World News
Published: 14 Sep 2026
ਕਿਸਾਨ ਮਜ਼ਦੂਰ ਮੋਰਚਾ ਭਲਕੇ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਲਗਾਏਗਾ ਮੋਰਚੇ
ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭਲਕੇ 14 ਸਤੰਬਰ ਤੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਦੇ ਘਰਾਂ ਅੱਗੇ ਮੋਰਚੇ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਨ੍ਹਾਂ ਮੋਰਚਿਆਂ ਰਾਹੀਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਹੋਰ ਵਰਗਾਂ ਨਾਲ ਸਬੰਧਤ ਅਹਿਮ ਮੰਗਾਂ ਨੂੰ ਪੰਜਾਬ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਲਈ ਬਿਜਲੀ ਅਤੇ ਖਾਦਾਂ ਦਾ ਸੰਕਟ ਬਣਿਆ ਹੋਇਆ ਹੈ, ਜਿਸ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ ਫ਼ਸਲ ਦੀ ਐੱਮ ਐੱਸ ਪੀ ’ਤੇ ਸਰਕਾਰੀ ਖਰੀਦ ਕੀਤੀ ਜਾਵੇ। ਇਸ ਤੋਂ ਇਲਾਵਾ ਕਿਸਾਨਾਂ-ਮਜ਼ਦੂਰਾਂ ਦੀ ਕੁੱਲ ਕਰਜ਼ਾ ਮੁਕਤੀ ਕੀਤੀ ਜਾਵੇ ਅਤੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ, ਹਵਾ ਤੇ ਪਾਣੀ ਦੇ ਵਧ ਰਹੇ ਪ੍ਰਦੂਸ਼ਣ ਦੇ ਸੰਕਟ ਨੂੰ ਹੱਲ ਕਰਨ ਲਈ ਪ੍ਰਭਾਵਸ਼ਾਲੀ ਨੀਤੀ ਬਣਾਈ ਜਾਵੇ। ਕਿਸਾਨ ਆਗੂ ਨੇ ਮੰਗ ਕੀਤੀ ਕਿ ਦਰਿਆਈ ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਅਨੁਸਾਰ ਕੀਤੀ ਜਾਵੇ। ਇਸ ਤੋਂ ਇਲਾਵਾ ਬੀਜ ਐਕਟ-2025, ਸਹਿਕਾਰਤਾ ਕਾਨੂੰਨ-2026, ਮਨਰੇਗਾ ਨੂੰ ਤੋੜ ਕੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਜੀ ਰਾਮ ਜੀ ਕਾਨੂੰਨ ਤੇ ਬਿਜਲੀ ਸੋਧ ਬਿੱਲ-2025 ਨੂੰ ਪੰਜਾਬ ਵਿਧਾਨ ਸਭਾ ਵਿੱਚ ਰੱਦ ਕਰਨ ਲਈ ਮਤੇ ਪਾਸ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪ੍ਰੀਪੇਡ ਬਿਜਲੀ ਮੀਟਰ ਲਗਾਉਣੇ ਤੁਰੰਤ ਬੰਦ ਕੀਤੇ ਜਾਣ। ਪੰਜਾਬ ਸਰਕਾਰ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰੇ। ਉਨ੍ਹਾਂ ਕਿਹਾ ਕਿ ਸ਼ੰਭੂ ਅਤੇ ਖਨੌਰੀ ਮੋਰਚਿਆਂ ਦਾ ਸਾਮਾਨ ਵਾਪਸ ਕੀਤਾ ਜਾਵੇ ਅਤੇ ਅੰਦੋਲਨਾਂ ਦੌਰਾਨ ਦਰਜ ਪਰਚੇ ਰੱਦ ਕੀਤੇ ਜਾਣ ਤੇ ਪਾਕਿਸਤਾਨ ਨਾਲ ਵਪਾਰਕ ਲਾਂਘਾ ਖੋਲ੍ਹਿਆ ਜਾਵੇ। ਕਿਸਾਨ ਆਗੂ ਨੇ ਦੱਸਿਆ ਕਿ 14 ਸਤੰਬਰ ਤੋਂ ਹਰਭਜਨ ਸਿੰਘ ਈ ਟੀ ਓ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਡਾ. ਰਵਜੋਤ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਮੋਹਿੰਦਰ ਭਗਤ, ਹਰਦੀਪ ਸਿੰਘ ਮੁੰਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ (ਸਪੀਕਰ) ਦੇ ਘਰ ਦੇ ਬਾਹਰ ਮੋਰਚੇ ਲਾਏ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦਾ ਢੁੱਕਵਾਂ ਹੱਲ ਨਾ ਕੀਤਾ ਗਿਆ ਤਾਂ 16 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਅਗਲੇ ਤਿੱਖੇ ਸੰਘਰਸ਼ ਦਾ ਫ਼ੈਸਲਾ ਕੀਤਾ ਜਾਵੇਗਾ।
← Back to News