ਸਰਕਾਰ ਨਸ਼ਾ ਬੰਦ ਕਰਨ ਦੀ ਥਾਂ ਲੋਕਾਂ ਦੀ ਆਵਾਜ਼ ਬੰਦ ਕਰਨ ਲੱਗੀ: ਕੇਵਲ ਢਿੱਲੋਂ

ਪਿੰਡ ਤੂਰਬੰਜਾਰਾ ਵਿੱਚ ਵਿੱਤ ਮੰਤਰੀ ਦੇ ਸਮਾਗਮ ਦੌਰਾਨ ਨਸ਼ੇ ਦਾ ਮੁੱਦਾ ਚੁੱਕਣ ਵਾਲੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਅੱਜ ਫੁੱਲ ਚੁਗਣ ਦੀ ਰਸਮ ਮੌਕੇ ਪਿੰਡ ਦਾ ਮਾਹੌਲ ਗਮਗੀਨ ਬਣਿਆ ਰਿਹਾ। ਅੱਜ ਸਵੇਰ ਤੋਂ ਸ਼ਾਮ ਤੱਕ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਿਕ ਸ਼ਖ਼ਸੀਅਤਾਂ ਅਤੇ ਇਲਾਕੇ ਦੇ ਲੋਕਾਂ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟਾਈ। ਇਸ ਦੌਰਾਨ ਪੰਜਾਬ ਪੁਲੀਸ ਵੱਲੋਂ ਪਿੰਡ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਿਨਰਜੀਤ ਸਿੰਘ ਗੋਲਡੀ ਸਮੇਤ ਕਾਂਗਰਸ ਅਤੇ ਵਾਰਿਸ ਪੰਜਾਬ ਦੇ ਆਗੂ ਵੀ ਪਹੁੰਚੇ। ਇਸ ਦੌਰਾਨ ਭਾਜਪਾ ਆਗੂਆਂ ਨੇ ਪੀੜਤ ਪਰਿਵਾਰ ਨੂੰ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦਾ ਭਰੋਸਾ ਦਿੱਤਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਸਿਰਫ਼ ਇੱਕ ਪਰਿਵਾਰ ਦਾ ਦੁੱਖ ਨਹੀਂ, ਸਮਾਜ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਗੁਲਜ਼ਾਰ ਸਿੰਘ ਦੀ ਮੌਤ ਨੇ ਹਰ ਸੰਵੇਦਨਸ਼ੀਲ ਮਨੁੱਖ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਬੰਦ ਕਰਨ ਦੀ ਥਾਂ ਲੋਕਾਂ ਦੀ ਆਵਾਜ਼ ਬੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜਾਣਕਾਰੀ ਅਨੁਸਾਰ ਜਦੋਂ ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ ਅਤੇ ਸੁਨੀਲ ਜਾਖਲ ਵਾਪਸ ਜਾ ਰਹੇ ਸਨ ਤਾਂ ਪਿੰਡ ਤੂਰਬੰਜਾਰਾ ਦੇ ਬੱਸ ਅੱਡੇ ’ਤੇ ਦਿੱਲੀ ਲੁਧਿਆਣਾ ਕੌਮੀ ਰੋਡ ’ਤੇ ਪੁਲੀਸ ਵੱਲੋਂ ਬੈਰੀਕੇਡ ਲਾ ਕੇ ਉਨ੍ਹਾਂ ਦੇ ਕਾਫ਼ਲੇ ਨੂੰ ਰੋਕਿਆ ਗਿਆ ਅਤੇ ਉਨ੍ਹਾਂ ਨੂੰ ਰਸਤਾ ਬਦਲਣ ਲਈ ਆਖਿਆ। ਇਸ ਮਗਰੋਂ ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ ਅਤੇ ਮਨਪ੍ਰੀਤ ਸਿੰਘ ਬਾਦਲ ਦੀ ਪੁਲੀਸ ਨਾਲ ਬਹਿਸ ਹੋ ਗਈ। ਇਸ ਦੌਰਾਨ ‘ਆਪ’ ਵਰਕਰ ਕੇਵਲ ਸਿੰਘ ਢਿੱਲੋਂ ਦੀ ਕਾਰ ਨੇੜੇ ਪਹੁੰਚ ਗਏ। ਜਦੋਂ ਭਾਜਪਾ ਆਗੂ ਪੈਦਲ ਜਾ ਰਹੇ ਸਨ ਤਾਂ ਅੱਗੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸਮਰਥਕਾਂ ਤੇ ‘ਆਪ’ ਕਾਰਕੁਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਗੁਲਜ਼ਾਰ ਸਿੰਘ ਦੀ ਮੌਤ ’ਤੇ ਸਿਆਸਤ ਨਾ ਕਰਨ ਸਬੰਧੀ ਨਾਅਰੇ ਲਾਏ। ਇਸ ਤੋਂ ਪਹਿਲਾਂ ਪੁਲੀਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਗੋਲਡੀ ਅਤੇ ਪਾਰਟੀ ਵਰਕਰਾਂ ਨੂੰ ਤੂਰਬੰਜਾਰਾ ਵਿੱਚ ਵੜਨ ਨਹੀਂ ਦਿੱਤਾ ਗਿਆ ਅਤੇ ਉਨ੍ਹਾਂ ਕੌਮੀ ਮਾਰਗ ’ਤੇ ਧਰਨਾ ਲਾ ਕੇ ਸੜਕ ਜਾਮ ਕਰ ਦਿੱਤੀ। ਪਿੰਡ ਵਿੱਚ ਜਾਣ ਦੇਣ ਤੋਂ ਬਾਅਦ ਉਨ੍ਹਾਂ ਧਰਨਾ ਚੁੱਕਿਆ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵੱਲੋਂ ਨਿਰਪੱਖ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
← Back to News