ਫ਼ਿਰਕੂ ਹਿੰਸਾ ਭੜਕਾਉਣਾ ਚਾਹੁੰਦੀ ਹੈ ਭਾਜਪਾ: ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੀ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਨਿਖੇਧੀ ਕਰਦਿਆਂ, ਇਸ ਨੂੰ ਪੰਜਾਬ ਵਿੱਚ ਫ਼ਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ ਹੈ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ੁਰੂ ਤੋਂ ਹੀ ਭਾਜਪਾ ਨੇ ਫ਼ਿਰਕਾਪ੍ਰਸਤੀ, ਵੰਡ ਅਤੇ ਨਫ਼ਰਤ ਦੀ ਰਾਜਨੀਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵੀਡੀਓ ਨੂੰ ਐਡਿਟ ਕਰ ਕੇ ਇਸ ਵਿੱਚ ਜਾਣਬੁੱਝ ਕੇ ਗ਼ਲਤ ਸ਼ਬਦਾਵਲੀ ਸ਼ਾਮਲ ਕੀਤੀ ਗਈ ਹੈ, ਜੋ ਕਿ ਸਿੱਖ ਧਰਮ ਦੀ ਬੇਅਦਬੀ ਹੈ। ਉਨ੍ਹਾਂ ਦੱਸਿਆ ਕਿ ਫੋਰੈਂਸਿਕ ਜਾਂਚ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਤਿਸ਼ੀ ਨੇ ਆਪਣੇ ਬਿਆਨ ਵਿੱਚ ਕਿਤੇ ਵੀ ‘ਗੁਰੂ’ ਸ਼ਬਦ ਬੋਲਿਆ ਹੀ ਨਹੀਂ। ਭਾਜਪਾ ਨੇਤਾ ਕਪਿਲ ਮਿਸ਼ਰਾ ਵਿਰੁੱਧ ਪੰਜਾਬ ਪੁਲੀਸ ਦੀ ਕਾਰਵਾਈ ਨੂੰ ਜਾਇਜ਼ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਜਾਅਲੀ ਵੀਡੀਓ ਕਲਿੱਪ ਵਿਧਾਨ ਸਭਾ ਦੇ ਅਧਿਕਾਰਤ ਰਿਕਾਰਡ ਵਿੱਚ ਕਿਤੇ ਵੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ, ਪੰਜਾਬ ਅਤੇ ਇਸ ਦੀ ਸਰਕਾਰ ਵਿਰੁੱਧ ਇੱਕੋ ਪਟੜੀ ’ਤੇ ਚੱਲ ਰਹੇ ਹਨ। ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਦੇ ਮੁੱਦਿਆਂ ’ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ, ਪਰ ਇਹ ਉਹੀ ਆਗੂ ਹਨ ਜਿਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ ਲਈ ਸਹਿਮਤੀ ਦਿੱਤੀ ਸੀ ਅਤੇ ਕਾਲੇ ਖੇਤੀ ਕਾਨੂੰਨਾਂ ਲਈ ਕੇਂਦਰ ਦੀ ਸ਼ਲਾਘਾ ਵੀ ਕੀਤੀ ਸੀ। ਸਾਬਕਾ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਰੰਧਾਵਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਪਿਤਾ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅਪਰੇਸ਼ਨ ਬਲੂ ਸਟਾਰ ਲਈ ਵਧਾਈ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਉਹ 15 ਜਨਵਰੀ ਨੂੰ ਸਾਰੇ ਤੱਥਾਂ ਨਾਲ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਉਨ੍ਹਾਂ ਲਈ ਸਭ ਤੋਂ ਉੱਪਰ ਹੈ ਅਤੇ ਉਹ ਤਖ਼ਤ ਸਾਹਿਬ ਤੋਂ ਆਉਣ ਵਾਲੇ ਕਿਸੇ ਵੀ ਆਦੇਸ਼ ਦੀ ਸੱਚੀ ਭਾਵਨਾ ਨਾਲ ਪਾਲਣਾ ਕਰਨਗੇ। ਲਾਪਤਾ ਹੋਏ ਪਾਵਨ ਸਰੂਪਾਂ ਦੀ ਜਾਂਚ ਲਈ ਸਿੱਟ ਕਾਇਮ ਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਿੱਛੇ ਕੋਈ ਰਾਜਨੀਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਹ ਪਾਪ ਕੀਤਾ ਹੈ, ਉਹ ਹੀ ਜਾਂਚ ਤੋਂ ਡਰਦੇ ਹਨ।