World News
Published: 04 Oct 2026
ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਪੁਤਲੇ ਸਾੜੇ
ਜ਼ਿਲ੍ਹਾ ਸੰਗਰੂਰ ਦੇ ਪਿੰਡ ਕਨੋਈ ਵਿੱਚ ਖ਼ੁਦਕੁਸ਼ੀ ਕਰ ਗਏ ਨੌਜਵਾਨ ਮਜ਼ਦੂਰ ਦੇ ਮਾਪਿਆਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਪੁਲੀਸ ਵੱਲੋਂ ਜ਼ਬਰਦਸਤੀ ਗ੍ਰਿਫ਼ਤਾਰ ਕਰ ਕੇ ਧੱਕੇ ਨਾਲ ਲਾਸ਼ ਦਾ ਸਸਕਾਰ ਕਰਨ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਸੂਬੇ ਭਰ ਵਿੱਚ ਦਰਜਨਾਂ ਥਾਵਾਂ ’ਤੇ ਰੋਸ ਮੁਜ਼ਾਹਰੇ ਕੀਤੇ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਸੰਗਰੂਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ਤੇ ਮੋਗਾ ਦੇ ਇੱਕ ਦਰਜਨ ਪਿੰਡਾਂ ਵਿੱਚ ਮੁੱਖ ਮੰਤਰੀ ਦੇ ਪੁਤਲੇ ਸਾੜੇ ਗਏ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਪੁਲੀਸ ਦੀ ਇਸ ਕਾਰਵਾਈ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਗਰੀਬ ਪਰਿਵਾਰ ਤੋਂ ਆਪਣੇ ਮ੍ਰਿਤਕ ਨੌਜਵਾਨ ਦੀਆਂ ਅੰਤਿਮ ਰਸਮਾਂ ਕਰਨ ਦਾ ਹੱਕ ਵੀ ਖੋਹ ਲਿਆ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਹਰਭਗਵਾਨ ਸਿੰਘ ਮੂਣਕ, ਮੇਜਰ ਸਿੰਘ ਕਾਲੇਕੇ, ਗੁਰਪਾਲ ਸਿੰਘ ਨੰਗਲ, ਬਾਜ਼ ਸਿੰਘ ਭੁੱਟੀਵਾਲਾ, ਮਨਦੀਪ ਸਿੰਘ ਸਿਵੀਆਂ ਸਣੇ ਹੋਰਨਾਂ ਆਗੂਆਂ ਨੇ ਕਿਹਾ ਕਿ ਜੰਗਾਂ ਦੌਰਾਨ ਵੀ ਮਾਰੇ ਗਏ ਵਿਰੋਧੀ ਮੁਲਕ ਦੇ ਫ਼ੌਜੀਆਂ ਦੀਆਂ ਲਾਸ਼ਾਂ ਸਬੰਧਤ ਮੁਲਕ ਨੂੰ ਸੌਂਪ ਕੇ ਉਨ੍ਹਾਂ ਦੇ ਵਾਰਸਾਂ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕਰਨ ਦਿੱਤਾ ਜਾਂਦਾ ਹੈ, ਪਰ ਪੰਜਾਬ ਦੀ ‘ਆਪ’ ਸਰਕਾਰ ਤੇ ਅਫ਼ਸਰਸ਼ਾਹੀ ਦੀ ਮਜ਼ਦੂਰ ਵਰਗ ਪ੍ਰਤੀ ਨਫ਼ਰਤ ਕਾਰਨ ਕਨੋਈ ਦੇ ਦਲਿਤ ਪਰਿਵਾਰ ਨੂੰ ਇਸ ਹੱਕ ਤੋਂ ਵੀ ਵਾਂਝਾ ਕਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਨੌਜਵਾਨ ਮਜ਼ਦੂਰ ਦਾ ਜਬਰੀ ਸਸਕਾਰ ਕਰਨ ਵਾਲੇ ਪੁਲੀਸ ਅਧਿਕਾਰੀਆਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਗ੍ਰਿਫ਼ਤਾਰ ਕੀਤੇ ਪੀੜਤ ਪਰਿਵਾਰ ਦੇ ਰਿਸ਼ਤੇਦਾਰਾਂ ਸਮੇਤ ਸਾਰਿਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਇਸ ਤੋਂ ਇਲਾਵਾ ਨੌਜਵਾਨ ਮਜ਼ਦੂਰ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਸਰਪੰਚ ’ਤੇ ਬਣਦੀ ਕਾਨੂੰਨੀ ਕਾਰਵਾਈ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ। ਕਿਸਾਨ ਤੇ ਮਜ਼ਦੂਰ ਆਗੂਆਂ ਨੇ 7 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਦਿੱਤੇ ਜਾ ਰਹੇ ਧਰਨੇ ’ਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਐਲਾਨ ਕੀਤਾ।
← Back to News