‘ਆਪ’ ਅਤੇ ਭਾਜਪਾ ਆਹਮੋ-ਸਾਹਮਣੇ

ਪੰਜਾਬ ਵਿੱਚ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਅਤੇ ਹੁਣ ਸੀ ਬੀ ਆਈ ਦੀ ਛਾਪੇਮਾਰੀ ਕਾਰਨ ਸਿਆਸਤ ਭਖ ਗਈ ਹੈ। ਇਸ ਦੌਰਾਨ ਪੰਜਾਬ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਅਤੇ ਕੇਂਦਰ ’ਚ ਕਾਬਜ਼ ਭਾਜਪਾ ਆਹਮੋ-ਸਾਹਮਣੇ ਦਿਖਾਈ ਦੇ ਰਹੇ ਹਨ। ‘ਆਪ’ ਵੱਲੋਂ ਭਾਜਪਾ ’ਤੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਅਤੇ ਭਾਜਪਾ ਵੱਲੋਂ ਸੱਚ ਸਭ ਦੇ ਸਾਹਮਣੇ ਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਨੂੰ ਲੈ ਕੇ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਇਕ-ਦੂਜੇ ਖ਼ਿਲਾਫ਼ ਮੁਜ਼ਾਹਰੇ ਕੀਤੇ। ਆਮ ਆਦਮੀ ਪਾਰਟੀ ਨੇ ਕੇਂਦਰੀ ਦੀ ਭਾਜਪਾ ਸਰਕਾਰ ’ਤੇ ਕੇਂਦਰੀ ਜਾਂਚ ਏਜੰਸੀਆਂ ਐਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀ ਬੀ ਆਈ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਉਂਦਿਆਂ ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਅਤੇ ਬਰਨਾਲਾ ਵਿਖੇ ਮੁਜ਼ਾਹਰੇ ਕੀਤੇ, ਜਿਸ ਵਿੱਚ ‘ਆਪ’ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਦੇ ਫੁਹਾਰਾ ਚੌਕ ’ਚ, ਅੰਮ੍ਰਿਤਸਰ ਵਿੱਚ ‘ਆਪ’ ਵਿਧਾਇਕਾ ਜੀਵਨ ਜੋਤ ਕੌਰ, ਲੁਧਿਆਣਾ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਅਤੇ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਅਤੇ ਬਰਨਾਲਾ ਵਿੱਚ ਸੰਸਦ ਮੈਂਬਰ ਮੀਤ ਹੇਅਰ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਭਾਜਪਾ ਨੇ ਅੱਜ ਸੂਬੇ ਦੀ ‘ਆਪ’ ਸਰਕਾਰ ਖ਼ਿਲਾਫ਼ ਸਾਰੇ ਜ਼ਿਲ੍ਹਿਆਂ ਵਿੱਚ ਰੋਸ ਮੁਜ਼ਾਹਰੇ ਕੀਤੇ। ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁਹਾਲੀ ਵਿੱਚ ਕੀਤੇ ਪ੍ਰਦਰਸ਼ਨ ਵਿੱਚ ਸ਼ਿਰਕਤ ਕੀਤੀ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤੇ ਗਏ। ਭਾਜਪਾ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਕਿਹਾ ਕਿ ‘ਆਪ’ ਸਰਕਾਰ ਦਾ ਭ੍ਰਿਸ਼ਟਾਚਾਰ ਦਾ ਘੜਾ ਭਰ ਚੁੱਕਿਆ ਹੈ। ਜਿਸ ਦੀ ਸਬੂਤ ਹਾਈਕੋਰਟ ਨੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਦੀ ਜਾਂਚ ਸੀ ਬੀ ਆਈ ਨੂੰ ਸੌਂਪ ਕੇ ਕਰ ਦਿੱਤਾ ਹੈ।
← Back to News