ਵਿਵਾਦਿਤ ਮੱਦਾਂ ਹਟਣ ਤੱਕ ਬੇਅਦਬੀ ਕਾਨੂੰਨ ਲਾਗੂ ਨਾ ਕੀਤਾ ਜਾਵੇ: ਗੜਗੱਜ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦੀਆਂ ਵਿਵਾਦਿਤ ਮੱਦਾਂ ਨੂੰ ਹਟਾਏ ਜਾਣ ਤੱਕ ਇਸ ਨੂੰ ਲਾਗੂ ਨਾ ਕੀਤਾ ਜਾਵੇ। ਇਹ ਮੰਗ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵਿਵਾਦਿਤ ਮੱਦਾਂ ਸਬੰਧੀ ਮਾਮਲਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸਬੰਧਤ ਕਾਨੂੰਨ ਜਾਂ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਤੋਂ ਰੋਕਿਆ ਜਾਣਾ ਚਾਹੀਦਾ ਹੈ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਪੰਜਾਬ ਸਰਕਾਰ ਨੇ ਇਸ ਐਕਟ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਸਰਕਾਰ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਬਾਰੇ ਜਥੇਦਾਰ ਗੜਗੱਜ ਨੇ ਕਿਹਾ ਕਿ ਅਕਾਲ ਤਖ਼ਤ ਵੱਲੋਂ ਸਰਕਾਰ ਨੂੰ ਦਿੱਤੇ ਸਮੇਂ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਇਹ ਕਮੇਟੀ ਬਣਾਈ ਗਈ ਹੈ। ਬੇਅਦਬੀ ਨਾਲ ਸਬੰਧਤ ਕਾਨੂੰਨ ਵਿੱਚ ਜਿਹੜੀਆਂ ਮੱਦਾਂ ਬਾਰੇ ਇਤਰਾਜ਼ ਹਨ, ਉਨ੍ਹਾਂ ਨੂੰ ਦੂਰ ਕਰਕੇ ਮਾਮਲੇ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ। ਭਾਜਪਾ ਦੇ ਸੰਸਦ ਮੈਂਬਰ ਬਿਧੂੜੀ ਵੱਲੋਂ ਅਕਾਲ ਤਖ਼ਤ ਨੂੰ ਭੇਜੀ ਲਿਖਤੀ ਮੁਆਫ਼ੀ ਬਾਰੇ ਜਥੇਦਾਰ ਗੜਗੱਜ ਨੇ ਕਿਹਾ ਕਿ ਸੱਜਣ ਕੁਮਾਰ ਦੇ ਭੋਗ ਵਿੱਚ ਸ਼ਾਮਲ ਹੋਣਾ ਉਨ੍ਹਾਂ ਦੀ ਵੱਡੀ ਭੁੱਲ ਸੀ, ਜੇ ਕਿਸੇ ਗੈਰ-ਸਿੱਖ ਸੰਸਦ ਮੈਂਬਰ ਨੇ ਆਪਣੀ ਭੁੱਲ ਮੰਨਦਿਆਂ ਅਕਾਲ ਤਖ਼ਤ ਤੋਂ ਮੁਆਫ਼ੀ ਮੰਗੀ ਹੈ ਅਤੇ ਉੱਥੋਂ ਮਿਲਣ ਵਾਲੇ ਹੁਕਮ ਜਾਂ ਸਜ਼ਾ ਨੂੰ ਪ੍ਰਵਾਨ ਕਰਨ ਦੀ ਗੱਲ ਆਖੀ ਹੈ ਤਾਂ ਇਸ ਤੋਂ ਉਨ੍ਹਾਂ ਲੋਕਾਂ ਨੂੰ ਵੀ ਸੇਧ ਲੈਣੀ ਚਾਹੀਦੀ ਹੈ, ਜੋ ਸਿੱਖ ਹੋਣ ਦੇ ਬਾਵਜੂਦ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਪਾਲਣਾ ਨਹੀਂ ਕਰ ਰਹੇ।
← Back to News