ਗੜਗੱਜ ਵੱਲੋਂ ਨਾਰਵੇ ’ਚ ਬੱਚਿਆਂ ਦੀ ਸਿੱਖੀ ਪਛਾਣ ਕਾਇਮ ਰੱਖਣ ਦੀ ਅਪੀਲ

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਰਵੇ ਦੀ ਸਿੱਖ ਸੰਗਤ ਨੂੰ ਆਪਣੀ ਅਤੇ ਬੱਚਿਆਂ ਦੀ ਸਿੱਖੀ ਪਛਾਣ ਨੂੰ ਕਾਇਮ ਰੱਖਣ ਦੀ ਪ੍ਰੇਰਨਾ ਕੀਤੀ ਹੈ। ਉਹ ਨਾਰਵੇ ਦੇ ਦੌਰੇ ’ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਓਸਲੋ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦੀ ਨਾਰਵੇ ਫੇਰੀ ਦੌਰਾਨ ਸਾਹਮਣੇ ਆਇਆ ਹੈ ਕਿ ਕੁਝ ਸਿੱਖ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੇ ਕੇਸ ਸਾਬਤ ਰੱਖਣ ਵਿੱਚ ਸਕੂਲਾਂ ਅੰਦਰ ਦੂਜੇ ਭਾਈਚਾਰਿਆਂ ਦੇ ਬੱਚਿਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੇ ਕਾਰਨ ਮੁਸ਼ਕਲਾਂ ਆ ਰਹੀਆਂ ਹਨ। ਜੇ ਸਿੱਖ ਮਾਪਿਆਂ ਨੂੰ ਅਜਿਹੀ ਮੁਸ਼ਕਲ ਆ ਰਹੀ ਹੈ ਤਾਂ ਇਸ ਲਈ ਸਥਾਨਕ ਗੁਰਦੁਆਰਾ ਪ੍ਰਬੰਧਕ, ਸਿੱਖ ਆਗੂ ਅਤੇ ਸੰਗਤ ਇਕਜੁੱਟਤਾ ਨਾਲ ਨਾਰਵੇ ਸਰਕਾਰ ਦੇ ਸਿੱਖਿਆ ਵਿਭਾਗ ਅਤੇ ਸਬੰਧਤ ਸਕੂਲਾਂ ਦੇ ਪ੍ਰਸ਼ਾਸਨ ਨਾਲ ਗੱਲਬਾਤ ਰਾਹੀਂ ਇਸ ਮਸਲੇ ਦੇ ਹੱਲ ਲਈ ਉਪਰਾਲੇ ਕਰੇ। ਉਨ੍ਹਾਂ ਕਿਹਾ ਕਿ ਸਿੱਖ ਬੱਚਿਆਂ ਦੇ ਅਨੰਦ ਕਾਰਜ ਅਤੇ ਰਿਸ਼ਤੇ ਸਿੱਖ ਪਰਿਵਾਰਾਂ ਵਿੱਚ ਹੀ ਹੋਣੇ ਚਾਹੀਦੇ ਹਨ। ਵਿਦੇਸ਼ਾਂ ਅੰਦਰ ਹਰ ਐਤਵਾਰ ਗੁਰਦੁਆਰਾ ਸਾਹਿਬ ਵਿੱਚ ਆਪਣੇ ਬੱਚਿਆਂ ਸਮੇਤ ਜ਼ਰੂਰ ਹਾਜ਼ਰੀ ਲਗਵਾਉਣ। ਅੰਮ੍ਰਿਤਸਰ ਦਾ 450 ਸਾਲਾ ਸਥਾਪਨਾ ਦਿਹਾੜਾ ਆ ਰਿਹਾ ਹੈ, ਇਸ ਲਈ ਉਨ੍ਹਾਂ ਨਾਰਵੇ ਦੀ ਸਮੂਹ ਸਿੱਖ ਸੰਗਤ ਨੂੰ ਸੱਦਾ ਦਿੱਤਾ ਕਿ ਉਹ ਇਸ ਮੌਕੇ ਅੰਮ੍ਰਿਤਸਰ ਆ ਕੇ ਜ਼ਰੂਰ ਨਤਮਸਤਕ ਹੋਣ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।
← Back to News