World News
Published: 10 Sep 2026
ਪਹਿਲਾ ਪ੍ਰਕਾਸ਼ ਪੁਰਬ: ਰੰਗ-ਬਿਰੰਗੇ ਵਿਦੇਸ਼ੀ ਫੁੱਲਾਂ ਨਾਲ ਮਹਿਕਿਆ ਸ੍ਰੀ ਦਰਬਾਰ ਸਾਹਿਬ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸੁੰਦਰ ਸਜਾਵਟ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਫੁੱਲਾਂ ਦੀ ਸਜਾਵਟ ਦਾ ਇਹ ਕੰਮ ਬੀਤੇ ਕੱਲ੍ਹ ਤੋਂ ਸ਼ੁਰੂ ਹੋਇਆ ਹੈ, ਜੋ 11 ਸਤੰਬਰ ਦੀ ਰਾਤ ਤੱਕ ਪੂਰਾ ਹੋ ਜਾਵੇਗਾ। ਇਸ ਸਜਾਵਟ ਲਈ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਫੁੱਲ ਮੰਗਵਾਏ ਗਏ ਹਨ ਅਤੇ ਲਗਪਗ ਪੰਜ ਟਰੱਕ ਫੁੱਲਾਂ ਦੀ ਵਰਤੋਂ ਕੀਤੀ ਜਾਵੇਗੀ। ਫੁੱਲਾਂ ਦੀ ਸਜਾਵਟ ਦੀ ਇਹ ਸੇਵਾ ਗੁਰੂ ਘਰ ਦੇ ਸ਼ਰਧਾਲੂ ਸਵਿੰਦਰਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਨਿਭਾਈ ਜਾ ਰਹੀ ਹੈ। ਇਸ ਕੰਮ ਲਈ ਵੱਖ-ਵੱਖ ਕਿਸਮਾਂ ਦੇ ਫੁੱਲ ਅਤੇ ਵਿਸ਼ੇਸ਼ ਕਾਰੀਗਰ ਵੀ ਮੰਗਵਾਏ ਗਏ ਹਨ, ਜਿਸ ਵਿੱਚ ਸੰਗਤਾਂ ਵੀ ਪੂਰਾ ਸਹਿਯੋਗ ਦੇ ਰਹੀਆਂ ਹਨ। ਇਸ ਸਜਾਵਟ ਤਹਿਤ ਸ੍ਰੀ ਹਰਿਮੰਦਰ ਸਾਹਿਬ ਦੀ ਮੁੱਖ ਇਮਾਰਤ, ਦਰਸ਼ਨੀ ਡਿਓੜੀ, ਸ੍ਰੀ ਅਕਾਲ ਤਖ਼ਤ ਸਾਹਿਬ, ਪਰਿਕਰਮਾ ਅਤੇ ਹੋਰ ਵੱਖ-ਵੱਖ ਥਾਵਾਂ ਨੂੰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ 12 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ 12 ਸਤੰਬਰ ਨੂੰ ਪੈਣਗੇ। ਇਸ ਤੋਂ ਇਲਾਵਾ 11 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿੱਚ ਸਿੰਘ ਸਾਹਿਬਾਨ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਇਤਿਹਾਸ ਨਾਲ ਜੋੜਨਗੇ। 12 ਸਤੰਬਰ ਨੂੰ ਪੁਰਾਤਨ ਰਵਾਇਤ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਕਾਸ਼ ਪੁਰਬ ਵਾਲੇ ਦਿਨ ਯਾਨੀ 12 ਸਤੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਜਾਣਗੇ। ਇਸੇ ਤਰ੍ਹਾਂ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਬਦ ਵਿਚਾਰ ਅਤੇ ਕੀਰਤਨ ਸਮਾਗਮ ਹੋਵੇਗਾ ਅਤੇ ਨਾਲ ਹੀ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਅੰਤ ਵਿੱਚ ਉਨ੍ਹਾਂ ਤਿਆਰੀਆਂ ਮੁਕੰਮਲ ਹੋਣ ਦੀ ਜਾਣਕਾਰੀ ਦਿੰਦਿਆਂ ਸਮੂਹ ਸੰਗਤਾਂ ਨੂੰ ਆਪਣੇ ਪਰਿਵਾਰਾਂ ਸਮੇਤ ਇਨ੍ਹਾਂ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਾਜ਼ਰੀ ਲਗਵਾਉਣ ਦੀ ਅਪੀਲ ਕੀਤੀ।
← Back to News