World News
Published: 28 Oct 2026
ਵਿਧਾਨ ਸਭਾ ਅੱਗੇ ਕਾਂਗਰਸੀ ਵਿਧਾਇਕਾਂ ਨੇ ਝਾੜੂ ਫੂਕੇ
ਕਾਂਗਰਸੀ ਵਿਧਾਇਕਾਂ ਨੇ ਅੱਜ ਸਵੇਰੇ ਪੰਜਾਬ ਵਿਧਾਨ ਸਭਾ ਦੇ ਬਾਹਰ ਝਾੜੂ ਫੂਕ ਕੇ ਮੁਜ਼ਾਹਰਾ ਕੀਤਾ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਵਧ ਰਹੇ ਨਸ਼ਿਆਂ ਲਈ ‘ਆਪ’ ਸਰਕਾਰ ਜ਼ਿੰਮੇਵਾਰ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦਾ ਪਰਿਵਾਰ ਇਨਸਾਫ਼ ਲਈ ਸੰਘਰਸ਼ ਕਰ ਰਿਹਾ ਹੈ ਪਰ ਸੂਬਾ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਵੀ ਨਹੀਂ ਦੇ ਰਹੀ। ਸਰਕਾਰ ਨੂੰ ਸੂਬੇ ਦੀ ਵਿਗੜ ਰਹੀ ਕਾਨੂੰਨ-ਸਥਿਤੀ ਬਾਰੇ ਜਵਾਬ ਦੇਣਾ ਚਾਹੀਦਾ ਹੈ ਅਤੇ ਪੀੜਤ ਪਰਿਵਾਰ ਲਈ ਇਨਸਾਫ਼ ਯਕੀਨੀ ਬਣਾਉਣਾ ਚਾਹੀਦਾ ਹੈ। ਜੇ ‘ਆਪ’ ਸਰਕਾਰ ਸੁਰਖੀਆਂ ਬਟੋਰਨ ਦੀ ਬਜਾਏ ਨਤੀਜੇ ਦੇਣ ਵਿੱਚ ਵਿਸ਼ਵਾਸ ਰੱਖਦੀ ਤਾਂ ਜਿਨ੍ਹਾਂ ਮੁੱਦਿਆਂ ’ਤੇ ਉਹ ਵਾਰ-ਵਾਰ ਮਤੇ ਲਿਆਉਂਦੀ ਰਹੀ ਹੈ, ਉਨ੍ਹਾਂ ’ਤੇ ਬਿੱਲ ਪੇਸ਼ ਕਰਦੀ ਹੈ। ਮਤੇ ਰਾਹੀਂ ਸਿਆਸੀ ਸੰਦੇਸ਼ ਤਾਂ ਦਿੱਤਾ ਜਾ ਸਕਦਾ ਹੈ ਪਰ ਠੋਸ ਅਮਲ ਨਾਲ ਕਾਨੂੰਨ ਬਣਾਉਣਾ ਹੀ ਸਥਾਈ ਤਬਦੀਲੀ ਹੈ। ਪੰਜ ਸਾਲਾਂ ਤੋਂ ਇਹ ਸਰਕਾਰ ਦਿਖਾਵੇ, ਐਲਾਨਾਂ ਅਤੇ ਪ੍ਰਚਾਰ ਵਿੱਚ ਲੱਗੀ ਹੋਈ ਹੈ। ਬਾਜਵਾ ਨੇ ਮੁਲਾਜ਼ਮਾਂ, ਨੌਜਵਾਨਾਂ ਅਤੇ ਪਰਿਵਾਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਕਈ ਅਹਿਮ ਮੁੱਦਿਆਂ ਦਾ ਹੱਲ ਨਾ ਹੋਣ ’ਤੇ ਵੀ ਸਰਕਾਰ ਤੋਂ ਜਵਾਬ ਮੰਗਿਆ। ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ। ਅਗਨੀਵੀਰ ਯੋਜਨਾ ਤੋਂ ਪ੍ਰਭਾਵਿਤ ਨੌਜਵਾਨਾਂ ਲਈ ਸਰਕਾਰ ਨੇ ਕੁਝ ਨਹੀਂ ਕੀਤਾ। ਮੁਲਾਜ਼ਮ ਡੀ ਏ ਲਈ ਸੰਘਰਸ਼ ਕਰ ਰਹੇ ਹਨ। ‘ਆਪ’ ਸਰਕਾਰ ਨੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ, ਦੋਵਾਂ ਥਾਵਾਂ ’ਤੇ ਵਿਰੋਧੀ ਧਿਰ ਦੀ ਭੂਮਿਕਾ ਨੂੰ ਯੋਜਨਾਬੱਧ ਢੰਗ ਨਾਲ ਕਮਜ਼ੋਰ ਕੀਤਾ ਹੈ। ਕਾਂਗਰਸ ਮੁਲਾਜ਼ਮਾਂ, ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਚੁੱਕਦੀ ਰਹੇਗੀ।
← Back to News