World News
Published: 24 Sep 2026
ਸ਼੍ਰੋਮਣੀ ਕਮੇਟੀ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਵੇ: ਪੰਨੂ
ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਵਾਲੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਚੁੱਪੀ ’ਤੇ ਸਵਾਲ ਚੁੱਕੇ ਹਨ। ਸ੍ਰੀ ਪੰਨੂ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐੱਸ ਜੀ ਪੀ ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਲਗਭਗ ਮਹੀਨੇ ਬਾਅਦ ਸਾਹਮਣੇ ਆਏ ਅਤੇ ਵੀਡੀਓ ਬਿਆਨ ਜਾਰੀ ਕਰ ਦਿੱਤਾ। ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਨੂੂੰ ਲੈ ਕੇ ਸਿੱਖ ਸੰਗਤ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ, ਜਿਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਜਵਾਬ ਦੇਣਾ ਚਾਹੀਦਾ ਹੈ। ਇਸ ਘਟਨਾ ਨੇ ਧਾਰਮਿਕ ਸੰਸਥਾਵਾਂ ਦੀ ਕਾਰਜਪ੍ਰਣਾਲੀ ਅਤੇ ਆਜ਼ਾਦੀ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਸੰਗਤ ਅਤੇ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸੰਸਥਾਵਾਂ ਦੇ ਕੰਮਕਾਜ ਬਾਰੇ ਸਵਾਲ ਪੁੱਛਣ ਦਾ ਪੂਰਾ ਹੱਕ ਹੈ। ਸਿੱਖ ਬੁੱਧੀਜੀਵੀਆਂ ਅਤੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਇਸ ਮੁੱਦੇ ’ਤੇ ਬੋਲਣਾ ਚਾਹੀਦਾ ਹੈ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ’ਤੇ ਲੰਬੇ ਸਮੇਂ ਤੱਕ ਸਿਆਸੀ ਕੰਟਰੋਲ ਰਹਿਣ ਨਾਲ ਇਨ੍ਹਾਂ ਪ੍ਰਤੀ ਜਨਤਾ ਦਾ ਭਰੋਸਾ ਹੋਰ ਘਟ ਸਕਦਾ ਹੈ।
← Back to News