World News
Published: 15 Sep 2026
CM Bhagwant Mann ਦੇਣ ਅਸਤੀਫ਼ਾ; ਬਿਜਲੀ ਸੰਕਟ ਤੇ ਵਿਗੜੀ ਕਾਨੂੰਨ-ਵਿਵਸਥਾ ਲਈ ‘ਆਪ’ ਸਰਕਾਰ ਜ਼ਿੰਮੇਵਾਰ: ਡਾ. ਚੀਮਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਬਿਜਲੀ ਸੰਕਟ, ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਵਾਅਦਾ-ਖ਼ਿਲਾਫ਼ੀ ਦੇ ਮੁੱਦੇ ’ਤੇ ਘੇਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਪਾਰਟੀ ਆਗੂਆਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸੂਬੇ ਵਿੱਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਰੋਸ ਵਧ ਰਿਹਾ ਹੈ। ਸੂਬੇ ਵਿੱਚ ਬਿਜਲੀ ਦੇ ਲੰਬੇ ਕੱਟਾਂ ਦਾ ਜ਼ਿਕਰ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਨਵੇਂ ਥਰਮਲ ਪਲਾਂਟ ਸਥਾਪਤ ਕਰਕੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਗਿਆ ਸੀ, ਜਦਕਿ ਇਸ ਤੋਂ ਬਾਅਦ ਆਈਆਂ ਸਰਕਾਰਾਂ ਨੇ ਬਿਜਲੀ ਉਤਪਾਦਨ ਵਧਾਉਣ ਲਈ ਕੋਈ ਨਵਾਂ ਯੂਨਿਟ ਨਹੀਂ ਲਾਇਆ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਮੇਂ ਸੂਬੇ ਦੀ ਇੰਡਸਟਰੀ ਲੰਬੇ ਬਿਜਲੀ ਕੱਟਾਂ ਦੀ ਮਾਰ ਝੱਲ ਰਹੀ ਹੈ ਅਤੇ ਝੋਨੇ ਦੀ ਫ਼ਸਲ ਵੀ ਪ੍ਰਭਾਵਿਤ ਹੋ ਰਹੀ ਹੈ। ਡਾ. ਚੀਮਾ ਨੇ ਕਿਹਾ ਕਿ ਬਿਜਲੀ ਬੋਰਡ ਦੇ ਚੇਅਰਮੈਨ ਨੂੰ ਬਦਲ ਦੇਣਾ ਸਮੱਸਿਆ ਦਾ ਹੱਲ ਨਹੀਂ ਹੈ। ਸਰਕਾਰ ਅਧਿਕਾਰੀਆਂ ਸਿਰ ਜ਼ਿੰਮੇਵਾਰੀ ਪਾ ਕੇ ਆਪਣੀ ਜਵਾਬਦੇਹੀ ਤੋਂ ਨਹੀਂ ਬਚ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਿਜਲੀ ਸੰਕਟ ਦਾ ਪੱਕਾ ਹੱਲ ਕੱਢਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਬਿਜਲੀ ਸੰਕਟ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ 16 ਸਤੰਬਰ ਨੂੰ ਸਵੇਰੇ 11 ਵਜੇ ਸਾਰੇ ਹਲਕਿਆਂ ਵਿੱਚ ਬਿਜਲੀ ਗਰਿਡਾਂ ਅੱਗੇ ਧਰਨੇ ਦਿੱਤੇ ਜਾਣਗੇ। ਅਮਨ-ਕਾਨੂੰਨ ਦੀ ਸਥਿਤੀ ਬਾਰੇ ਡਾ. ਚੀਮਾ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਗ੍ਰਨੇਡ ਹਮਲਿਆਂ, ਬੇਅਦਬੀ ਦੀਆਂ ਘਟਨਾਵਾਂ ਅਤੇ ਹੋਰ ਅਪਰਾਧਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇੰਟੈਲੀਜੈਂਸ ਹੈੱਡਕੁਆਰਟਰ, ਭਾਜਪਾ ਦਫ਼ਤਰਾਂ ਅਤੇ ਥਾਣਿਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਵਿੱਚ ਅਸਫ਼ਲ ਰਹੀ ਹੈ। ਪੰਜਾਬ ਸਿਰ ਕਰੀਬ ਸਾਢੇ ਚਾਰ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹਾਉਣ ਦਾ ਦੋਸ਼ ਲਾਉਂਦਿਆਂ ਡਾ. ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਅਸਫ਼ਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕਰਨ ਕਾਰਨ ਲੋਕਾਂ ਵਿੱਚ ਨਿਰਾਸ਼ਾ ਵਧ ਰਹੀ ਹੈ। ਅਕਾਲੀ ਦਲ ਵੱਲੋਂ ਬਣਾਈ ਮੈਨੀਫੈਸਟੋ ਕਮੇਟੀ ਬਾਰੇ ਉਨ੍ਹਾਂ ਕਿਹਾ ਕਿ 18 ਸਤੰਬਰ ਨੂੰ ਦੁਪਹਿਰ 12 ਵਜੇ ਇਸ ਦੀ ਪਹਿਲੀ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਚੋਣ ਮਨੋਰਥ ਪੱਤਰ ਸਿਰਫ਼ ਸਿਆਸੀ ਵਾਅਦਿਆਂ ਦਾ ਦਸਤਾਵੇਜ਼ ਨਹੀਂ ਹੋਵੇਗਾ, ਸਗੋਂ ਕਿਸਾਨਾਂ, ਦਲਿਤ ਪਰਿਵਾਰਾਂ, ਮੁਲਾਜ਼ਮਾਂ, ਵਪਾਰੀਆਂ, ਸਨਅਤਕਾਰਾਂ, ਕੰਢੀ ਤੇ ਸਰਹੱਦੀ ਖੇਤਰਾਂ ਦੇ ਲੋਕਾਂ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਤਿਆਰ ਕੀਤਾ ਜਾਵੇਗਾ। ਪੰਜਾਬ ਯੂਨੀਵਰਸਿਟੀ ਦੇ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚੋਂ 15ਵੀਂ ਤੋਂ 20ਵੀਂ ਸਦੀ ਤੱਕ ਦੇ ਪੰਜਾਬ ਦੇ ਇਤਿਹਾਸ ਨੂੰ ਹਟਾਉਣ ਦੇ ਮੁੱਦੇ ’ਤੇ ਡਾ. ਚੀਮਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਯੂਨੀਵਰਸਿਟੀ ਦੇ ਉਪ-ਕੁਲਪਤੀ (ਵਾਈਸ ਚਾਂਸਲਰ) ਅਤੇ ਇਤਿਹਾਸ ਵਿਭਾਗ ਦੇ ਮੁਖੀ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਦੋ ਦਿਨਾਂ ਵਿੱਚ ਪੁਰਾਣਾ ਸਿਲੇਬਸ ਬਹਾਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਿਲੇਬਸ ਬਹਾਲ ਨਾ ਕੀਤਾ ਗਿਆ ਤਾਂ ਅਕਾਲੀ ਦਲ ਵੱਲੋਂ ਇਸ ਮਾਮਲੇ ’ਤੇ ਸਖ਼ਤ ਕਦਮ ਚੁੱਕਿਆ ਜਾਵੇਗਾ। ਭਾਜਪਾ ਨਾਲ ਸੰਭਾਵਿਤ ਗਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਡਾ. ਚੀਮਾ ਨੇ ਕਿਹਾ ਕਿ ਪਾਰਟੀ ਆਪਣੀ ਸਿਆਸੀ ਤਿਆਰੀ ਵਿੱਚ ਲੱਗੀ ਹੋਈ ਹੈ ਅਤੇ ਖਡੂਰ ਸਾਹਿਬ ਵਿੱਚ ਹੋਈ ਰੈਲੀ ਨੂੰ ਉਨ੍ਹਾਂ ਪਾਰਟੀ ਦੀ ਮਜ਼ਬੂਤੀ ਦਾ ਪ੍ਰਗਟਾਵਾ ਦੱਸਿਆ। ‘ਵਾਰਿਸ ਪੰਜਾਬ ਪਾਰਟੀ’ ਵੱਲੋਂ ਅਕਾਲੀ ਦਲ ਦੇ ਵੋਟ ਬੈਂਕ ਨੂੰ ਪ੍ਰਭਾਵਿਤ ਕਰਨ ਦੇ ਦਾਅਵਿਆਂ ਬਾਰੇ ਡਾ. ਚੀਮਾ ਨੇ ਕਿਹਾ ਕਿ ਇਨ੍ਹਾਂ ਧਿਰਾਂ ਦਾ ਮੁੱਖ ਨਿਸ਼ਾਨਾ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਧਿਰਾਂ ਕਾਂਗਰਸ ਜਾਂ ਮੌਜੂਦਾ ਸਰਕਾਰ ਖ਼ਿਲਾਫ਼ ਕਦੇ ਖੁੱਲ੍ਹ ਕੇ ਨਹੀਂ ਬੋਲਦੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੇ ਅਮਨ-ਚੈਨ, ਖੇਤੀਬਾੜੀ, ਰੋਜ਼ਗਾਰ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਸਮਝਦੇ ਹਨ ਅਤੇ ਸ਼੍ਰੋਮਣੀਅਕਾਲੀ ਦਲ ਇਨ੍ਹਾਂ ਮੁੱਦਿਆਂ ’ਤੇ ਆਪਣੇ ਆਪ ਨੂੰ ਮਜ਼ਬੂਤ ਸਿਆਸੀ ਵਿਕਲਪ ਵਜੋਂ ਪੇਸ਼ ਕਰ ਰਿਹਾ ਹੈ।
← Back to News