ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਘੇਰਨ ਜਾਂਦੇ ਕਾਂਗਰਸੀਆਂ ਤੇ ਪੁਲੀਸ ਵਿਚਾਲੇ ਖਿੱਚ-ਧੂਹ

ਪੰਜਾਬ ਕਾਂਗਰਸ ਵੱਲੋਂ ਅੱਜ ‘ਆਪ’ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਮੁਜ਼ਾਹਰਾ ਕੀਤਾ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸੀ ਵਰਕਰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਪੁਲੀਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰਾਹ ’ਚ ਰੋਕ ਲਿਆ। ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਖਿੱਚ-ਧੂਹ ਹੋਈ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਕਈ ਜਣਿਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪ੍ਰਧਾਨ ਰਾਜਾ ਵੜਿੰਗ ਨੇ ਸੰਬੋਧਨ ਕਰਦਿਆਂ ਦਿੜ੍ਹਬਾ ਦੇ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਨੇ ਆਪਣੇ ਆਖਰੀ ਬਿਆਨ ਵਿੱਚ ਸਪੱਸ਼ਟ ਕਿਹਾ ਸੀ ਕਿ ਉਸ ਦੀ ਖ਼ੁਦਕੁਸ਼ੀ ਲਈ ਹਰਪਾਲ ਚੀਮਾ ਜ਼ਿੰਮੇਵਾਰ ਹੈ। ਉਨ੍ਹਾਂ ਸ਼ੇਰੋਂ ਪਿੰਡ ਦੇ ਮੋਹਣਜੀਤ ਸਿੰਘ ’ਤੇ ਪੁਲੀਸ ਵੱਲੋਂ ਕੀਤੇ ਤਸ਼ੱਦਦ ਦਾ ਵੀ ਜ਼ਿਕਰ ਕੀਤਾ, ਜਿਸ ਦਾ ਕਸੂਰ ਸਿਰਫ਼ ਇੰਨਾ ਸੀ ਕਿ ਉਸ ਨੇ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣ ਦੀ ਹਿੰਮਤ ਕੀਤੀ ਸੀ। ਉਨ੍ਹਾਂ ਜਬਰ-ਜਨਾਹ ਦੇ ਇੱਕ ਮੁਲਜ਼ਮ ਨੂੰ ਦਿੱਤੀ ਜਾ ਰਹੀ ਸਰਪ੍ਰਸਤੀ ’ਤੇ ਮੁੱਖ ਮੰਤਰੀ ਦੀ ਚੁੱਪ ’ਤੇ ਵੀ ਸਵਾਲ ਚੁੱਕੇ। ਇਸ ਦੌਰਾਨ ਵੜਿੰਗ ਨੇ ਭਾਜਪਾ ਅਤੇ ‘ਆਪ’ ਵਿਚਕਾਰ ਗੁਪਤ ਸਮਝੌਤਾ ਹੋਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਭਾਜਪਾ ‘ਆਪ’ ਨੂੰ ਗੁਜਰਾਤ ਵਿੱਚ ਭਾਜਪਾ ਵਿਰੋਧੀ ਵੋਟਾਂ ਵੰਡਣ ਲਈ ਵਰਤਣਾ ਚਾਹੁੰਦੀ ਹੈ। ਵੜਿੰਗ ਨੇ ‘ਆਪ’ ’ਤੇ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਗੈਂਗਸਟਰਾਂ ਤੋਂ ਰਾਹਤ ਚਾਹੁੰਦੇ ਹਨ, ਪਰ ਸੱਤਾਧਾਰੀ ਪਾਰਟੀ ਉਨ੍ਹਾਂ ਨੂੰ ਸ਼ਾਮਲ ਕਰ ਕੇ ਸਿਆਸੀ ਤਾਕਤ ਮੁਹੱਈਆ ਕਰਵਾ ਰਹੀ ਹੈ।
← Back to News