ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਮੁਜ਼ਾਹਰੇ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ ਵੱਖ-ਵੱਖ ਸਰਕਾਰੀ ਦਫਤਰਾਂ ਵਿੱਚ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਮੁਜ਼ਾਹਰੇ ਕੀਤੇ ਗਏ। ਇਸ ਦੌਰਾਨ ਮੁਲਾਜ਼ਮਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਹ ਦਾ ਪ੍ਰਗਟਾਵਾ ਕੀਤਾ। ਸਰਕਾਰ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਵੱਲੋਂ ਮੀਟਿੰਗ ਸੱਦੀ ਗਈ ਪਰ ਮੀਟਿੰਗ ਵੀ ਬੇਸਿੱਟਾ ਰਹੀ। ਕਿਸੇ ਵੀ ਮੰਗ ਪ੍ਰਤੀ ਕੋਈ ਠੋਸ ਜਵਾਬ ਨਹੀਂ ਮਿਲਿਆ ਜਿਸ ਕਾਰਨ ਮੁਲਾਜ਼ਮ ਆਗੂ ਮੀਟਿੰਗ ਵਿੱਚੋਂ ਵਾਕਆਊਟ ਕਰ ਗਏ। ਜਾਣਕਾਰੀ ਅਨੁਸਾਰ ਪੰਜਾਬ ਸਿਵਲ ਸਕੱਤਰੇਤ ਵਿੱਚ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਵੀ ਸਕੱਤਰੇਤ-1 ’ਚ ਰੋਸ ਰੈਲੀ ਕੀਤੀ ਗਈ ਜਿਸ ਵਿੱਚ ਮੇਨ ਸਕੱਤਰੇਤ ਅਤੇ ਮਿਨੀ ਸਕੱਤਰੇਤ ਤੋਂ ਵੱਡੀ ਗਿਣਤੀ ਮੁਲਾਜ਼ਮਾਂ ਨੇ ਆਪਣੇ ਕੰਮਕਾਜ ਤੋਂ ਸਮੂਹਿਕ ਤੌਰ ’ਤੇ ਛੁੱਟੀ ਲੈ ਕੇ ਸ਼ਮੂਲੀਅਤ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਵਿੱਚ ਸੁਖਚੈਨ ਸਿੰਘ ਖਹਿਰਾ, ਸੁਸ਼ੀਲ ਕੁਮਾਰ ਫ਼ੌਜੀ, ਮਲਕੀਤ ਸਿੰਘ ਔਜਲਾ, ਮਨਜੀਤ ਸਿੰਘ ਰੰਧਾਵਾ, ਸਾਹਿਲ ਸ਼ਰਮਾ, ਮਿਥੁਨ ਚਾਵਲਾ, ਕੁਲਵੰਤ ਸਿੰਘ, ਅਲਕਾ ਚੋਪੜਾ, ਸਿਕੰਦਰ ਸਿੰਘ, ਬਲਰਾਜ ਸਿੰਘ ਦਾਊਂ, ਸੰਦੀਪ, ਇੰਦਰਪ੍ਰੀਤ ਭੰਗੂ ਨੇ ਕਿਹਾ ਕਿ 18 ਸਤੰਬਰ ਨੂੰ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਹਰ ਮਹੀਨੇ ਮੀਟਿੰਗ ਕੀਤੀ ਜਾਵੇਗੀ ਪਰ ਉਸ ਦੇ ਬਾਵਜੂਦ ਅਗਲੀ ਮੀਟਿੰਗ ਬੁਲਾਉਣ ਸਬੰਧੀ ਕੋਈ ਚਿੱਠੀ ਜਾਰੀ ਨਹੀਂ ਕੀਤੀ ਗਈ। ਪੀ ਐੱਸ ਐੱਮ ਐੱਸ ਯੂ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਕਿਹਾ ਕਿ ਸਰਕਾਰ ਵੱਲੋਂ ਸਮੇਂ ਸਿਰ ਗੱਲਬਾਤ ਨਾ ਕਰਨ ਅਤੇ ਮੰਗਾਂ ਮੰਨਣ ਲਈ ਕਦਮ ਨਾ ਚੁੱਕਣ ਕਾਰਨ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਅੱਜ ਵਾਲੇ ਸੰਘਰਸ਼ਾਂ ਦੇ ਦਬਾਅ ਸਦਕਾ ਹੀ 18 ਸਤੰਬਰ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੀ ਪ੍ਰੋਸੀਡਿੰਗ ਅੱਜ ਜਾਰੀ ਕੀਤੀ ਗਈ ਅਤੇ ਅੱਜ ਹੀ ਸ਼ਾਮ 4 ਵਜੇ ਮੁੱਖ ਸਕੱਤਰ ਵੱਲੋਂ ਮੁਲਾਜ਼ਮ ਆਗੂਆਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਪਰ ਬੇਸਿੱਟਾ ਰਹੀ।

← Back to News