World News
Published: 16 Nov 2026
ਪਰਵਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ
ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ’ਤੇ ਕਤਲ ਕੀਤੇ ਪਰਵਿੰਦਰ ਸਿੰਘ ਝੋਟਾ ਨਮਿਤ ਅੰਤਿਮ ਅਰਦਾਸ ਸਮਾਗਮ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿੱਚ ਕਰਵਾਇਆ ਗਿਆ। ਅਕਾਲ ਤਖ਼ਤ ਵੱਲੋਂ ਕੌਮੀ ਸ਼ਹੀਦ ਐਲਾਨੇ ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੰਜਾਬ ਸਣੇ ਹੋਰਨਾਂ ਸੂਬਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪੁੱਜੇ। ਸਮਾਗਮ ਦੌਰਾਨ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਕੰਵਲਜੀਤ ਸਿੰਘ ਦੇ ਜਥੇ ਤੋਂ ਇਲਾਵਾ ਤਖ਼ਤ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਨਿਰਭੈ ਸਿੰਘ ਅਤੇ ਬਿੰਦਰ ਸਿੰਘ ਦੇ ਜਥਿਆਂ ਨੇ ਕੀਰਤਨ ਕੀਤਾ। ਇਸ ਉਪਰੰਤ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਾ ਤਸਕਰੀ ਜੜ੍ਹੋਂ ਖ਼ਤਮ ਕਰਨ ਲਈ ਸਰਕਾਰਾਂ ਅਤੇ ਹਾਕਮਾਂ ਨੂੰ ਸੁਮੱਤ ਬਖ਼ਸ਼ਣ ਦੀ ਅਰਦਾਸ ਕੀਤੀ। ਇਸ ਉਪਰੰਤ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਹੁਕਮਨਾਮਾ ਲਿਆ। ਇਸ ਮੌਕੇ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਨੇ ਸੰਗਤ, ਜਥੇਬੰਦੀਆਂ ਅਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਲੜਾਈ ਦੌਰਾਨ ਮਾਨਸਾ ਵਿੱਚ ਲੱਗੇ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ, ਐਂਟੀ ਡਰੱਗ ਫੋਰਸ ਅਤੇ ਸੰਘਰਸ਼ ਕਮੇਟੀ ਦਾ ਸਹਿਯੋਗ ਪਰਿਵਾਰ ਲਈ ਵੱਡਾ ਹੌਸਲਾ ਬਣਿਆ। ਉਨ੍ਹਾਂ ਪਰਵਿੰਦਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਕੌਮੀ ਸ਼ਹੀਦ ਐਲਾਨਣ ਲਈ ਜਥੇਦਾਰ ਗੜਗੱਜ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਅੰਤਿਮ ਅਰਦਾਸ ਸਮਾਗਮ ਅਤੇ ਸੰਘਰਸ਼ ਦੌਰਾਨ ਸਹਿਯੋਗ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦਾ ਵੀ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ਮੌਕੇ ਜਥੇਦਾਰ ਗੜਗੱਜ ਅਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਵੱਲੋਂ ਪਰਵਿੰਦਰ ਸਿੰਘ ਦੇ ਪਰਿਵਾਰ ਦਾ ਸਨਮਾਨ ਕੀਤਾ ਗਿਆ। ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਪਰਿਵਾਰ ਨੂੰ ਦਸਤਾਰਾਂ ਭੇਟ ਕਰ ਕੇ ਸਤਿਕਾਰ ਪ੍ਰਗਟਾਇਆ। ਅੰਤਿਮ ਅਰਦਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ, ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ, ‘ਆਪ’ ਵੱਲੋਂ ਵਿਧਾਇਕਾ ਬਲਜਿੰਦਰ ਕੌਰ, ਮਨਪ੍ਰੀਤ ਸਿੰਘ ਇਆਲੀ, ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪਰਮਿੰਦਰ ਸਿੰਘ ਢੀਂਡਸਾ ਅਤੇ ਭਾਜਪਾ ਦੇ ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ ਆਦਿ ਮੌਜੂਦ ਰਹੇ। ਇਸ ਤੋਂ ਇਲਾਵਾ ਸਾਬਕਾ ਵਿਧਾਇਕ ਹਰਦੇਵ ਅਰਸ਼ੀ, ਨਾਜ਼ਰ ਸਿੰਘ ਮਾਨਸ਼ਾਹੀਆ, ਮਨਜੀਤ ਸਿੰਘ ਧਨੇਰ, ਸਣੇ ਕਿਸਾਨ, ਮਜ਼ਦੂਰ, ਸਾਬਕਾ ਫ਼ੌਜੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ।
← Back to News