World News
Published: 20 Oct 2026
ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਸਾਹਮਣੇ ਬੀਕੇਯੂ ਉਗਰਾਹਾਂ ਤੇ ਜਥੇਬੰਦੀਆਂ ਦਾ ਰੋਸ ਧਰਨਾ
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ 10 ਹੋਰ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਤੋਂ ਪਹਿਲਾਂ ਪਿੰਡ ਅਲੀਸ਼ੇਰ ਵਿਖੇ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਮਨਰੇਗਾ ਮਜ਼ਦੂਰਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਦਿੱਤੇ ਧਰਨੇ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਲਖਵੀਰ ਸਿੰਘ ਲੌਂਗੋਵਾਲ, ਦਵਿੰਦਰ ਸਿੰਘ ਭੱਟੀ ਅਤੇ ਚੰਦ ਸਿੰਘ ਰਾਮਪੁਰਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਪੁਲੀਸ ਦਾ ਰਾਜ ਚੱਲ ਰਿਹਾ ਹੈ ਅਤੇ ਸਰਕਾਰ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਵੱਲ ਧਿਆਨ ਨਹੀਂ ਦੇ ਰਹੀ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਹ ਪਰਵਿੰਦਰ ਸਿੰਘ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ ਨਾਲ ਖੜ੍ਹੇ ਹਨ। ਉਨ੍ਹਾਂ ਮੁੱਖ ਮੰਗਾਂ ਰੱਖਦਿਆਂ ਕਿਹਾ ਕਿ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਨਸ਼ਾ ਤਸਕਰਾਂ ਦੇ ਰਾਜਸੀ ਤੇ ਪ੍ਰਸ਼ਾਸਨਿਕ ਸਰਪ੍ਰਸਤਾਂ ’ਤੇ ਕਾਰਵਾਈ ਹੋਵੇ, ਪੀੜਤ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਤੇ ਵਿਧਵਾ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਤੇ ਯੋਗ ਮੁਆਵਜ਼ਾ ਅਤੇ ਚਿੱਟੇ ਨਾਲ ਮਰੇ ਨੌਜਵਾਨਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਿੱਤੇ ਜਾਣ। ਉਨ੍ਹਾਂ ਸੰਘਰਸ਼ ਨੂੰ ਧਰਮ-ਨਿਰਪੱਖ ਆਧਾਰ ’ਤੇ ਹੋਰ ਵਿਸ਼ਾਲ ਕਰਨ ਦਾ ਸੁਝਾਅ ਦਿੱਤਾ। ਧਰਨੇ ਵਿੱਚ ਵੱਡੀ ਗਿਣਤੀ ਕਿਸਾਨ, ਮਜ਼ਦੂਰ ਅਤੇ ਮਹਿਲਾ ਆਗੂ ਸ਼ਾਮਲ ਸਨ।
← Back to News