‘ਆਪ’ ਵੱਲੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਨੇੜੇ ਪ੍ਰਦਰਸ਼ਨ

blog single post
ਆਮ ਆਦਮੀ ਪਾਰਟੀ ਵੱਲੋਂ ਅੱਜ ਪਠਾਨਕੋਟ ਦੇ ਵਿਧਾਇਕ ਤੇ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ, ਹਲਕਾ ਪ੍ਰਧਾਨ ਅਮਿਤ ਸਿੰਘ ਮੰਟੂ, ਚੇਅਰਮੈਨ ਵਿਕਾਸ ਸੈਣੀ ਤੇ ਸੌਰਭ ਬਹਿਲ, ਅਦਿੱਤਿਆ ਸ਼ਰਮਾ, ਜ਼ਿਲ੍ਹਾ ਪਰਿਸ਼ਦ ਮੈਂਬਰ ਸਹਿਬ ਸਿੰਘ ਸਾਬਾ, ਮਿੱਠੂ, ਸੁਰਿੰਦਰ ਮਨਹਾਸ ਆਦਿ ਆਗੂ ਹਾਜ਼ਰ ਸਨ। ਪੁਲੀਸ ਨੇ ‘ਆਪ’ ਪਾਰਟੀ ਦੇ ਆਗੂਆਂ ਨੂੰ ਰੋਕਣ ਲਈ ਪਹਿਲਾਂ ਹੀ ਨਾਕਾਬੰਦੀ ਕਰ ਦਿੱਤੀ ਸੀ, ਜਿਸ ਨਾਲ ਉਨ੍ਹਾਂ ਨੂੰ ਅਸ਼ਵਨੀ ਸ਼ਰਮਾ ਦੀ ਰਿਹਾਇਸ਼ ਤੱਕ ਪਹੁੰਚਣ ਤੋਂ ਰੋਕ ਦਿੱਤਾ ਗਿਆ ਜਿਸ ਕਰਕੇ ਉਥੇ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਸ਼ਵਨੀ ਸ਼ਰਮਾ ਵਿਰੁੱਧ ਨਾਅਰੇਬਾਜ਼ੀ ਕਰਕੇ ਆਪਣਾ ਗੁੱਸਾ ਕੱਢਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਅਤੇ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਭਾਜਪਾ ਦਾ ਪਾਰਟੀ ਵਿਰੁੱਧ ਕੋਈ ਮੁੱਦਾ ਨਹੀਂ ਹੈ ਅਤੇ ਉਹ ਜਨਤਾ ਨੂੰ ਗੁੰਮਰਾਹ ਕਰਨ ਲਈ ਸਿਰਫ਼ ਮਨਘੜਤ ਕਹਾਣੀਆਂ ਘੜ ਰਹੀ ਹੈ। ਭਾਜਪਾ ਅਤੇ ਕਾਂਗਰਸ ਝੂਠੇ ਵੀਡੀਓਜ਼ ਨੂੰ ਐਡਿਟ ਕਰਨ ਅਤੇ ਸੋਸ਼ਲ ਮੀਡੀਆ ’ਤੇ ‘ਆਪ’ ਦੀ ਦਿੱਲੀ ਦੀ ਮੁੱਖ ਮੰਤਰੀ ਅਤੇ ਆਗੂਆਂ ਵਿਰੁੱਧ ਝੂਠੇ ਸੁਨੇਹੇ ਫੈਲਾਉਣ ਲਈ ਏਆਈ ਦੀ ਵਰਤੋਂ ਕਰ ਰਹੇ ਹਨ। ਇਸ ਦੀ ਪੂਰੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਵੀਡੀਓਜ਼ ਵਾਇਰਲ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਭਾਜਪਾ ਸਰਕਾਰ ਗਲਤ ਰਾਜਨੀਤੀ ਦਾ ਸਹਾਰਾ ਲੈ ਰਹੀ ਹੈ ਅਤੇ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਭਾਜਪਾ ਅਜਿਹੀ ਰਾਜਨੀਤੀ ਕਰਨਾ ਬੰਦ ਨਹੀਂ ਕਰਦੀ ਅਤੇ ਮੁਆਫ਼ੀ ਨਹੀਂ ਮੰਗਦੀ, ਉਦੋਂ ਤੱਕ ‘ਆਪ’ ਪਾਰਟੀ ਵਿਰੋਧ ਪ੍ਰਦਰਸ਼ਨ ਕਰਦੀ ਰਹੇਗੀ। ਕਰੀਬ ਦੋ ਘੰਟੇ ਬਾਅਦ ‘ਆਪ’ ਆਗੂਆਂ ਨੇ ਆਪਣਾ ਵਿਰੋਧ ਪ੍ਰਦਰਸ਼ਨ ਸਮਾਪਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਹਾਜ਼ਰ ਸਨ।