World News
Published: 03 Nov 2026
ਮੈਂ ਕਿਹੜਾ ਪੰਡਿਤ ਹਾਂ: ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਠਜੋੜ ਕਰਨ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਹ ਕੋਈ ਪੰਡਿਤ ਨਹੀਂ ਹਨ ਜੋ ਅੱਜ ਹੀ ਇਸ ਦਾ ਐਲਾਨ ਕਰ ਦੇਣਗੇ। ਇਸ ਸਬੰਧੀ ਸਥਿਤੀ ਛੇਤੀ ਹੀ ਸਪਸ਼ਟ ਹੋ ਜਾਵੇਗੀ। ਸੁਖਬੀਰ ਸਿੰਘ ਬਾਦਲ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਛੱਡ ਕੇ ਪਾਰਟੀ ਦੀ ਵਿਚਾਰਧਾਰਾ ਨਾਲ ਸਹਿਮਤ ਹੋਣ ਵਾਲੀਆਂ ਸਿਆਸੀ ਪਾਰਟੀਆਂ ਨਾਲ ਗਠਜੋੜ ਦੇ ਰਾਹ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਤੋਂ ਵਿਧਾਇਕ ਅਤੇ ਆਮ ਲੋਕ ਬਹੁਤ ਦੁਖੀ ਹਨ। ਇੱਕ-ਇੱਕ ਕਰ ਕੇ ਸਭ ਆਮ ਆਦਮੀ ਪਾਰਟੀ ਤੋਂ ਪਾਸਾ ਵੱਟ ਰਹੇ ਹਨ। ਹਾਲੇ ਤਾਂ ਤਿੰਨ ਵਿਧਾਇਕ ਗਏ ਹਨ, ਆਉਣ ਵਾਲੇ ਸਮੇਂ ਵਿੱਚ ਹੋਰ ਕਈ ਵਿਧਾਇਕ ਅਤੇ ਸੀਨੀਅਰ ਆਗੂ ਵੀ ‘ਆਪ’ ਨੂੰ ਅਲਵਿਦਾ ਕਹਿ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਧੂਰੀ ਤੋਂ ਵਿਧਾਨ ਸਭਾ ਚੋਣ ਲਾਜ਼ਮੀ ਤੌਰ ’ਤੇ ਹਾਰਨਗੇ ਕਿਉਂਕਿ ਲੋਕਾਂ ਦੇ ਮਨਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਨਫ਼ਰਤ ਲਗਾਤਾਰ ਵਧ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕ ਆਗਾਮੀ ਚੋਣਾਂ ਵਿੱਚ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣਗੇ। ਸ੍ਰੀ ਬਾਦਲ ਨੇ ਕਿਹਾ ਕਿ ‘ਆਪ’ ਨੇ ਇਮਾਨਦਾਰੀ ਦੀਆਂ ਗੱਲਾਂ ਕਰ ਕੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਵੱਡੇ ਪੱਧਰ ’ਤੇ ਲੁੱਟ ਕੀਤੀ ਹੈ। ਪਾਰਟੀ ਦੀ ਸਰਕਾਰ ਬਣਨ ’ਤੇ ਲੁੱਟ ਦੀ ਜਾਂਚ ਕਰਵਾਈ ਜਾਵੇਗੀ ਅਤੇ ਇਸ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਲਈ ਕੁਝ ਵੀ ਨਹੀਂ ਕੀਤਾ। ਅਕਾਲੀ ਦਲ ਨੇ ਖੇਤੀ ਲਈ ਟਿਊਬਵੈੱਲ ਕੁਨੈਕਸ਼ਨ, ਮੁਫ਼ਤ ਬਿਜਲੀ ਅਤੇ ਹੋਰ ਕਈ ਕੰਮ ਕਿਸਾਨੀ ਲਈ ਕੀਤੇ ਹਨ। ਇਸੇ ਤਰ੍ਹਾਂ ਪੰਜਾਬ ਵਿੱਚ ਸਰਕਾਰ ਬਣਨ ’ਤੇ ਹੋਰ ਕੰਮ ਵੀ ਕੀਤੇ ਜਾਣਗੇ।
← Back to News