ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦਤਰ: ਚੰਨੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੂਬਾ ਸਰਕਾਰ ਉੱਤੇ ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ਦੇ ਦੋਸ਼ ਲਾਉਂਦੇ ਹੋਏ ਸਰਕਾਰ ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਕੀਤੇ ਹਨ। ਇੱਥੇ ਨਜ਼ਦੀਕੀ ਪਿੰਡ ਭਿੰਡਰ ਖੁਰਦ ਵਿੱਚ ਲੰਘੇ ਦਿਨੀਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕਾਂਗਰਸ ਦੇ ਸਰਗਰਮ ਵਰਕਰ ਉਮਰਸੀਰ ਸਿੰਘ ਸ਼ੀਰਾ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਆਏ ਸ਼੍ਰੀ ਚੰਨੀ ਨੇ ਕਿਹਾ ਕਿ ਇਨਕਲਾਬ ਦਾ ਨਾਅਰਾ ਦੇ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਅੱਜ ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਵੋਟ ਰਾਜਨੀਤੀ ਨੂੰ ਛੱਡ ਕੇ ਹੁਣ ਸੱਤਾਧਾਰੀ ਪਾਰਟੀ ਦੇ ਲੋਕ ਕਤਲੇਆਮ ਦੀ ਰਾਜਨੀਤੀ ਵੱਲ ਵਧ ਰਹੇ ਹਨ। ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਪੁਲੀਸ ਇਨ੍ਹਾਂ ਆਗੂਆਂ ਦੀ ਕਠਪੁਤਲੀ ਬਣ ਇਨ੍ਹਾਂ ਲੋਕਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦਾ ਕਤਲ ਸਿਆਸੀ ਰੰਜਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਾਰਟੀ ਵਲੋਂ ਜੇਕਰ ਸੰਘਰਸ਼ ਕਰਨਾ ਪਿਆ ਤਾਂ ਉਹ ਕੀਤਾ ਜਾਵੇਗਾ। ਇਸ ਮੌਕੇ ਤੇ ਹਲਕੇ ਦੇ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੋਹਨ ਸਿੰਘ ਖੇਲਾ ਅਤੇ ਹਲਕੇ ਦੇ ਵੱਡੀ ਗਿਣਤੀ ਵਿੱਚ ਕਾਂਗਰਸ ਆਗੂ ਅਤੇ ਵਰਕਰ ਹਾਜ਼ਰ ਸਨ।