ਪੰਜਾਬ ਦਾ ਅਸਲੀ ਵਾਰਿਸ ਸ਼੍ਰੋਮਣੀ ਅਕਾਲੀ ਦਲ: ਸੁਖਬੀਰ

ਹਲਕਾ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਥਾਪੇ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਵਿੱਚ ਕਰਾਈ ਗਈ ‘ਪੰਜਾਬ ਬਚਾਓ ਰੈਲੀ’ ’ਚ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟ ਰਹੀ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿੱਚ ਹੀ ਮਹਿਫੂਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਜੇ ਕੋਈ ਅਸਲੀ ਵਾਰਿਸ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਹੀ ਹੈ। ਸੁਖਬੀਰ ਬਾਦਲ ਨੇ ਖਡੂਰ ਸਾਹਿਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ‘ਆਪ’ ਸਰਕਾਰ ਪੰਥ ਵਿਰੋਧੀ ਸਰਕਾਰ ਸਾਬਤ ਹੋਈ ਹੈ। ਇਸ ਨੇ ਸਿੱਖ ਕੌਮ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਇਸ ਮੌਕੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮਾਨ ਸਰਕਾਰ ਨੂੰ ਰਿਮੋਟ ਕੰਟਰੋਲ ਨਾਲ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ। ਵਲਟੋਹਾ ਨੇ ਦੋਸ਼ ਲਾਇਆ ਕਿ ਸਰਕਾਰ ਨੂੰ ਸਵਾਲ ਕਰਨ ਵਾਲਿਆਂ ’ਤੇ ਤਸ਼ੱਦਦ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾਂ ਸ਼ੇਰੋਂ ਨੇ ‘ਆਪ’ ਸਰਕਾਰ ਨੂੰ ਪੰਜਾਬ ਦੀ ਸਭ ਤੋਂ ਵੱਧ ਭ੍ਰਿਸ਼ਟ ਅਤੇ ਲੋਟੂ ਸਰਕਾਰ ਕਰਾਰ ਦਿੰਦਿਆਂ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੂੰ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸਿਕੰਦਰ ਸਿੰਘ ਵਰਾਣਾ, ਤਜਿੰਦਰ ਸਿੰਘ ਪ੍ਰਿੰਸ, ਕੁਲਦੀਪ ਸਿੰਘ ਲਹੌਰੀਆ, ਭੁਪਿੰਦਰ ਸਿੰਘ ਭਿੰਦਾ ਫਤਿਆਬਾਦ, ਦਲਬੀਰ ਸਿੰਘ ਜਹਾਂਗੀਰ ਤੇ ਹੋਰ ਹਾਜ਼ਰ ਸਨ।
← Back to News