ਪਾਕਿ ’ਚ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਵੀਜ਼ਾ ਪ੍ਰਕਿਰਿਆ ਜਾਰੀ, 1900 ਸ਼ਰਧਾਲੂਆਂ ਨੇ ਜਮ੍ਹਾਂ ਕਰਵਾਏ ਪਾਸਪੋਰਟ
ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵੱਲੋਂ ਭਾਰਤ ਸਰਕਾਰ ਪਾਸੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਵੀਜ਼ੇ ਸਬੰਧੀ ਰਹਿੰਦੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਤੇ ਜਥੇ ਦੇ ਡਿਪਟੀ ਪਾਰਟੀ ਲੀਡਰ ਗੁਰਮੀਤ ਸਿੰਘ ਬੂਹ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟ ਦੀ ਪਹਿਲਾਂ ਹੀ ਮੰਗ ਕੀਤੀ ਗਈ ਸੀ ਅਤੇ ਤਕਰੀਬਨ 1900 ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਜਮ੍ਹਾਂ ਕਰਵਾਏ ਸਨ, ਜਿਸ ਦੀ ਸੂਚੀ ਸੂਬਾ ਤੇ ਕੇਂਦਰ ਸਰਕਾਰ ਨੂੰ ਭੇਜੀ ਜਾ ਚੱਕੀ ਹੈ। ਭਾਰਤ ਸਰਕਾਰ ਵੱਲੋਂ ਪਹਿਲਾਂ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ ਸੀ ਪਰ 2 ਅਕਤੂਬਰ ਨੂੰ ਭਾਰਤ ਸਰਕਾਰ ਨੇ ਜਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇ ਦਿੱਤੀ ਹੈ ਜਿਸ ਤੋਂ ਬਾਅਦ ਰਹਿੰਦੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ। ਕਾਗਜ਼ੀ ਕਾਰਵਾਈ ਮੁਕੰਮਲ ਕਰਨ ਲਈ ਵੱਖ-ਵੱਖ ਕੈਂਪ ਲਗਾ ਕੇ ਸ਼ਰਧਾਲੂਆਂ ਪਾਸੋਂ ਫਾਰਮ ਮੁਕੰਮਲ ਕਰਵਾਏ ਜਾ ਰਹੇ ਹਨ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕੀਤੀ ਜਾ ਸਕੇ। ਇਸ ਮੌਕੇ ਯਾਤਰਾ ਵਿਭਾਗ ਦੇ ਇੰਚਾਰਜ ਪਲਵਿੰਦਰ ਸਿੰਘ, ਸੁਪਰਵਾਇਜਰ ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਜਸਪ੍ਰੀਤ ਸਿੰਘ, ਸੁਖਦੇਵ ਸਿੰਘ, ਸਿਮਰਨਜੀਤ ਸਿੰਘ, ਹਰਜੀਤ ਸਿੰਘ ਆਦਿ ਮੌਜੂਦ ਸਨ। 5 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਨਮ ਅਸਥਾਨ ਨਨਕਾਨਾ ਸਾਹਿਬ ਪਾਕਿਸਤਾਨ ਵਿਖੇ ਮਨਾਉਂਣ ਲਈ ਜਥਾ 4 ਨਵੰਬਰ ਨੂੰ ਅਟਾਰੀ ਬਾਡਰ ਰਾਹੀਂ ਸੜਕੀ ਮਾਰਗ ਤੋਂ ਪਾਕਿਸਤਾਨ ਵਾਹਗਾ ਰਸਤਿਓਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਵੇਗਾ ਜੋ 5 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾ ਕੇ 6 ਨਵੰਬਰ ਨੂੰ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕਰ ਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਪਹੁੰਚੇਗਾ ਅਤੇ 7 ਨਵੰਬਰ ਨੂੰ ਉਥੇ ਹੀ ਦਰਸ਼ਨ ਦੀਦਾਰੇ ਕਰੇਗਾ, 8 ਤੇ 9 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ, 10 ਨਵੰਬਰ ਨੂੰ ਗੁਰਦੁਆਰਾ ਸ੍ਰੀ ਰੂੜੀ ਸਾਹਿਬ ਦੇ ਦਰਸ਼ਨ ਕਰ ਕੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿਖੇ ਪਹੁੰਚੇਗਾ ਜੋ 11 ਤੇ 12 ਨਵੰਬਰ ਨੂੰ ਉਥੇ ਹੀ ਦਰਸ਼ਨ ਦੀਦਾਰੇ ਕਰੇਗਾ ਅਤੇ 13 ਨਵੰਬਰ ਨੂੰ ਰਵਾਨਾ ਹੋ ਕੇ ਭਾਰਤ ਵਾਪਸ ਪਰਤੇਗਾ।