ਸਿੰਘ ਸਾਹਿਬਾਨ ਕਰਨਗੇ ਰਾਜੋਆਣਾ ਸਬੰਧੀ ਅਗਲੀ ਰਣਨੀਤੀ ਦਾ ਫ਼ੈਸਲਾ

ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੁੜੇ ਸਮੁੱਚੇ ਮਾਮਲੇ ਅਤੇ ਅਗਲੀ ਰਣਨੀਤੀ ਸਬੰਧੀ ਅੰਤਿਮ ਫ਼ੈਸਲਾ ਪੰਜ ਸਿੰਘ ਸਾਹਿਬਾਨ ਵੱਲੋਂ ਕੀਤਾ ਜਾਵੇਗਾ, ਜੋ ਸਮੁੱਚੀ ਕੌਮ ਲਈ ਮਾਰਗਦਰਸ਼ਨ ਹੋਵੇਗਾ ਤੇ ਇਹ ਇਕੱਤਰਤਾ ਛੇਤੀ ਹੀ ਹੋਵੇਗੀ| ਇਸ ਗੱਲ ਦਾ ਪ੍ਰਗਟਾਵਾ ਇਥੇ ਕੇਂਦਰੀ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਸਾਂਝੀ ਬੈਠਕ ਦੌਰਾਨ ਸਾਹਮਣੇ ਆਈ| ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਰਾਜੋਆਣਾ ਨਾਲ ਦੋਵੇਂ ਤਖਤਾਂ ਦੇ ਜਥੇਦਾਰਾਂ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅੱਜ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਉਨ੍ਹਾਂ ਨਾਲ ਦੁਵੱਲੀ ਬੈਠਕ ਕਰਕੇ ਕਈ ਵਿਚਾਰਾਂ ਵੀ ਕੀਤੀਆਂ| ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਰਾਜੋਆਣਾ ਸਿੱਖ ਪਰੰਪਰਾ ’ਤੇ ਪਹਿਰਾ ਦਿੰਦਿਆਂ ਸਪੱਸ਼ਟ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਜਾਨ ਬਖ਼ਸ਼ੀ ਦੀ ਭੀਖ ਨਹੀਂ ਚਾਹੀਦੀ| ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ 2019 ਵਿੱਚ ਰਾਜੋਆਣਾ ਸਬੰਧੀ ਕੀਤੇ ਆਪਣੇ ਐਲਾਨ ਨੂੰ ਹਾਲੇ ਤੱਕ ਲਾਗੂ ਨਹੀਂ ਕਰ ਰਹੀ| ਐਡਵੋਕੇਟ ਧਾਮੀ ਨੇ ਦੱਸਿਆ ਕਿ ਰਾਜੋਆਣਾ ਪਿਛਲੇ ਕਰੀਬ 32 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਨੂੰ ਫਾਂਸੀ ਦੀ ਚੱਕੀ ਵਿੱਚ ਬੈਠਿਆਂ ਵੀ 19 ਸਾਲ ਤੋਂ ਵੱਧ ਹੋ ਚੁੱਕੇ ਹਨ। ਦੇਸ਼ ਦੇ ਕਾਨੂੰਨੀ ਤੇ ਪ੍ਰਸ਼ਾਸਨਿਕ ਢਾਂਚੇ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ ‘ਤੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ ਜਿਸ ਮੁਲਕ ਵਿੱਚ ਇੱਕ ਪੁੱਤ ਨੂੰ ਆਪਣੀ ਬਜ਼ੁਰਗ ਮਾਂ ਨੂੰ ਮਿਲਣ ਲਈ ਵੀ ਪੈਰੋਲ ਨਾ ਦਿੱਤੀ ਜਾਵੇ, ਉੱਥੇ ਇਨਸਾਫ਼ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ? ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕੇਵਲ ਇੱਕ ਵਿਅਕਤੀਗਤ ਮਾਮਲਾ ਨਹੀਂ ਬਲਕਿ ਸਮੁੱਚਾ ‘ਕੌਮੀ ਮਸਲਾ’ ਹੈ|
← Back to News