ਅਕਾਲੀ ਦਲ ਵੱਲੋਂ ਆਤਿਸ਼ੀ ਖ਼ਿਲਾਫ਼ ਪ੍ਰਦਰਸ਼ਨ
ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਮਿਨੀ ਸਕੱਤਰੇਤ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਉਪਰੰਤ ਆਗੂਆਂ ਨੇ ਡੀ ਸੀ ਰਾਹੀਂ ਸੂਬੇ ਦੇ ਰਾਜਪਾਲ ਨੂੰ ਆਤਿਸ਼ੀ ਖ਼ਿਲਾਫ਼ ਕਾਰਵਾਈ ਲਈ ਮੰਗ ਪੱਤਰ ਭੇਜਿਆ। ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹੇ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਸੀਨੀਅਰ ਉਪ ਪ੍ਰਧਾਨ ਪੰਜਾਬ ਸੰਜੀਵ ਤਲਵਾੜ ਤੇ ਦਿਹਾਤੀ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਕੀਤੀ। ਇਸ ਦੌਰਾਨ ਸ੍ਰੀ ਬਾਜਵਾ, ਸ੍ਰੀ ਤਲਵਾੜ ਤੇ ਸ੍ਰੀ ਲੱਖੀ ਨੇ ਕਿਹਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਅੰਦਰ ਸਿੱਖ ਗੁਰੂ ਸਾਹਿਬਾਨ ਬਾਰੇ ਕੀਤੀਆਂ ਗ਼ਲਤ ਟਿੱਪਣੀਆਂ ਕਾਰਨ ਸਿੱਖ ਪੰਥ ਵਿੱਚ ਰੋਸ ਪਾਇਆ ਜਾ ਰਿਹਾ ਹੈ। ‘ਆਪ’ ਆਗੂਆਂ ਵੱਲੋਂ ਪਿਛਲੇ ਸਮੇਂ ਦੌਰਾਨ ਵੀ ਵਾਰ-ਵਾਰ ਅਜਿਹੀ ਹੀ ਬਿਆਨਬਾਜ਼ੀ ਕਰ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ‘ਆਪ’ ਦੇ ਵਿਧਾਇਕਾਂ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਭਗਵੰਤ ਮਾਨ ਸਰਕਾਰ ਸਿੱਖ ਭਾਵਨਾਵਾਂ ਦੀ ਕਦਰ ਕਰਦੀ ਹੈ ਤਾਂ ਸਾਬਕਾ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਪੰਜਾਬ ਵਿੱਚ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਆਤਿਸ਼ੀ ਖ਼ਿਲਾਫ਼ ਤੁਰੰਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ। ਇਸ ਮੌਕੇ ਸਾਬਕਾ ਸੰਸਦ ਮੈਂਬਰ ਵਰਿੰਦਰ ਬਾਜਵਾ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਅਰਵਿੰਦਰ ਸਿੰਘ ਰਸੂਲਪੁਰ, ਇਕਬਾਲ ਸਿੰਘ ਜੌਹਲ, ਹਰਜਾਪ ਸਿੰਘ ਮੱਖਣ, ਇਕਬਾਲ ਸਿੰਘ ਗੋਪੀ, ਕੁਲਦੀਪ ਸਿੰਘ ਬੱਬੂ, ਐਡਵੋਕੇਟ ਸਮਸ਼ੇਰ ਸਿੰਘ ਭਾਰਦਵਾਜ, ਅਰਮਿੰਦਰ ਸਿੰਘ ਹੁਸੈਨਪੁਰ, ਕਰਨ ਧੁੱਗਾ, ਲੱਕੀ ਠੱਕਰ, ਸੰਤ ਸਿੰਘ ਜੰਡੌਰ, ਜਪਿੰਦਰ ਅਟਵਾਲ, ਅਜਮੇਰ ਸਿੰਘ, ਅਭੀਰਾਜ ਸਿੰਘ, ਭੁਪਿੰਦਰ ਸਿੰਘ ਮਹਿੰਦੀਪੁਰ, ਰਵਿੰਦਰਪਾਲ ਮਿੰਟੂ, ਭੁਪਿੰਦਰਜੀਤ ਸਿੰਘ ਆਦਿ ਵੀ ਹਾਜ਼ਰ ਸਨ। ਤਰਨ ਤਾਰਨ (ਗੁਰਬਖਸ਼ਪੁਰੀ): ਸ਼੍ਰੋਮਣੀ ਅਕਾਲੀ ਦਲ ਨੇ ‘ਆਪ’ ਆਗੂ ਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਗੁਰੂ ਤੇਗ ਬਹਾਦਰ ਸਾਹਿਬ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਖ਼ਿਲਾਫ਼ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਧਰਨਾ ਦਿੱਤਾ| ਧਰਨਾਕਾਰੀਆਂ ਨੇ ਆਤਿਸ਼ੀ ਦਾ ਪੁਤਲਾ ਸਾੜਿਆ| ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਦੇ ਰਾਜਪਾਲ ਅਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ| ਪਾਰਟੀ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ‘ਆਪ’ ਆਗੂ ਆਤਿਸ਼ੀ ਖ਼ਿਲਾਫ਼ ਕੇਸ ਦਰਜ ਕੀਤੇ ਜਾਣ, ਉਸ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਖਾਰਜ ਕਰਨ ਦੀ ਮੰਗ ਕੀਤੀ| ਉਨ੍ਹਾਂ ਸੋਸ਼ਲ ਮੀਡੀਆ ’ਤੇ ਸਿੱਖ ਗੁਰੂਆਂ ਖ਼ਿਲਾਫ਼ ਪਾਈਆਂ ਜਾ ਰਹੀਆਂ ਵੀਡੀਓਜ਼ ਹਟਾਉਣ ਦੀ ਵੀ ਮੰਗ ਕੀਤੀ| ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਇਕਬਾਲ ਸਿੰਘ ਸੰਧੂ, ਦਲਬੀਰ ਸਿੰਘ ਜਹਾਂਗੀਰ, ਕੁਲਦੀਪ ਸਿੰਘ ਔਲਖ, ਪਾਰਟੀ ਦੇ ਆਈ ਟੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ, ਗੁਰਸੇਵਕ ਸਿੰਘ ਸ਼ੇਖ ਨੇ ਵੀ ਸੰਬੋਧਨ ਕੀਤਾ|