ਸ਼੍ਰੋਮਣੀ ਕਮੇਟੀ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਦਾ ਨੋਟਿਸ

ਇੱਥੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਦੇ ਦੋ ਮਾਮਲੇ ਸਾਹਮਣੇ ਆਉਣ ਨਾਲ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ। ਪਹਿਲਾ ਮਾਮਲਾ ਬੀਤੇ ਦਿਨ ਦੇਵੀਗੜ੍ਹ ਰੋਡ ’ਤੇ ਸਨੀ ਐਨਕਲੇਵ ਨੇੜੇ ਸਾਹਮਣੇ ਆਇਆ ਸੀ, ਜਦਕਿ ਸਰਕਟ ਹਾਊਸ ਨੇੜੇ ਨਿਹਾਲ ਬਾਗ ਵਿੱਚ ਵਾਪਰੀ ਘਟਨਾ ਬਾਰੇ ਅੱਜ ਪਤਾ ਲੱਗਾ ਹੈ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਨ੍ਹਾਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਹੈ। ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸੰਗਤ ਵੱਲੋਂ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਲਿਆਂਦੇ ਜਾਣ ਮਗਰੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ’ਤੇ ਪ੍ਰਚਾਰਕਾਂ ਨੇ ਸੰਗਤ ਦੇ ਸਹਿਯੋਗ ਨਾਲ ਦੇਵੀਗੜ੍ਹ ਰੋਡ ’ਤੇ ਖਿੱਲਰੇ ਗੁਟਕਾ ਸਾਹਿਬ ਦੇ ਅੰਗ ਅਦਬ ਤੇ ਸਤਿਕਾਰ ਨਾਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਹੁੰਚਾਏ। ਇਸੇ ਤਰ੍ਹਾਂ ਨਿਹਾਲ ਬਾਗ ’ਚੋਂ ਮਿਲੇ ਅੰਗ ਵੀ ਗੁਰਦੁਆਰੇ ਲਿਆਂਦੇ ਗਏ। ਜਥੇਦਾਰ ਗੜ੍ਹੀ ਨੇ ਦੱਸਿਆ ਕਿ ਗੁਰਦੁਆਰੇ ਦੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਭਾਗ ਸਿੰਘ ਨੇ ਤੁਰੰਤ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਪੁਲੀਸ ਅਧਿਕਾਰੀਆਂ ਨੇ ਪ੍ਰਬੰਧਕਾਂ ਨਾਲ ਤਾਲਮੇਲ ਕਰ ਕੇ ਥਾਣਾ ਲਾਹੌਰੀ ਗੇਟ ਅਤੇ ਥਾਣਾ ਸਨੌਰ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੇਅਦਬੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਏ ਹਨ। ਇਸ ਮਗਰੋਂ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਅਤੇ ਗੁਰਦੁਆਰਾ ਪ੍ਰਬੰਧਕਾਂ ਦੇ ਵਫ਼ਦ ਨੇ ਐੱਸ ਪੀ (ਸਿਟੀ) ਮੋਹਿਤ ਅਗਰਵਾਲ ਨਾਲ ਮੁਲਾਕਾਤ ਕਰ ਕੇ ਐੱਸ ਐੱਸ ਪੀ ਪਟਿਆਲਾ ਦੇ ਨਾਂ ਮੰਗ ਪੱਤਰ ਸੌਂਪਿਆ। ਵਫ਼ਦ ਨੇ ਪੁਲੀਸ ਨੂੰ ਬੇਅਦਬੀ ਦੀਆਂ ਘਟਨਾਵਾਂ ਬਾਰੇ ਮੁਕੰਮਲ ਜਾਣਕਾਰੀ ਦਿੱਤੀ। ਜਥੇਦਾਰ ਗੜ੍ਹੀ ਨੇ ਦੋਸ਼ ਲਾਇਆ ਕਿ ਮੌਜੂਦਾ ਮਾਹੌਲ ਵਿੱਚ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਸਰਕਾਰ ਇਨ੍ਹਾਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਘਟਨਾਵਾਂ ਪਿੱਛੇ ਲੁਕੀਆਂ ਤਾਕਤਾਂ ਦਾ ਪਤਾ ਲਾ ਕੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇ।
← Back to News