ਕਿਸਾਨ, ਸਿਆਸੀ ਤੇ ਸਮਾਜਿਕ ਜਥੇਬੰਦੀਆਂ ਬੰਦ ਦੇ ਹੱਕ ’ਚ ਨਿੱਤਰੀਆਂ

ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸੂਬੇ ਦੇ ਜ਼ਿਆਦਾਤਰ ਖੇਤਰਾਂ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਦੀਆਂ ਸਾਰੀਆਂ ਰਾਜਸੀ ਧਿਰਾਂ, ਕਿਸਾਨ, ਸਮਾਜਿਕ ਅਤੇ ਵਿਦਿਆਰਥੀ ਜਥੇਬੰਦੀਆਂ ਪੰਜਾਬ ਬੰਦ ਦੀ ਹਮਾਇਤ ਵਿੱਚ ਨਿੱਤਰ ਆਈਆਂ। ਪੰਜਾਬ ਬੰਦ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ ਕੀਤੇ। ਵੱਖ-ਵੱਖ ਥਾਵਾਂ ’ਤੇ ਜੁੜੇ ਇਕੱਠਾਂ ’ਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਜੋਰਾ ਸਿੰਘ ਨਸਰਾਲੀ, ਹਰਭਜਨ ਸਿੰਘ ਬੁੱਟਰ, ਕੁਲਵੰਤ ਸਿੰਘ ਸੇਲਵਰਾ, ਸ਼ਿੰਗਾਰਾ ਸਿੰਘ ਮਾਨ ਤੇ ਲਛਮਣ ਸਿੰਘ ਸੇਵੇਵਾਲਾ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਛੇੜਨ ਦੀ ਥਾਂ ਨਸ਼ਿਆਂ ਖ਼ਿਲਾਫ਼ ਅਵਾਜ਼ ਉਠਾਉਣ ਵਾਲੇ ਲੋਕਾਂ ਵਿਰੁੱਧ ਹੀ ਯੁੱਧ ਛੇੜਿਆ ਹੋਇਆ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਅਤੇ ਉਨ੍ਹਾਂ ਨੂੰ ਸਿਆਸੀ ਸ਼ਹਿ ਦੇਣ ਵਾਲੇ ਸਿਆਸਤਦਾਨਾਂ ਤੇ ਅਫ਼ਸਰਸ਼ਾਹੀ ਦੇ ਗੱਠਜੋੜ ਨੂੰ ਸਾਹਮਣੇ ਲਿਆ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਸਿੰਥੈਟਿਕ ਨਸ਼ਿਆਂ ਦੀਆਂ ਫੈਕਟਰੀਆਂ ਤੁਰੰਤ ਜ਼ਬਤ ਕੀਤੀਆਂ ਜਾਣ, ਨਸ਼ਿਆਂ ਤੋਂ ਪੀੜਤ ਨੌਜਵਾਨਾਂ ਦਾ ਢੁਕਵਾਂ ਇਲਾਜ, ਖ਼ੁਰਾਕ ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ, ਨਸ਼ਾ ਸਮੱਗਲਰਾਂ, ਸਿਆਸਤਦਾਨਾਂ , ਅਫ਼ਸਰਸ਼ਾਹੀ ਤੇ ਗੈਗਸਟਰਾਂ ਦਾ ਗੱਠਜੋੜ ਤੋੜਿਆ ਜਾਵੇ ਤੇ ਇਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਸ਼ਰਾਬ ਦੀ ਵਿਕਰੀ ਰਾਹੀਂ ਖਜ਼ਾਨਾ ਭਰਨ ਦੀ ਨੀਤੀ ਰੱਦ ਕੀਤੀ ਜਾਵੇ। ਕਿਸਾਨ ਆਗੂਆਂ ਨੇ ਅੱਜ ਪੁਲੀਸ ਵੱਲੋਂ ਕਈ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਪਸਾਰ ਅਤੇ ਸੱਥਰ ਵਿਛਾਉਣ ਲਈ ‘ਆਪ’ ਸਰਕਾਰ ਸਮੇਤ ਅਕਾਲੀ ਦਲ ਬਾਦਲ, ਕਾਂਗਰਸ ਤੇ ਭਾਜਪਾ ਵਰਗੀਆਂ ਸਾਰੀਆਂ ਹੀ ਹੁਕਮਰਾਨ ਪਾਰਟੀਆਂ ਜ਼ਿੰਮੇਵਾਰ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਸਿਆਸਤਦਾਨਾਂ ਤੇ ਪੁਲੀਸ ਦਰਮਿਆਨ ਗੰਢ-ਤੁੱਪ ਦੇ ਖਿਲਾਫ ਕਾਰਵਾਈ ਕਰ ਕੇ ਨਸ਼ਾ ਮਾਫੀਆ ਖਤਮ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ ਜੀ ਪੀ ਗੌਰਵ ਯਾਦਵ ਨੂੰ ਨਸ਼ਾ ਤਸਕਰੀ ਨੂੰ ਨਕੇਲ ਪਾਉਣ ਵਿਚ ਨਾਕਾਮ ਰਹਿਣ ’ਤੇ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ’ਤੇ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਦੇ ਦੋਸ਼ ਲੱਗੇ ਹਨ।
← Back to News