ਼ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਇਹ ਘਟਨਾ ਸਾਹਮਣੇ ਆਈ। ਇਸ ਦੀ ਪੁਸ਼ਟੀ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਅੱਜ ਸਵੇਰ ਦੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਪੁੱਛਗਿੱਛ ਦੌਰਾਨ ਪਤਾ ਲਾਇਆ ਜਾਵੇਗਾ ਕਿ ਇਸ ਵਿਅਕਤੀ ਵੱਲੋਂ ਗੁਰੂ ਘਰ ਵਿਖੇ ਅਜਿਹੀ ਘਟਨਾ ਨੂੰ ਕਿਉਂ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵਿੱਚ ਇਹ ਵਿਅਕਤੀ ਔਰਤ ਦੇ ਸੂਟ ਨਾਲ ਗੁਟਕੇ ਦੇ ਅੰਗ ਬੰਨ੍ਹਦਾ ਹੋਇਆ ਦਿਖਾਈ ਦੇ ਰਿਹਾ ਹੈ। ਗੁਟਕੇ ਦੇ ਇਹ ਅੰਗ ਕਿੱਥੇ ਪਾੜੇ ਗਏ ਅਤੇ ਕਿੱਥੋਂ ਲਿਆਂਦੇ ਗਏ, ਇਹ ਜਾਂਚ ਦਾ ਵਿਸ਼ਾ ਹੈ।
← Back to News