World News
Published: 10 Sep 2026
ਬੇਅਦਬੀਆਂ ਦੇ ਝੂਠੇ ਦੋਸ਼ਾਂ ਨਾਲ ਅਕਾਲੀ ਦਲ ਨੂੰ ਬਦਨਾਮ ਕੀਤਾ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਅਦਬੀਆਂ ਦੇ ਝੂਠੇ ਦੋਸ਼ ਲਾ ਕੇ ਅਕਾਲੀ ਦਲ ਨੂੰ ਬਦਨਾਮ ਕੀਤਾ ਗਿਆ, ਪਰ ਪੰਜਾਬ ਦੇ ਲੋਕ ਹੁਣ ਵਿਰੋਧੀ ਧਿਰਾਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ। ਉਹ ਅਨਾਜ ਮੰਡੀ ਵਿੱਚ ਅਕਾਲੀ ਆਗੂ ਮੱਖਣ ਬਰਾੜ ਦੀ ਅਗਵਾਈ ਹੇਠ ਕਰਵਾਈ ਗਈ ਪੰਜਾਬ ਬਚਾਓ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 10 ਸਾਲਾਂ ਵਿੱਚ 650 ਧਾਰਮਿਕ ਬੇਅਦਬੀਆਂ ਹੋਈਆਂ ਹਨ, ਜਿਨ੍ਹਾਂ ’ਚੋਂ ਮਾਲੇਰਕੋਟਲਾ ਬੇਅਦਬੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦਾ ਵਿਧਾਇਕ ਦੋਸ਼ੀ ਪਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਪੂਰੀ ਤਾਕਤ ਲਾ ਰਹੀਆਂ ਹਨ, ਪਰ 105 ਸਾਲ ਪਹਿਲਾਂ ਬਜ਼ੁਰਗਾਂ ਦੀਆਂ ਕੁਰਬਾਨੀਆਂ ਨਾਲ ਕਾਇਮ ਹੋਈ ਇਹ ਪਾਰਟੀ ਕਦੇ ਖ਼ਤਮ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਅਕਾਲੀ ਸਰਕਾਰ ਵੇਲੇ ਹੀ ਹੋਈ। ਮੌਜੂਦਾ ਸਮੇਂ ਪੰਜਾਬ ਵਿੱਚ ਕਾਨੂੰਨ ਦਾ ਰਾਜ ਖ਼ਤਮ ਹੋ ਗਿਆ ਹੈ। ਹੁਣ ਪੰਜਾਬ ਨੂੰ ਬਚਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਪਾਣੀਆਂ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ ’ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ‘ਵਾਰਿਸ ਪੰਜਾਬ’ ਜਥੇਬੰਦੀ ‘ਆਪ’ ਦੀ ਹੀ ਦੇਣ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਪਰਿਵਾਰ ਨੇ ਗੁਰੀ ਚਹਿਲ ਮਾਮਲੇ ਵਿੱਚ ਪੰਜ ਕਰੋੜ ਰੁਪਏ ਦਾ ਨਜ਼ਰਾਨਾ ਲਿਆ ਹੈ, ਜਿਸ ਦੇ ਸਬੂਤ ਸਾਹਮਣੇ ਆ ਚੁੱਕੇ ਹਨ। ਇਸ ਮੌਕੇ ਮੱਖਣ ਬਰਾੜ ਨੇ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਦਾ ਸਵਾਗਤ ਕਰਦਿਆਂ ਹਲਕੇ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਰੈਲੀ ਵਿੱਚ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਤੇ ਹੋਰ ਹਾਜ਼ਰ ਸਨ।
← Back to News