ਹਰੀਕੇ ’ਚ ਖਾਲੜਾ ਦੀ ਯਾਦਗਾਰ ਜਲਦੀ ਉਸਾਰੀ ਜਾਵੇਗੀ: ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਵੱਲੋਂ ਮਨੁੱਖੀ ਅਧਿਕਾਰਾਂ ਦੇ ਰਾਖੇ ਜਸਵੰਤ ਸਿੰਘ ਖਾਲੜਾ ਦੀ ਹਰੀਕੇ ਵਿੱਚ ਯਾਦਗਾਰ ਜਲਦੀ ਬਣਾਈ ਜਾਵੇਗੀ। ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਜਸਵੰਤ ਸਿੰਘ ਖਾਲੜਾ ਨਮਿਤ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਜਸਵੰਤ ਸਿੰਘ ਖਾਲੜਾ ਦੀ ਭੈਣ ਬਲਬੀਰ ਕੌਰ ਅਤੇ ਮੁੱਖ ਗਵਾਹ ਕੁਲਦੀਪ ਸਿੰਘ ਬਚੜੇ ਦੀ ਪਤਨੀ ਕਮਲਜੀਤ ਕੌਰ ਦਾ ਸਨਮਾਨ ਕੀਤਾ ਗਿਆ। ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖਾਲੜਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰਾਂ ਦਾ ਕਿਸੇ ਵੀ ਥਾਂ ’ਤੇ ਘਾਣ ਨਹੀਂ ਹੋਣਾ ਚਾਹੀਦਾ। ਉਨ੍ਹਾਂ ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਕਹਿ ਕੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੌਮੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਉਨ੍ਹਾਂ ਲਾਵਾਰਿਸ ਲਾਸ਼ਾਂ ਦੇ ਵਾਰਸ ਬਣੇ, ਉਨ੍ਹਾਂ ਦਿਨ-ਰਾਤ ਮਿਹਨਤ ਕਰ ਕੇ ਲਾਸ਼ਾਂ ਦੇ ਵੇਰਵੇ ਇਕੱਤਰ ਕੀਤੇ, ਉਹ ਅਜੇ ਕਾਰਜ ਕਰ ਹੀ ਰਹੇ ਸਨ ਕਿ ਹਕੂਮਤ ਨੇ ਉਨ੍ਹਾਂ ਨੂੰ ਵੀ ਸ਼ਹੀਦ ਕਰ ਦਿੱਤਾ। ਸ਼ਹੀਦੀ ਪੱਤਣ ਹਰੀਕੇ ਵਿਖੇ ਸ਼ਹੀਦੀ ਯਾਦਗਾਰ ਸਥਾਪਤ ਕਰਨ ਅਤੇ 1982 ਤੋਂ 1994 ਦੇ ਸਮੂਹ ਸ਼ਹੀਦਾਂ ਦੇ ਵੇਰਵੇ ਇਕੱਤਰ ਕਰਨ ਦਾ ਕਾਰਜ ਜਲਦੀ ਅਰੰਭਿਆ ਜਾਵੇਗਾ। ਇਹ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਵੇਗਾ ਅਤੇ ਸਰਪ੍ਰਸਤੀ ਅਕਾਲ ਤਖ਼ਤ ਦੀ ਹੋਵੇਗੀ। ਐਡਵੋਕੇਟ ਧਾਮੀ ਨੇ ਆਖਿਆ ਕਿ ਜਸਵੰਤ ਸਿੰਘ ਖਾਲੜਾ ਅਤੇ ਹੋਰ ਸਿੱਖਾਂ ਦੀ ਹਰੀਕੇ ਵਿੱਚ ਯਾਦਗਾਰ ਬਣਾਉਣ ਲਈ ਸਬ-ਕਮੇਟੀ ਬਣਾਈ ਗਈ ਹੈ, ਜਿਸ ਵੱਲੋਂ ਜਲਦੀ ਹੀ ਲੋੜੀਂਦੀ ਜ਼ਮੀਨ ਦਾ ਪ੍ਰਬੰਧ ਕੀਤਾ ਜਾਵੇਗਾ। ਸਮਾਗਮ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਬਲਜੀਤ ਸਿੰਘ ਜਲਾਲਉਸਮਾ, ਅਮਰਜੀਤ ਸਿੰਘ ਬੰਡਾਲਾ, ਭਾਈ ਮਨਜੀਤ ਸਿੰਘ, ਭਾਈ ਜਸਵੰਤ ਸਿੰਘ ਖਾਲੜਾ ਦੀ ਭੈਣ ਬੀਬੀ ਬਲਵੀਰ ਕੌਰ, ਮੁੱਖ ਗਵਾਹ ਕੁਲਦੀਪ ਸਿੰਘ ਬਚੜੇ ਦੀ ਪਤਨੀ ਬੀਬੀ ਕਮਲਜੀਤ ਕੌਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਗੁਰਨਾਮ ਸਿੰਘ, ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ ਅਤੇ ਮੈਨੇਜਰ ਮੇਜਰ ਸਿੰਘ ਹਾਜ਼ਰ ਸਨ।
← Back to News